Chandigarh News: ਸ਼੍ਰੋਮਣੀ ਅਕਾਲੀ ਦਲ (ਅ) ਪੁਲਿਸ ਕਾਰਵਾਈ ਤੋਂ ਨਾਰਾਜ਼ ਹੋ ਕੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੀ ਹਮਾਇਤ ’ਚ ਖੜ੍ਹਾ ਹੋ ਗਿਆ ਹੈ। ਸ਼੍ਰੋਮਣੀ ਅਕਾਲੀ ਦਲ (ਅ) ਨੇ ਮੰਗਲਵਾਰ ਨੂੰ ਜਥੇਬੰਦੀ ਦੇ ਕਾਰਕੁਨਾਂ ਨੂੰ ਪੰਜਾਬ ਪੁਲਿਸ ਵੱਲੋਂ ਗੈਰ ਕਾਨੂੰਨੀ ਢੰਗ ਨਾਲ ਹਿਰਾਸਤ ਵਿੱਚ ਰੱਖਣ ਤੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਆਗੂਆਂ ਵਿਰੁੱਧ ਐਨਐਸਏ ਲਾ ਕੇ ਅਸਾਮ ਦੀ ਜੇਲ੍ਹ ਵਿੱਚ ਬੰਦ ਕਰਨ ਦਾ ਵਿਰੋਧ ਕੀਤਾ।
ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਦੇ ਨਾਮ ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰ ਵਿਨੈ ਪ੍ਰਤਾਪ ਸਿੰਘ ਨੂੰ ਮੰਗ ਪੱਤਰ ਸੌਂਪਿਆ। ਸ਼੍ਰੋਮਣੀ ਅਕਾਲੀ ਦਲ (ਅ) ਦੇ ਚੰਡੀਗੜ੍ਹ ਦੇ ਪ੍ਰਧਾਨ ਗੋਪਾਲ ਸਿੰਘ ਨੇ ਪੁਲਿਸ ਵੱਲੋਂ ਗੈਰ ਕਾਨੂੰਨ ਢੰਗ ਨਾਲ ਹਿਰਾਸਤ ’ਚ ਰੱਖੇ ਨੌਜਵਾਨਾਂ ਨੂੰ ਛੱਡਣ ਤੇ ਸੰਸਦ ਮੈਂਬਰ ਦਾ ਟਵਿੱਟਰ ਅਕਾਉਂਟ ਚਲਾਉਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ‘ਆਪ’ ਵੀ ਕਾਂਗਰਸ ਦੀ ਤਰਜ਼ ’ਤੇ ਸਿੱਖਾਂ ਦੀ ਨਸਲਕੁਸ਼ੀ ਲਈ ਰੋਡ ਮੈਪ ਤਿਆਰ ਕਰ ਰਹੀ ਹੈ। ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਪੰਜਾਬ ਦੀ ‘ਆਪ’ ਖਿਲਾਫ ਸੰਘਰਸ਼ ਵਿੱਢਣ ਦਾ ਐਲਾਨ ਕੀਤਾ।
ਛੋਟੀਆਂ-ਛੋਟੀਆਂ ਘਟਨਾਵਾਂ ਨੂੰ ਹਊਆ ਬਣਾ ਕੇ ਪੇਸ਼ ਕੀਤਾ ਜਾ ਰਿਹਾ
ਸੰਗਰੂਰ: ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਰਾਸ਼ਟਰਪਤੀ ਦਰੋਪਦੀ ਮੁਰਮੂ ਦੇ ਨਾਂ ਮੰਗ ਪੱਤਰ ਸੌਂਪਿਆ ਤੇ ਪੰਜਾਬ ਤੇ ਕੇਂਦਰ ਸਰਕਾਰ ਵੱਲੋਂ ਸਿੱਖ ਆਗੂਆਂ ਵਿਰੁੱਧ ਕੀਤੀ ਜਾ ਰਹੀ ਕਾਰਵਾਈ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਇਸ ਮੌਕੇ ਦਰਬਾਰ-ਏ-ਖਾਲਸਾ ਵੱਲੋਂ ਸਿੱਖ ਕੌਮ ਦੇ ਪ੍ਰਚਾਰਕ ਭਾਈ ਹਰਜਿੰਦਰ ਸਿੰਘ ਮਾਝੀ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।
