Sangrur News: ਯੂਟਿਊਬਰ ਭਾਨਾ ਸਿੱਧੂ ਦੀ ਗ੍ਰਿਫਤਾਰੀ ਖਿਲਾਫ ਚੁਫੇਰਿਓਂ ਵਿਰੋਧ ਹੋਣ ਮਗਰੋਂ ਪੰਜਾਬ ਪੁਲਿਸ ਬੈਕਫੁੱਟ 'ਤੇ ਆ ਗਈ ਹੈ। ਪੰਜਾਬ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਭਰੋਸਾ ਦਵਾਇਆ ਹੈ ਕਿ ਹਫਤੇ ਦੇ ਅੰਦਰ-ਅੰਦਰ ਭਾਨਾ ਸਿੱਧੂ ਨੂੰ ਰਿਹਾਅ ਕਰ ਦਿੱਤਾ ਜਾਏਗਾ। ਇਸ ਦੇ ਨਾਲ ਹੀ ਭਾਨਾ ਸਿੱਧੂ ਦੀ ਗ੍ਰਿਫਤਾਰੀ ਦਾ ਵਿਰੋਧ ਕਰਨ ਵਾਲੇ ਆਗੂਆਂ ਤੇ ਵਰਕਰਾਂ ਨੂੰ ਵੀ ਰਿਹਾਅ ਕਰ ਦਿੱਤਾ ਜਾਏਗਾ। ਪੁਲਿਸ ਨੇ ਇਹ ਯੂ-ਟਰਨ ਸ਼ਨੀਵਾਰ ਨੂੰ ਕਿਸਾਨ ਜਥੇਬੰਦੀਆਂ ਤੇ ਵਿਰੋਧੀ ਸਿਆਸੀ ਪਾਰਟੀਆਂ ਦੇ ਐਕਸ਼ਨ ਮਗਰੋਂ ਲਿਆ ਹੈ।
ਹਾਸਲ ਜਾਣਕਾਰੀ ਮੁਤਾਬਕ ਭਾਨਾ ਸਿੱਧੂ ਦੀ ਰਿਹਾਈ ਲਈ ਕੌਮੀ ਮਾਰਗ-7 ’ਤੇ ਚੱਲ ਰਹੇ ਧਰਨੇ ਦੌਰਾਨ ਸ਼ਨੀਵਾਰ ਦੇਰ ਸ਼ਾਮ ਪ੍ਰਦਰਸ਼ਨਕਾਰੀਆਂ ਤੇ ਪ੍ਰਸ਼ਾਸਨ ਵਿਚਾਲੇ ਸਹਿਮਤੀ ਬਣ ਗਈ ਹੈ। ਪੰਜਾਬ ਸਰਕਾਰ ਵੱਲੋਂ ਏਡੀਜੀਪੀ ਜਸਕਰਨ ਸਿੰਘ, ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ ਤੇ ਡੀਆਈਜੀ ਹਰਚਰਨ ਸਿੰਘ ਭੁੱਲਰ ਨੇ ਲੱਖਾ ਸਿਧਾਣਾ ਤੇ ਕਿਸਾਨ ਆਗੂਆਂ ਸੁਰਜੀਤ ਸਿੰਘ ਫੂਲ ਤੇ ਜਸਵਿੰਦਰ ਸਿੰਘ ਲੌਂਗੋਵਾਲ ਸਮੇਤ ਹੋਰਾਂ ਨਾਲ ਮੀਟਿੰਗ ਕੀਤੀ।
ਸੂਤਰਾਂ ਮੁਤਾਬਕ ਮੀਟਿੰਗ ਵਿੱਚ ਉਨ੍ਹਾਂ ਦੀਆਂ ਮੰਗਾਂ ਮੰਨ ਲਈਆਂ ਗਈਆਂ ਹਨ। ਇਸ ਸਬੰਧੀ ਸਰਕਾਰ ਵੱਲੋਂ ਲਿਖਤੀ ਪੱਤਰ ਵੀ ਦਿੱਤਾ ਗਿਆ ਹੈ। ਮੀਟਿੰਗ ਮਗਰੋਂ ਲੱਖਾ ਸਿਧਾਣਾ ਨੇ ਦੱਸਿਆ ਕਿ ਛੇ ਦਿਨਾਂ ਦੇ ਅੰਦਰ-ਅੰਦਰ ਭਾਨਾ ਸਿੱਧੂ ਦੀ ਬਿਨਾ ਸ਼ਰਤ ਰਿਹਾਈ ਹੋਵੇਗੀ ਤੇ ਹਿਰਾਸਤ ’ਚ ਲਏ ਗਏ ਵੱਖ-ਵੱਖ ਆਗੂਆਂ ਤੇ ਵਰਕਰ ਵੀ ਰਿਹਾਅ ਕਰ ਦਿੱਤੇ ਜਾਣਗੇ।
