ਇਥੇ ਸਥਾਨਕ ਵਾਰ ਹੀਰੋਜ਼ ਸਟੇਡੀਅਮ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋ ਦੇਸ਼ ਭਰ ਵਿੱਚੋਂ ਆਪਣੀ ਤਰ੍ਹਾਂ ਦੇ ਸਭ ਤੋਂ ਵੱਡੇ ਖੇਡ ਮੁਕਾਬਲਿਆਂ ਵਿੱਚੋਂ ਇੱਕ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਤੀਜੇ ਐਡੀਸ਼ਨ ਦੀ ਸ਼ਾਨਦਾਰ ਸ਼ੁਰੂਆਤ ਕੀਤੀ ਗਈ। 


ਮੁੱਖ ਮੰਤਰੀ ਨੇ ਵੱਖ-ਵੱਖ ਜ਼ਿਲ੍ਹਿਆਂ ਤੋਂ ਭਾਗ ਲੈਣ ਵਾਲੇ ਖੇਡ ਦਲਾਂ ਦੇ ਮਾਰਚ ਪਾਸਟ ਤੋਂ ਸਲਾਮੀ ਲਈ। ਤਕਰੀਬਨ ਦੋ ਮਹੀਨਿਆਂ ਤੋਂ ਵੱਧ ਸਮੇਂ ਤੋਂ ਬੇਸਬਰੀ ਨਾਲ ਉਡੀਕੇ ਜਾ ਰਹੇ ਇਸ ਸ਼ਾਨਦਾਰ ਖੇਡ ਮੇਲੇ ਦੇ ਉਦਘਾਟਨ ਦਾ ਰਸਮੀ ਐਲਾਨ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਹੁਤ ਹੀ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ ਅੱਜ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਦੇ ਜਨਮ ਦਿਵਸ ਦੀ ਯਾਦ ਵਿੱਚ ਮਨਾਏ ਜਾਂਦੇ ਕੌਮੀ ਖੇਡ ਦਿਵਸ ਮੌਕੇ ਇਸ ਵੱਕਾਰੀ ਖੇਡ ਮੁਕਾਬਲੇ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਵਾਰ 37 ਖੇਡਾਂ ਦੇ ਨੌਂ ਉਮਰ ਵਰਗਾਂ ਵਿੱਚ 5 ਲੱਖ ਦੇ ਕਰੀਬ ਖਿਡਾਰੀ ਤਗਮਿਆਂ ਦਾ ਦੌੜ ਵਿੱਚ ਹਿੱਸਾ ਲੈਣਗੇ।



ਮੁੱਖ ਮੰਤਰੀ ਨੇ ਕਿਹਾ ਕਿ ਜੇਤੂਆਂ ਨੂੰ 9 ਕਰੋੜ ਰੁਪਏ ਤੋਂ ਵੱਧ ਦੇ ਨਕਦ ਇਨਾਮ ਵੰਡੇ ਜਾਣਗੇ। ਉਨ੍ਹਾਂ ਦੱਸਿਆ ਕਿ ਪਹਿਲੀ ਵਾਰ ਖੇਡਾਂ ਵਤਨ ਪੰਜਾਬ ਦੀਆਂ ਵਿੱਚ ਪੈਰਾ ਵਰਗ ਵਿੱਚ ਅਥਲੈਟਿਕਸ, ਬੈਡਮਿੰਟਨ ਅਤੇ ਪਾਵਰਲਿਫਟਿੰਗ ਵਰਗੀਆਂ ਖੇਡਾਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਪੈਰਿਸ ਪੈਰਾਲੰਪਿਕਸ ਵਿਖੇ ਇਨ੍ਹਾਂ ਤਿੰਨਾਂ ਖੇਡ ਵੰਨਗੀਆਂ ਵਿੱਚ ਪੰਜਾਬ ਦੇ ਪੈਰਾ ਐਥਲੀਟ ਭਾਗ ਲੈ ਰਹੇ ਹਨ।


