Sangrur News: ਸੋਸ਼ਲ ਮੀਡੀਆ ’ਤੇ ਚਰਚਿਤ ਯੂਟਿਊਬਰ ਭਾਨਾ ਸਿੱਧੂ ਦੀ ਗ੍ਰਿਫਤਾਰੀ ਪੰਜਾਬ ਸਰਕਾਰ ਤੇ ਪੁਲਿਸ ਲਈ ਮੁਸੀਬਤ ਬਣ ਗਈ ਹੈ। ਭਾਨਾ ਸਿੱਧੂ ਦੀ ਗ੍ਰਿਫਤਾਰੀ ਦਾ ਕਈ ਸਿਆਸੀ ਪਾਰਟੀਆਂ ਤੇ ਕਿਸਾਨ ਜਥੇਬੰਦੀਆਂ ਵੱਲੋਂ ਸਖਤ ਵਿਰੋਧ ਮਗਰੋਂ ਪੁਲਿਸ ਬੈਕਫੁੱਟ 'ਤੇ ਨਜ਼ਰ ਆਉਣ ਲੱਗੀ ਹੈ। ਉਧਰ, ਭਾਨਾ ਸਿੱਧੂ ਦੀ ਰਿਹਾਈ ਲਈ ਵੱਡੇ ਸੰਘਰਸ਼ ਦੇ ਐਲਾਨ ਮਗਰੋਂ ਪੰਜਾਬ ਸਰਕਾਰ ਲਈ ਵੀ ਮੁਸੀਬਤ ਖੜ੍ਹੀ ਹੋਣ ਲੱਗੀ ਹੈ। 



ਦਰਅਸਲ ਭਾਨਾ ਸਿੱਧੂ ਦੇ ਮਾਮਲੇ ਨੂੰ ਲੈ ਕੇ ਮੰਗਲਵਾਰ ਨੂੰ ਪੁਲਿਸ ਪ੍ਰਸ਼ਾਸਨ ਵੱਲੋਂ ਉਸ ਦੇ ਸਮਰਥਕਾਂ ਤੇ ਕਿਸਾਨ ਯੂਨੀਅਨ ਆਗੂਆਂ ਨਾਲ ਮੀਟਿੰਗ ਬੇਸਿੱਟਾ ਰਹੀ। ਬਰਨਾਲਾ ਦੇ ਪੀਡਬਲਿਊਡੀ ਰੈਸਟ ਹਾਊਸ ਵਿੱਚ ਬਾਅਦ ਦੁਪਹਿਰ ਇੱਕ ਘੰਟਾ ਚੱਲੀ ਗੈਰਰਸਮੀ ਮੀਟਿੰਗ ਵਿੱਚ ਪੁਲਿਸ ਪ੍ਰਸ਼ਾਸਨ ਵੱਲੋਂ ਐਸਐਸਪੀ ਬਰਨਾਲਾ ਸੰਦੀਪ ਕੁਮਾਰ ਮਲਿਕ ਤੇ ਐਸਐਸਪੀ ਬਠਿੰਡਾ ਹਰਮਨਵੀਰ ਸਿੰਘ ਗਿੱਲ ਸ਼ਾਮਲ ਹੋਏ ਜਦਕਿ ਭਾਨਾ ਸਿੱਧੂ ਵੱਲੋਂ ਲੱਖਾ ਸਿਧਾਣਾ­, ਕਿਸਾਨ ਆਗੂ ਰੁਲਦੂ ਸਿੰਘ ਮਾਨਸਾ­, ਜਸਵਿੰਦਰ ਸਿੰਘ ਲੌਂਗੋਵਾਲ­, ਜਗਦੀਪ ਰੰਧਾਵਾ­, ਜੱਗਾ ਸਿੰਘ ਬਦਰਾ­, ਮਨਵੀਰ ਕੌਰ ਰਾਹੀ ਆਦਿ ਆਗੂ ਸ਼ਾਮਲ ਹੋਏ। 


