Amritsar News: 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਦੀ ਫੜੋ-ਫੜੀ ਜਾਰੀ ਹੈ। ਅੱਜ ਪੱਟੀ ਤੋਂ ਅੰਮ੍ਰਿਤਪਾਲ ਸਿੰਘ ਦਾ ਇੱਕ ਹੋਰ ਸਾਥੀ ਵਰਿੰਦਰ ਸਿੰਘ ਗ੍ਰਿਫਤਾਰ ਹੋਣ ਦੀ ਸੂਚਨਾ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਅੰਮ੍ਰਿਤਪਾਲ ਸਿੰਘ ਦਾ ਗੰਨਮੈਨ ਸੀ। ਉਧਰ ਅੰਮ੍ਰਿਤਪਾਲ ਸਿੰਘ ਅਜੇ ਵੀ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਹੈ।
ਹਾਸਲ ਜਾਣਕਾਰੀ ਮੁਤਾਬਕ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ ਇੱਕ ਹੋਰ ਸਾਥੀ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ਦੀ ਪਛਾਣ ਵਰਿੰਦਰ ਸਿੰਘ ਉਰਫ਼ ਫ਼ੌਜੀ ਵਾਸੀ ਤਰਨ ਤਾਰਨ ਵਜੋਂ ਹੋਈ ਹੈ। ਪੁਲਿਸ ਉਸ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਹੈ।
ਫੌਜੀ, ਥਲ ਸੈਨਾ ’ਚੋਂ ਸੇਵਾ ਮੁਕਤ ਹੈ, ਅੰਮ੍ਰਿਤਪਾਲ ਦਾ ਅੰਗ ਰੱਖਿਅਕ ਸੀ। ਉਸ ਕੋਲ ਜੰਮੂ-ਕਸ਼ਮੀਰ ਤੋਂ ਜਾਰੀ ਹਥਿਆਰਾਂ ਦਾ ਲਾਇਸੈਂਸ ਸੀ, ਜੋ 23 ਫਰਵਰੀ ਨੂੰ ਅਜਨਾਲਾ ਝੜਪ ਤੋਂ ਬਾਅਦ ਰੱਦ ਕਰ ਦਿੱਤਾ ਗਿਆ ਸੀ। ਉਹ ਉਨ੍ਹਾਂ 10 ਬੰਦੂਕਧਾਰੀਆਂ ਵਿੱਚ ਸ਼ਾਮਲ ਸੀ, ਜੋ ਹਰ ਸਮੇਂ ਅੰਮ੍ਰਿਤਪਾਲ ਦੇ ਨਾਲ ਰਹਿੰਦੇ ਸਨ।
ਇਸ ਦੇ ਨਾਲ ਹੀ ਪੰਜਾਬ ਪੁਲਿਸ ਨੇ ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਰਚ ਅਪਰੇਸ਼ਨ ਦੌਰਾਨ 18 ਮਾਰਚ ਮਗਰੋਂ ਫੜੇ 353 ਨੌਜਵਾਨਾਂ ’ਚੋਂ ਹੁਣ ਤੱਕ 197 ਨੌਜਵਾਨਾਂ ਨੂੰ ਰਿਹਾਅ ਕਰ ਦਿੱਤਾ ਹੈ। ਪੁਲਿਸ ਨੇ ਮੁੱਢਲੀ ਪੜਤਾਲ ਮਗਰੋਂ ਇਨ੍ਹਾਂ ਨੌਜਵਾਨਾਂ ਨੂੰ ਛੱਡਣ ਦਾ ਫ਼ੈਸਲਾ ਕੀਤਾ ਹੈ।
ਇਹ ਵੀ ਪੜ੍ਹੋ: ਆਖਰ ਬਾਦਸ਼ਾਹ ਤੇ ਬੇਗਮ ਉੱਪਰ ਵੀ ਕਿਉਂ ਭਾਰੀ ਪੈਂਦਾ ਯੱਕਾ? ਫਰਾਂਸ ਦੀ ਕ੍ਰਾਂਤੀ ਨਾਲ ਜੁੜਿਆ ਸਬੰਧ?
ਹਾਸਲ ਜਾਣਕਾਰੀ ਮੁਤਾਬਕ ਪੁਲਿਸ ਦੀ ਕਾਰਵਾਈ ਮਗਰੋਂ ਬਹੁਤੇ ਮਾਪਿਆਂ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਤੱਕ ਵੀ ਪਹੁੰਚ ਕੀਤੀ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਪੁਲਿਸ ਨੂੰ ਹਦਾਇਤਾਂ ਕੀਤੀਆਂ ਹਨ ਕਿ ਅਮਨ-ਸ਼ਾਂਤੀ ਭੰਗ ਕਰਨ ਦੇ ਖ਼ਦਸ਼ੇ ਤਹਿਤ ਜਾਂ ਗੰਭੀਰ ਅਪਰਾਧਿਕ ਗਤੀਵਿਧੀਆਂ ਵਿੱਚ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੇ ਕੇਸਾਂ ਦੀ ਜਾਂਚ ਦੌਰਾਨ ਸਕਾਰਾਤਮਕ ਪਹੁੰਚ ਅਪਣਾਈ ਜਾਵੇ।
ਸੂਬੇ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਦੱਸਿਆ ਕਿ ਸੂਬੇ ਦੇ ਸਾਰੇ ਐਸਐਸਪੀਜ਼ ਅਤੇ ਸੀਪੀਜ਼ ਨੂੰ ਇਹ ਯਕੀਨੀ ਬਣਾਉਣ ਲਈ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਕਿਸੇ ਵੀ ਬੇਕਸੂਰ ਵਿਅਕਤੀ ਨੂੰ ਤੰਗ-ਪ੍ਰੇਸ਼ਾਨ ਜਾਂ ਗ੍ਰਿਫ਼ਤਾਰ ਨਾ ਕੀਤਾ ਜਾਵੇ। ਡੀਜੀਪੀ ਅੱਗੇ ਕਿਹਾ ਕਿ ਰੋਕਥਾਮ ਦੀਆਂ ਧਾਰਾਵਾਂ ਤਹਿਤ ਗ੍ਰਿਫ਼ਤਾਰ ਕੀਤੇ ਗਏ 353 ਵਿਅਕਤੀਆਂ ਤੋਂ ਇਲਾਵਾ 40 ਵਿਅਕਤੀਆਂ ਨੂੰ ਠੋਸ ਅਪਰਾਧਿਕ ਗਤੀਵਿਧੀਆਂ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਹੈ ਤੇ ਸੱਤ ਵਿਅਕਤੀਆਂ ਨੂੰ ਕੌਮੀ ਸੁਰੱਖਿਆ ਐਕਟ ਤਹਿਤ ਹਿਰਾਸਤ ’ਚ ਲਿਆ ਗਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।