ਮੁੱਖ ਮੰਤਰੀ ਨੇ ਕਿਹਾ ਕਿ ਇੰਨੇ ਵੱਡੇ ਪੱਧਰ ‘ਤੇ ਇਸ ਖੇਡ ਮੇਲੇ ਨੂੰ ਕਰਵਾਉਣ ਦਾ ਉਦੇਸ਼ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਦਿਸ਼ਾ ਵੱਲ ਲਾਉਣਾ ਹੈ ਤਾਂ ਜੋ ਉਨ੍ਹਾਂ ਨੂੰ ਨਸ਼ਿਆਂ ਦੀ ਅਲਾਮਤ ਤੋਂ ਦੂਰ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਖੇਡਾਂ ਦੌਰਾਨ ਬਲਾਕ ਪੱਧਰੀ ਮੁਕਾਬਲੇ 1 ਤੋਂ 10 ਸਤੰਬਰ ਤੱਕ, ਜ਼ਿਲ੍ਹਾ ਪੱਧਰੀ ਮੁਕਾਬਲੇ 15-22 ਸਤੰਬਰ ਤੱਕ ਅਤੇ ਸੂਬਾ ਪੱਧਰੀ ਮੁਕਾਬਲੇ 11 ਅਕਤੂਬਰ ਤੋਂ 9 ਨਵੰਬਰ ਤੱਕ ਕਰਵਾਏ ਜਾਣਗੇ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ “ਖੇਡਾਂ ਵਤਨ ਪੰਜਾਬ ਦੀਆਂ” ਦਾ ਦੂਜਾ ਸੀਜ਼ਨ 2023 ਵਿੱਚ ਕਰਵਾਇਆ ਗਿਆ ਸੀ, ਜਿਸ ਵਿੱਚ 4.5 ਲੱਖ ਖਿਡਾਰੀਆਂ ਨੇ ਭਾਗ ਲਿਆ ਸੀ ਅਤੇ 12,500 ਜੇਤੂ ਖਿਡਾਰੀਆਂ ਨੂੰ 8.87 ਕਰੋੜ ਰੁਪਏ ਦੇ ਨਕਦ ਇਨਾਮ ਵੰਡੇ ਗਏ ਸਨ।


ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਖੇਡਾਂ ਨੂੰ ਹੁਲਾਰਾ ਦੇਣ ਲਈ ਸੂਬਾ ਸਰਕਾਰ ਨੇ ਇਸ ਵਿੱਤੀ ਵਰ੍ਹੇ ਦੌਰਾਨ ਖੇਡਾਂ ਵਤਨ ਪੰਜਾਬ ਦੀਆਂ ਲਈ 30 ਕਰੋੜ ਰੁਪਏ ਦਾ ਬਜਟ ਰੱਖਿਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਕਾਂਸੀ ਦਾ ਤਗ਼ਮਾ ਜਿੱਤਣ ਵਾਲੇ ਭਾਰਤੀ ਹਾਕੀ ਟੀਮ ਦੇ ਅੱਠ ਖਿਡਾਰੀਆਂ ਨੂੰ 1-1 ਕਰੋੜ ਰੁਪਏ ਦੇ ਨਕਦ ਇਨਾਮ ਦਿੱਤੇ ਗਏ ਹਨ। ਇਸ ਤੋਂ ਇਲਾਵਾ ਉਨ੍ਹਾਂ ਨੂੰ ਤਿਆਰੀਆਂ ਲਈ ਦਿੱਤੇ 15 ਲੱਖ ਰੁਪਏ ਤੋਂ ਇਲਾਵਾ ਭਾਗ ਲੈਣ ਵਾਲੇ ਖਿਡਾਰੀਆਂ ਨੂੰ 15 ਲੱਖ ਰੁਪਏ ਦਿੱਤੇ ਗਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਵੱਲੋਂ ਸੱਤਾ ਸੰਭਾਲਣ ਤੋਂ ਲੈ ਕੇ ਹੁਣ ਤੱਕ 24,500 ਖਿਡਾਰੀਆਂ ਨੂੰ ਮੈਡਲ ਜਿੱਤਣ, ਮੁਕਾਬਲਿਆਂ ਵਿੱਚ ਭਾਗ ਲੈਣ ਅਤੇ ਅਜਿਹੇ ਮੁਕਾਬਲਿਆਂ ਦੀ ਤਿਆਰੀ ਲਈ 87.47 ਕਰੋੜ ਰੁਪਏ ਦੀ ਰਾਸ਼ੀ ਵੰਡੀ ਹੈ।