ਇਸ ਤੋਂ ਪਹਿਲਾਂ ਭਾਨਾ ਸਿੱਧੂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਦੇ ਦਿੱਤੇ ਗਏ ਸੱਦੇ ਤਹਿਤ ਸ਼ਨੀਵਾਰ ਨੂੰ ਵੱਡੀ ਗਿਣਤੀ ਲੋਕਾਂ ਨੇ ਪੁਲੀਸ ਦੀਆਂ ਰੋਕਾਂ ਤੋੜਦਿਆਂ ਮੁੱਖ ਮੰਤਰੀ ਦੀ ਰਿਹਾਇਸ਼ ਤੋਂ ਕਰੀਬ ਡੇਢ ਕਿਲੋਮੀਟਰ ਦੂਰ ਜ਼ੀਰਕਪੁਰ-ਬਠਿੰਡਾ ਕੌਮੀ ਮਾਰਗ ਜਾਮ ਕਰ ਦਿੱਤਾ। ਪਿੰਡ ਖੇੜੀ ਤੇ ਬਡਰੁੱਖਾਂ ਨੇੜੇ ਲਗਾਏ ਨਾਕਿਆਂ ’ਤੇ ਪੁਲਿਸ ਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਟਕਰਾਅ ਹੋਇਆ। ਇਸ ਦੌਰਾਨ ਖੇੜੀ ਨੇੜੇ ਨਾਕੇ ’ਤੇ ਪ੍ਰਦਰਸ਼ਨਕਾਰੀਆਂ ਵੱਲੋਂ ਪੁਲਿਸ ’ਤੇ ਪਥਰਾਅ ਕੀਤਾ ਗਿਆ, ਜਿਸ ਦੇ ਜਵਾਬ ਵਿੱਚ ਪੁਲਿਸ ਨੇ ਹਲਕਾ ਲਾਠੀਚਾਰਜ ਕੀਤਾ।
ਪੁਲਿਸ ਵੱਲੋਂ ਸੰਗਰੂਰ, ਮਾਨਸਾ ਤੇ ਨਿਹਾਲ ਸਿੰਘ ਵਾਲਾ ਸਮੇਤ ਹੋਰ ਇਲਾਕਿਆਂ ਤੋਂ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ, ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਸੂਬਾ ਆਗੂ ਨਿਰਮਲ ਸਿੰਘ ਝੰਡੂਕੇ, ਅਕਾਲੀ ਦਲ (ਅ) ਦੇ ਜਨਰਲ ਸਕੱਤਰ ਭਾਈ ਗੁਰਸੇਵਕ ਸਿੰਘ ਜਵਾਹਰਕੇ, ਐਂਟੀ ਡਰੱਗ ਟਾਸਕ ਫੋਰਸ ਦੇ ਨੌਜਵਾਨ ਆਗੂ ਪਰਵਿੰਦਰ ਸਿੰਘ ਝੋਟਾ, ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਛੀਨੀਵਾਲ ਸਮੇਤ ਹੋਰ ਵੱਖ-ਵੱਖ ਕਿਸਾਨ, ਮਜ਼ਦੂਰ ਤੇ ਸਿਆਸੀ ਆਗੂਆਂ ਨੂੰ ਘਰਾਂ ਵਿੱਚ ਹੀ ਨਜ਼ਰਬੰਦ ਕਰ ਦਿੱਤਾ ਗਿਆ ਸੀ। ਇਸੇ ਦੌਰਾਨ ਪੁਲਿਸ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵੀ ਉਨ੍ਹਾਂ ਦੀ ਮੋਰਿੰਡਾ ਸਥਿਤ ਰਿਹਾਇਸ਼ ਵਿੱਚ ਨਜ਼ਰਬੰਦ ਕਰ ਦਿੱਤਾ ਸੀ।