ਮੀਟਿੰਗ ਵਿੱਚ ਭਾਨਾ ਸਿੱਧੂ ਦੇ ਸਮਰਥਕਾਂ ਵੱਲੋਂ ਬਿਨਾਂ ਸ਼ਰਤ ਉਸ ਦੇ ਸਾਰੇ ਕੇਸ ਰੱਦ ਕਰਕੇ ਰਿਹਾਈ ਦੀ ਮੰਗ ਕੀਤੀ ਗਈ ਜਿਸ ਸਬੰਧੀ ਪੁਲਿਸ ਅਧਿਕਾਰੀਆਂ ਨੇ ਉੱਚ ਅਫ਼ਸਰਾਂ ਨਾਲ ਗੱਲਬਾਤ ਕਰਕੇ ਅੱਜ ਮੁੜ ਮੀਟਿੰਗ ਕਰਨ ਦੀ ਗੱਲ ਆਖੀ। ਮੀਟਿੰਗ ਉਪਰੰਤ ਲੱਖਾ ਸਿਧਾਣਾ ਤੇ ਰੁਲਦੂ ਸਿੰਘ ਮਾਨਸਾ ਨੇ ਦੱਸਿਆ ਕਿ ਬੀਤੇ ਕੱਲ੍ਹ ਭਾਨਾ ਸਿੱਧੂ ਦੇ ਪਿੰਡ ਕੋਟਦੁੱਨਾ ਵਿੱਚ ਰੋਸ ਇਕੱਠ ਤੋਂ ਬਾਅਦ ਉਸ ਨੂੰ ਰਿਹਾਅ ਕਰਵਾਉਣ ਲਈ ਦੋ ਵੱਡੇ ਪ੍ਰੋਗਰਾਮ ਐਲਾਨੇ ਗਏ ਹਨ। 


ਐਮਪੀ ਸਿਮਰਨਜੀਤ ਸਿੰਘ ਮਾਨ ਵੱਲੋਂ ਪਹਿਲੀ ਫ਼ਰਵਰੀ ਨੂੰ ਧੂਰੀ ਵਿੱਚ ਵੱਡਾ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਹੈ ਜਦਕਿ ਸੰਯੁਕਤ ਕਿਸਾਨ ਮੋਰਚੇ ਦੇ ਸਹਿਯੋਗ ਨਾਲ ਮੁੱਖ ਮੰਤਰੀ ਦੀ ਸੰਗਰੂਰ ਰਿਹਾਇਸ਼ ਅੱਗੇ 3 ਫ਼ਰਵਰੀ ਨੂੰ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਜੇਕਰ ਲੋੜ ਪਈ ਤਾਂ ਮੁੱਖ ਮੰਤਰੀ ਦੇ ਘਰ ਅੱਗੇ ਪੱਕਾ ਮੋਰਚਾ ਵੀ ਲਗਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਭਾਨਾ ਸਿੱਧੂ ਨਾਲ ਧੱਕਾ ਕਰ ਰਹੀ ਹੈ।


ਉਨ੍ਹਾਂ ਨੇ ਕਿਹਾ ਕਿ ਭਾਨਾ ਸਿੱਧੂ ’ਤੇ ਚਾਰ ਝੂਠੇ ਕੇਸ ਦਰਜ ਕੀਤੇ ਗਏ ਹਨ ਤੇ ਭਾਨਾ ਸਿੱਧੂ ਦੀ ਰਿਹਾਈ ਤੱਕ ਸੰਘਰਸ਼ ਦੇ ਪ੍ਰੋਗਰਾਮ ਜਾਰੀ ਰਹਿਣਗੇ। ਉਨ੍ਹਾਂ ਇਨਸਾਫ਼ਪਸੰਦ ਲੋਕਾਂ ਨੂੰ ਇਨ੍ਹਾਂ ਸੰਘਰਸ਼ਾਂ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਉਨ੍ਹਾਂ ਦੱਸਿਆ ਕਿ ਭਾਨਾ ਸਿੱਧੂ ਦੀ ਬਿਨਾਂ ਸ਼ਰਤ ਰਿਹਾਈ ਦੀ ਮੰਗ ’ਤੇ ਪੁਲਿਸ ਅਧਿਕਾਰੀਆਂ ਨੇ ਉਨ੍ਹਾਂ ਨੂੰ ਅੱਜ 11 ਵਜੇ ਮੀਟਿੰਗ ਲਈ ਸੱਦਿਆ ਹੈ। ਇਸ ਮੀਟਿੰਗ ਵਿੱਚ ਚੰਡੀਗੜ੍ਹ ਤੋਂ ਉੱਚ ਪੁਲਿਸ ਅਧਿਕਾਰੀ ਵੀ ਸ਼ਾਮਲ ਹੋ ਸਕਦੇ ਹਨ। ਦੂਜੇ ਪਾਸੇ ਪੁਲਿਸ ਅਧਿਕਾਰੀਆਂ ਵੱਲੋਂ ਇਸ ਮਾਮਲੇ ਬਾਰੇ ਹੋਰ ਜਾਣਕਾਰੀ ਨਹੀਂ ਦਿੱਤੀ ਗਈ।