ਮੁੱਖ ਮੰਤਰੀ ਨੇ ਕਿਹਾ ਕਿ ਚਾਲੂ ਵਿੱਤੀ ਸਾਲ ਲਈ ਖੇਡਾਂ ਦਾ ਬਜਟ 252 ਕਰੋੜ ਰੁਪਏ ਹੈ, ਜੋ ਪਿਛਲੇ ਸਾਲ ਨਾਲੋਂ 16.36 ਫ਼ੀਸਦੀ ਵੱਧ ਹੈ।  ਉਨ੍ਹਾਂ ਕਿਹਾ ਕਿ ਖੇਡਾਂ ਵਿੱਚ ਆਪਣਾ ਮੈਡੀਕਲ ਕਾਡਰ ਬਣਾਉਣ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ, ਜਿਸ ਲਈ 113 ਆਸਾਮੀਆਂ ਸਿਰਜੀਆਂ ਗਈਆਂ ਹਨ ਅਤੇ ਬਿਹਤਰੀਨ ਖੇਡ ਕਰਮਚਾਰੀਆਂ (ਤਗ਼ਮਾ ਜੇਤੂ) ਲਈ 500 ਨਵੀਆਂ ਆਸਾਮੀਆਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਜੂਨੀਅਰ ਕੋਚਾਂ, ਸੀਨੀਅਰ ਕੋਚਾਂ, ਸਹਾਇਕ ਡਾਇਰੈਕਟਰਾਂ ਅਤੇ ਡਿਪਟੀ ਡਾਇਰੈਕਟਰਾਂ ਦੀਆਂ ਆਸਾਮੀਆਂ ਮੌਜੂਦਾ 444 ਤੋਂ ਵਧਾ ਕੇ 581 ਕਰ ਦਿੱਤੀਆਂ ਗਈਆਂ ਹਨ।


ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿੱਚ ਲਾਉਣ ਵਾਸਤੇ ਸੂਬੇ ਭਰ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਖੇਡਾਂ ਇਸ ਦਿਸ਼ਾ ਵੱਲ ਇੱਕ ਅਹਿਮ ਕਦਮ ਹਨ ਕਿਉਂਕਿ ਇਹ ਖਿਡਾਰੀਆਂ ਨੂੰ ਆਪਣੇ ਹੁਨਰ ਦਾ ਪ੍ਰਦਰਸ਼ਨ ਕਰਨ ਲਈ ਇੱਕ ਢੁਕਵਾਂ ਪਲੇਟਫਾਰਮ ਪ੍ਰਦਾਨ ਕਰਦੀਆਂ ਹਨ। ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਇਸੇ ਦੇ ਨਾਲ ਹੀ ਇਹ ਸੂਬਾ ਸਰਕਾਰ ਨੂੰ ਵੀ ਖਿਡਾਰੀਆਂ ਦੀਆਂ ਖੂਬੀਆਂ ਅਤੇ ਕਮਜ਼ੋਰੀਆਂ ਨੂੰ ਪਛਾਣਨ ਵਿੱਚ ਮਦਦ ਕਰੇਗਾ, ਜਿਸ ਨਾਲ ਉਨ੍ਹਾਂ ਨੂੰ ਭਵਿੱਖ ਵਿੱਚ ਹੋਣ ਵਾਲੇ ਕੌਮੀ ਅਤੇ ਕੌਮਾਂਤਰੀ ਮੁਕਾਬਲਿਆਂ ਲਈ ਤਿਆਰ ਕਰਨ ਵਿੱਚ ਮਦਦ ਮਿਲੇਗੀ।


ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਸਰਕਾਰ ਵੱਧ ਤੋਂ ਵੱਧ ਨਿਪੁੰਨ ਖਿਡਾਰੀ ਪੈਦਾ ਕਰਨ ਅਤੇ ਕੌਮਾਂਤਰੀ ਮੁਕਾਬਲਿਆਂ ਲਈ ਭਾਰਤੀ ਦਲ ਵਿੱਚ ਵੱਧ ਤੋਂ ਵੱਧ ਪੰਜਾਬੀ ਖਿਡਾਰੀਆਂ ਨੂੰ ਸ਼ਾਮਲ ਕਰਨ ਦੀ ਦਿਸ਼ਾ ਵਿੱਚ ਕੰਮ ਕਰ ਰਹੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਵਿੱਚ ਖੇਡ ਹੁਨਰ ਦੀ ਕੋਈ ਘਾਟ ਨਹੀਂ ਅਤੇ ਪੰਜਾਬ ਸਰਕਾਰ ਖਿਡਾਰੀਆਂ ਨੂੰ ਕੌਮਾਂਤਰੀ ਪੱਧਰ 'ਤੇ ਦੇਸ਼ ਲਈ ਤਗ਼ਮੇ ਜਿੱਤਣ ਦੇ ਯੋਗ ਬਣਾਉਣ ਵਾਸਤੇ ਕੋਈ ਕਸਰ ਬਾਕੀ ਨਹੀਂ ਛੱਡੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਖਿਡਾਰੀਆਂ ਨੂੰ ਅੰਤਰਰਾਸ਼ਟਰੀ ਮੁਕਾਬਲਿਆਂ ਦੀ ਤਿਆਰੀ ਲਈ ਵੀ ਫੰਡ ਮੁਹੱਈਆ ਕਰਵਾਉਣ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ।



ਮੁੱਖ ਮੰਤਰੀ ਨੇ ਕਿਹਾ ਕਿ ਇਹ ਖੇਡਾਂ ਨੌਜਵਾਨਾਂ ਨੂੰ ਖੇਡ ਖੇਤਰ ਵਿੱਚ ਆਪਣੇ ਹੁਨਰ ਨੂੰ ਹੋਰ ਨਿਖ਼ਾਰਨ ਦਾ ਮੌਕਾ ਪ੍ਰਦਾਨ ਕਰਨਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਖੇਡਾਂ ਦਾ ਆਪਸ ਵਿੱਚ ਪੁਰਾਣਾ ਅਤੇ ਮਜ਼ਬੂਤ ਰਿਸ਼ਤਾ ਹੈ ਅਤੇ ਹਾਲ ਹੀ ਵਿੱਚ ਸਮਾਪਤ ਹੋਈਆਂ ਓਲੰਪਿਕ ਖੇਡਾਂ ਵਿੱਚ ਵੀ ਪੰਜਾਬੀ ਖਿਡਾਰੀਆਂ ਨੇ ਖੇਡਾਂ ਵਿੱਚ ਆਪਣੀ ਕਾਬਲੀਅਤ ਦਾ ਸਬੂਤ ਦਿੱਤਾ ਹੈ ਅਤੇ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਤਗ਼ਮਾ ਜਿੱਤਣ ਵਾਲੀ ਭਾਰਤੀ ਹਾਕੀ ਟੀਮ ਵਿੱਚ 10 ਖਿਡਾਰੀ ਪੰਜਾਬ ਦੇ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਨੌਜਵਾਨਾਂ ਕੋਲ ਬੇਸ਼ਕੀਮਤੀ ਹੁਨਰ ਹੈ ਪਰ ਪੁਰਾਣੀਆਂ ਸਰਕਾਰਾਂ ਲੋੜੀਂਦਾ ਖੇਡ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਵਿੱਚ ਅਸਫ਼ਲ ਰਹੀਆਂ।


ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਖਿਡਾਰੀਆਂ ਨੂੰ ਅਤਿ ਆਧੁਨਿਕ ਬੁਨਿਆਦੀ ਢਾਂਚਾ ਅਤੇ ਵਿਸ਼ਵ ਪੱਧਰੀ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਖੇਡਾਂ ਦੇ ਖੇਤਰ ਵਿੱਚ ਸੂਬੇ ਦੀ ਸ਼ਾਨ ਨੂੰ ਬਹਾਲ ਕਰਨ ਲਈ ਵਚਨਬੱਧ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਪੰਜਾਬ ਦੇ ਖਿਡਾਰੀਆਂ ਨੇ ਏਸ਼ਿਆਈ ਖੇਡਾਂ ਅਤੇ ਉਲੰਪਿਕ ਖੇਡਾਂ ਵਿੱਚ ਆਪਣਾ ਵੱਖਰਾ ਸਥਾਨ ਕਾਇਮ ਕੀਤਾ ਹੈ।


ਇਸ ਮੌਕੇ ਸਕੂਲੀ ਬੱਚਿਆਂ ਵੱਲੋਂ ਦਿੱਤੀਆਂ ਗਈਆਂ ਸੱਭਿਆਚਾਰਕ ਪੇਸ਼ਕਾਰੀਆਂ ਨੇ ਦਰਸ਼ਕਾਂ ਦਾ ਮਨ ਮੋਹ ਲਿਆ ਅਤੇ ਉੱਘੇ ਪੰਜਾਬੀ ਗਾਇਕਾਂ ਗੁਰਦਾਸ ਮਾਨ, ਹਰਭਜਨ ਸ਼ੇਰਾ, ਅਸਮੀਤ ਸਹਿਰਾ, ਪਰੀ ਪੰਧੇਰ, ਬਸੰਤ ਕੌਰ, ਅਰਮਾਨ ਢਿੱਲੋਂ ਤੇ ਹੋਰ ਗਾਇਕਾਂ ਨੇ ਦਰਸ਼ਕਾਂ ਦਾ ਭਰਪੂਰ ਮਨੋਰੰਜਨ ਕੀਤਾ। ਇਸ ਦੇ ਨਾਲ ਹੀ ਬੱਚਿਆਂ ਨੇ ਆਪਣੀਆਂ ਸਕੇਟਿੰਗ ਅਤੇ ਜਿਮਨਾਸਟਿਕ ਦੇ ਸ਼ਾਨਦਾਰ ਪ੍ਰਦਰਸ਼ਨ ਨਾਲ ਵੀ ਦਰਸ਼ਕਾਂ ਦਾ ਮਨ ਮੋਹਿਆ।


ਇਸ ਤੋਂ ਪਹਿਲਾਂ ਪ੍ਰਸਿੱਧ ਖਿਡਾਰੀਆਂ ਮਹਾਂ ਸਿੰਘ, ਮਨਦੀਪ ਕੌਰ, ਸੁਨੀਤਾ ਰਾਣੀ, ਗਗਨ ਅਜੀਤ ਸਿੰਘ, ਸਿਫਤ ਕੌਰ, ਅਰਜਨ ਸਿੰਘ ਚੀਮਾ, ਸੁਖਮੀਤ ਸਿੰਘ, ਵਿਜੈਵੀਰ ਸਿੰਘ, ਹਰਸ਼ਦੀਪ ਕੌਰ, ਮਹਿਕਪ੍ਰੀਤ ਸਿੰਘ, ਸਿਮਰਨਜੀਤ ਸਿੰਘ ਅਤੇ ਜਸਪ੍ਰੀਤ ਸਿੰਘ ਆਦਿ ਖਿਡਾਰੀਆਂ ਨੇ ਖੇਡਾਂ ਦੀ ਮਸ਼ਾਲ ਜਗਾਈ। ਨਾਮਵਰ ਖਿਡਾਰੀ ਅਭੀ ਜੋਸ਼ੀ ਖੇਡਾਂ ਦੇ ਝੰਡਾਬਰਦਾਰ ਰਹੇ।


