Punjab News: ਭਾਰਤੀ ਜਨਤਾ ਪਾਰਟੀ ਵੱਲੋਂ ਸੂਬਾ ਸਕੱਤਰ ਦਮਨ ਬਾਜਵਾ ਦੀ ਅਗਵਾਈ ਹੇਠ ਸ਼ਨੀਵਾਰ ਨੂੰ ਲੌਂਗੋਵਾਲ ਵਿੱਚ ਸੰਗਰੂਰ ਲੋਕ ਸਭਾ ਹਲਕੇ ਦੀ ਰੈਲੀ ਕੀਤੀ ਗਈ। ਇਸ ਵਿੱਚ ਕੇਂਦਰੀ ਮੰਤਰੀ ਮਨਸੁਖ ਮਾਂਡਵੀਆ, ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਸਮੇਤ ਭਾਜਪਾ ਦੇ ਦਿੱਗਜ ਆਗੂਆਂ ਨੇ ਸ਼ਿਰਕਤ ਕੀਤੀ। ਰੈਲੀ ਵਿੱਚ ਬੁਲਾਰਿਆਂ ਦੇ ਨਿਸ਼ਾਨੇ ’ਤੇ ਆਮ ਆਦਮੀ ਪਾਰਟੀ ਅਤੇ ਕਾਂਗਰਸ ਰਹੀ।
ਕੇਂਦਰੀ ਸਿਹਤ ਮੰਤਰੀ ਮਨਸੁਖ ਮੰਡਾਵੀਆ ਨੇ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਨੇ ਕੇਂਦਰ ਸਰਕਾਰ ਵੱਲੋਂ ਐਨਆਰਐਚਐਮ ਸਕੀਮ ਤਹਿਤ ਰੋਕੀ ਗਈ ਗ੍ਰਾਂਟ ਦੇ ਸੰਦਰਭ ਵਿੱਚ ਵਿਧਾਨ ਸਭਾ ਦਾ ਦੋ ਦਿਨਾਂ ਵਿਸ਼ੇਸ਼ ਸੈਸ਼ਨ ਸੱਦਿਆ ਹੈ। ਇਹ ਇਜਲਾਸ ਕੇਂਦਰ ਸਰਕਾਰ ਦੀ ਨਿੰਦਾ ਕਰਨ ਦੇ ਮਕਸਦ ਨਾਲ ਬੁਲਾਇਆ ਗਿਆ ਹੈ। ਪੰਜਾਬ ਸਰਕਾਰ ਨੇ ਵੈਲਨੈੱਸ ਸਕੀਮ ਤਹਿਤ ਕੇਂਦਰ ਵੱਲੋਂ ਭੇਜੀ ਗਰਾਂਟ ਦੀ ਦੁਰਵਰਤੋਂ ਕਰਕੇ ਮੁਹੱਲਾ ਕਲੀਨਿਕ ਬੋਰਡ ਲਾਏ ਹਨ। ਇਸੇ ਲਈ ਕੇਂਦਰ ਸਰਕਾਰ ਨੇ ਗ੍ਰਾਂਟ ਰੋਕ ਦਿੱਤੀ ਹੈ।
ਕਾਂਗਰਸ 'ਤੇ ਨਿਸ਼ਾਨਾ
ਉਨ੍ਹਾਂ ਕਾਂਗਰਸ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ 1984 ਦੇ ਦੌਰ 'ਚ ਕਾਂਗਰਸ ਦੇ ਇਸ਼ਾਰੇ 'ਤੇ ਪੰਜਾਬ 'ਚ ਅੱਤਿਆਚਾਰ ਹੋਏ ਪਰ ਮੋਦੀ ਸਰਕਾਰ ਨੇ ਹਮੇਸ਼ਾ ਹੀ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਕੀਤੀ ਹੈ | ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ ਵਾਧਾ ਕੀਤਾ ਜਾ ਰਿਹਾ ਹੈ। ਨੈਨੋ ਯੂਰੀਆ ਬਣਾ ਕੇ ਕਿਸਾਨਾਂ ਨੂੰ ਆਰਥਿਕ ਰਾਹਤ ਦਿੱਤੀ ਹੈ। ਪਿਛਲੇ ਨੌਂ ਸਾਲਾਂ ਵਿੱਚ ਮੈਡੀਕਲ ਕਾਲਜਾਂ ਦੀ ਗਿਣਤੀ ਦੁੱਗਣੀ ਹੋ ਗਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੁਨੀਆ 'ਚ ਭਾਰਤ ਦਾ ਮਾਣ ਵਧਾਇਆ ਹੈ। ਰੂਸ-ਯੂਕਰੇਨ ਯੁੱਧ ਦੌਰਾਨ ਭਾਰਤੀ ਵਿਦਿਆਰਥੀਆਂ ਨੂੰ ਸੁਰੱਖਿਅਤ ਦੇਸ਼ ਲਿਆਂਦਾ ਗਿਆ ਸੀ। 35 ਹਜ਼ਾਰ ਕਰੋੜ ਰੁਪਏ ਦੀ ਕੋਵਿਡ-19 ਵੈਕਸੀਨ ਮੁਫਤ ਦਿੱਤੀ ਗਈ। ਖਾਦਾਂ 'ਤੇ ਸਬਸਿਡੀ ਵਧਾ ਕੇ 2.5 ਲੱਖ ਕਰੋੜ ਰੁਪਏ ਕਰ ਦਿੱਤੀ ਗਈ ਹੈ।
ਰੈਲੀ ਵਿੱਚ ਭਾਰੀ ਭੀੜ ਨੂੰ ਦੇਖਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਭਾਜਪਾ ਦੀ ਪਕੜ ਮਜ਼ਬੂਤ ਹੋ ਰਹੀ ਹੈ ਅਤੇ ਲੋਕ ਸਭਾ ਚੋਣਾਂ ਵਿੱਚ ਪੰਜਾਬ ਇਤਿਹਾਸ ਰਚੇਗਾ। ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਪੰਜਾਬ ਦੇ ਲੋਕਾਂ ਦੀ ਮਿਹਨਤ ਦੀ ਕਮਾਈ ਨੂੰ ਆਪਣੇ ਸਿਆਸੀ ਹਿੱਤਾਂ ਲਈ ਵਰਤ ਰਿਹਾ ਹੈ। ਭਗਵੰਤ ਮਾਨ ਦੀ ਸਰਕਾਰ ਸਭ ਤੋਂ ਮਾੜੀ ਸਾਬਤ ਹੋਈ ਹੈ।
ਮੋਦੀ ਸਰਕਾਰ ਵੱਲੋਂ ਕੀਤੇ ਕੰਮਾਂ ਦਾ ਕੀਤਾ ਗੁਣਗਾਣ
ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਰੂ ਸਾਹਿਬਾਨ ਦੇ ਬਲਿਦਾਨ ਦਿਵਸ ਨੂੰ ਵੀਰ ਬਾਲ ਦਿਵਸ ਵਜੋਂ ਮਨਾਉਣ ਦਾ ਐਲਾਨ ਕੀਤਾ ਹੈ। ਕਰਤਾਰਪੁਰ ਸਾਹਿਬ ਦਾ ਰਸਤਾ ਖੋਲਿਆ ਗਿਆ। ਗੁਰੂ ਤੇਗ ਬਹਾਦਰ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ ਮਨਾਇਆ ਅਫਗਾਨਿਸਤਾਨ ਵਿਚ ਹਕੂਮਤ ਬਦਲਣ ਤੋਂ ਬਾਅਦ ਸਿੱਖ ਭਰਾਵਾਂ ਅਤੇ ਗੁਰੂ ਗ੍ਰੰਥ ਸਾਹਿਬ ਨੂੰ ਪੂਰੇ ਸਤਿਕਾਰ ਨਾਲ ਦੇਸ਼ ਵਿਚ ਲਿਆਂਦਾ ਗਿਆ। ਇਸ ਦੇ ਬਾਵਜੂਦ ਭਾਜਪਾ ਦੇ ਅਕਸ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।