ਇਸ ਮੌਕੇ ਜਥੇਦਾਰ ਗੁਰਨੈਬ ਸਿੰਘ ਰਾਮਪੁਰਾ ਤੇ ਭਾਈ ਹਰਜਿੰਦਰ ਸਿੰਘ ਮਾਝੀ ਨੇ ਦੋਸ਼ ਲਾਇਆ ਕਿ ਪੰਜਾਬ ਤੇ ਕੇਂਦਰ ਸਰਕਾਰ ਵੱਲੋਂ ਮਿਲ ਕੇ ਸਿੱਖਾਂ ਨੂੰ ਬਦਨਾਮ ਕਰਨ ਦੀਆਂ ਸਾਜਿਸ਼ਾਂ ਰਚੀਆਂ ਜਾ ਰਹੀਆਂ ਹਨ ਤੇ ਪੰਜਾਬ ਵਿੱਚ ਵਾਪਰਨ ਵਾਲੀਆਂ ਛੋਟੀਆਂ-ਛੋਟੀਆਂ ਘਟਨਾਵਾਂ ਨੂੰ ਹਊਆ ਬਣਾ ਕੇ ਪੇਸ਼ ਕੀਤਾ ਜਾ ਰਿਹਾ ਹੈ। ਆਗੂਆਂ ਨੇ ਕਿਹਾ ਕਿ ਸਰਕਾਰਾਂ ਵੱਲੋਂ ਸਿੱਖ ਕੌਮ ਨੂੰ ਬੇਅਦਬੀਆਂ ਤੇ ਬੰਦੀ ਸਿੰਘਾਂ ਦੇ ਰਿਹਾਈ ਮਾਮਲੇ ਵਿੱਚ ਇਨਸਾਫ਼ ਦੇਣ ਦੀ ਬਜਾਏ ਸਿੱਖ ਕੌਮ ਨੂੰ ਕੌਮਾਂਤਰੀ ਪੱਧਰ ’ਤੇ ਬਦਨਾਮ ਕਰਕੇ ਕੌਮ ’ਤੇ 1984 ਵਾਂਗ ਤਸ਼ੱਦਦ ਕਰਨ ਦੀ ਰੂਪ ਰੇਖਾ ਤਿਆਰ ਕੀਤੀ ਜਾ ਰਹੀ ਹੈ।
ਉਨ੍ਹਾਂ ਦੋਸ਼ ਲਾਇਆ ਕਿ ‘ਵਾਰਿਸ ਪੰਜਾਬ ਦੇ’ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਤੇ ਉਸ ਦੇ ਸਾਥੀਆਂ ਨੂੰ ਝੂਠੇ ਕੇਸਾਂ ਵਿੱਚ ਫਸਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਦੇ 78 ਸਾਥੀਆਂ ਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਸੀਨੀਅਰ ਅਹੁਦੇਦਾਰਾਂ ਤੇ ਵਰਕਰਾਂ ਨੂੰ ਗੈਰਕਾਨੂੰਨੀ ਢੰਗ ਨਾਲ ਗ੍ਰਿਫ਼ਤਾਰ ਕੀਤਾ ਗਿਆ ਹੈ ਜਾਂ ਫਿਰ ਪਿਛਲੇ ਤਿੰਨ ਦਿਨਾਂ ਤੋਂ ਘਰਾਂ ਵਿੱਚ ਹੀ ਨਜ਼ਰਬੰਦ ਰੱਖਿਆ ਹੋਇਆ ਹੈ।
ਉਨ੍ਹਾਂ ਦਾਅਵਾ ਕੀਤਾ ਕਿ ਪੁਲਿਸ ਵਲੋਂ ਭਾਈ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੋਇਆ ਹੈ ਜਦੋਂਕਿ ਫਰਾਰ ਹੋਣ ਸਬੰਧੀ ਗੁੰਮਰਾਹਕੁਨ ਪ੍ਰਚਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਗ੍ਰਿਫ਼ਤਾਰ ਕੀਤੇ ਭਾਈ ਅੰਮ੍ਰਿਤਪਾਲ ਸਿੰਘ ਤੇ ਸਾਥੀਆਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ ਤੇ ਉਨ੍ਹਾਂ ’ਤੇ ਦਰਜ ਝੂਠੇ ਕੇਸ ਰੱਦ ਕੀਤੇ ਜਾਣ।
ਇਹ ਵੀ ਪੜ੍ਹੋ: 'ਵਾਰਿਸ ਪੰਜਾਬ ਦੇ' ਜਥੇਬੰਦੀ ਖਿਲਾਫ ਐਕਸ਼ਨ ਮਗਰੋਂ ਸੁਖਬੀਰ ਬਾਦਲ ਦਾ ਵੱਡਾ ਐਲਾਨ