ਇਸ ਮੌਕੇ 'ਤੇ ਰਵਾਇਤੀ ਨਾਚ 'ਗਿੱਧਾ' ਅਤੇ 'ਭੰਗੜਾ' ਦੇ ਨਾਲ ਖੇਡਾਂ ਦੇ ਸਮੁੱਚੇ ਦ੍ਰਿਸ਼ ਨੂੰ ਦਰਸਾਉਂਦੇ ਲੇਜ਼ਰ ਸ਼ੋਅ ਨੇ ਦਰਸ਼ਕਾਂ ਦਾ ਮਨ ਮੋਹ ਲਿਆ। ਇਸੇ ਤਰ੍ਹਾਂ ਸਟੇਡੀਅਮ ਵਿੱਚ ਹੋਏ ਉਦਘਾਟਨੀ ਸਮਾਗਮ ਦੌਰਾਨ ਵਿਦਿਆਰਥੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਵੀ ਦਰਸ਼ਕਾਂ ਨੇ ਭਰਪੂਰ ਸ਼ਲਾਘਾ ਕੀਤੀ। ਇਸ ਮੌਕੇ ਹਾਜ਼ਰ ਸੰਗਤਾਂ ਨੇ ਆਤਿਸ਼ਬਾਜ਼ੀ ਦੇ ਸ਼ਾਨਦਾਰ ਪ੍ਰਦਰਸ਼ਨ ਉੱਤੇ ਖੂਬ ਤਾੜੀਆਂ ਵੀ ਮਾਰੀਆਂ।


ਇਸ ਮੌਕੇ ਖੇਡਾਂ ਦੇ ਸਮੁੱਚੇ ਦ੍ਰਿਸ਼ ਨੂੰ ਦਰਸਾਉਂਦੀ ਵੀਡੀਓ ਵੀ ਦਿਖਾਈ ਗਈ ਅਤੇ ਰਵਾਇਤੀ ਨਾਚ 'ਗਿੱਧਾ' ਅਤੇ 'ਭੰਗੜਾ' ਦੇ ਨੇ ਦਰਸ਼ਕਾਂ ਨੂੰ ਝੂਮਣ ਲਾ ਦਿੱਤਾ। ਉਦਘਾਟਨੀ ਸਮਾਗਮ ਦੌਰਾਨ ਵਿਦਿਆਰਥੀਆਂ ਵੱਲੋਂ ਦਿੱਤੀਆਂ ਗਈਆਂ ਸ਼ਾਨਦਾਰ ਪੇਸ਼ਕਾਰੀਆਂ ਦੀ ਦਰਸ਼ਕਾਂ ਨੇ ਭਰਵੀਂ ਸ਼ਲਾਘਾ ਕੀਤੀ। ਇਸ ਮੌਕੇ ਕੀਤੀ ਗਈ ਆਤਿਸ਼ਬਾਜ਼ੀ ਦੇ ਸੁਹਾਵਣੇ ਦ੍ਰਿਸ਼ ਨੂੰ ਦੇਖ ਕੇ ਦਰਸ਼ਕ ਖੜ੍ਹੇ ਹੋ ਕੇ ਤਾੜੀਆਂ ਮਾਰਨ ਲਈ ਮਜਬੂਰ ਹੋ ਗਏ।