ਅੰਮ੍ਰਿਤਸਰ : ਜ਼ਿਲੇ 'ਚ ਆਜ਼ਾਦ, ਨਿਰਪੱਖ ਤੇ ਪਾਰਦਰਸ਼ੀ ਚੋਣਾਂ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸਾਸ਼ਨ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਜ਼ਿਲ੍ਹਾ ਚੋਣ ਅਧਿਕਾਰੀ ਗੁਰਪ੍ਰੀਤ ਸਿੰਘ ਖਹਿਰਾ ਨੇ ਚਿਤਵਾਨੀ ਦਿੰਦੇ ਹੋਏ ਕਿਹਾ ਕਿ ਜਿਲੇ ਦੇ ਕਿਸੇ ਵੀ ਹਿੱਸੇ ਵਿੱਚ ਜੇਕਰ ਕੋਈ ਵਿਅਕਤੀ ਧੱਕਾ ਕਰਕੇ ਅਮਨ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਦਾ ਹੈ ਤਾਂ ਅਜਿਹੇ ਵਿਅਕਤੀਆਂ ਨਾਲ ਕਰੜੇ ਹੱਥੀ ਨਜਿੱਠਿਆ ਜਾਵੇਗਾਾ ਅਤੇ ਉਨ੍ਹਾਂ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।


ਗੁਰਪ੍ਰੀਤ ਸਿੰਘ ਖਹਿਰਾ ਨੇ ਅੱਜ ਪ੍ਰੈਸ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜ਼ਿਲ੍ਹੇ ਵਿੱਚ ਕੁੱਲ 2218 ਪੋਲਿੰਗ ਬੂਥ ਬਣਾਏ ਗਏ ਹਨ ਅਤੇ ਹਰੇਕ ਪੋਲਿੰਗ ਬੂਥ ਤੇ ਸੀ:ਸੀ:ਟੀ:ਵੀ ਕੈਮਰੇ ਵੀ ਲਗਾਏ ਗਏ ਹਨ, ਜਿੰਨਾਂ ਤੇ ਚੋਣ ਕਮਿਸ਼ਨ ਵੱਲੋਂ ਨਜਰ ਰੱਖੀ ਜਾਵੇਗੀ। ਉਨ੍ਹਾਂ ਕਿਹਾ ਕਿ ਪੋਲਿੰਗ ਪਾਰਟੀਆਂ ਦੀਆਂ ਰਿਹਰਸਲ ਪੂਰੀਆਂ ਹੋ ਚੁੱਕੀਆਂ ਹਨ ਅਤੇ ਕੱਲ ਮਿਤੀ 19-2-2022 ਨੂੰ ਇਨ੍ਹਾਂ ਨੂੰ ਪੁਲਿਸ ਪਾਰਟੀਆਂ ਨਾਲ ਆਪਣੇ ਆਪਣੇ ਡਿਊਟੀ ਸਥਾਨਾਂ ਤੇ ਰਵਾਨਾ ਕੀਤਾ ਜਾਵੇਗਾ। 

 

ਉਨ੍ਹਾਂ ਕਿਹਾ ਕਿ ਪੋਲਿੰਗ ਪਾਰਟੀਆਂ ਲਈ ਪੂਰੇ ਇੰਤਜਾਮ ਕੀਤੇ ਗਏ ਹਨ ਅਤੇ ਉਨ੍ਹਾਂ ਦੀ ਰਿਹਾਇਸ਼ ਤੋਂ ਇਲਾਵਾ ਖਾਣ ਪੀਣ ਦਾ ਪ੍ਰਬੰਧ ਵੀ ਕੀਤਾ ਗਿਆ ਹੈ। ਜਿਲ੍ਹਾ ਚੋਣ ਅਧਿਕਾਰੀ ਨੇ ਦੱਸਿਆ ਕਿ ਅੱਜ ਸ਼ਾਮ 6 ਵਜੇ ਤੋਂ ਚੋਣ ਪ੍ਰਚਾਰ ਬੰਦ ਹੋ ਗਿਆ ਹੈ ਅਤੇ ਜਿਲੇ੍ਹ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ  5 ਵਿਅਕਤੀਆਂ ਤੋਂ ਵੱਧ ਇਕੱਠ ਹੋਣ ਦੀ ਮਨਾਹੀ ਹੋਵੇਗੀ ਅਤੇ ਕੇਵਲ 5 ਵਿਅਕਤੀ ਹੀ  ਡੋਰ ਟੂ ਡੋਰ ਜਾ ਕੇ ਪ੍ਰਚਾਰ ਕਰ ਸਕਦੇ ਹਨ।


ਜ਼ਿਲ੍ਹਾ ਚੋਣ ਅਧਿਕਾਰੀ ਨੇ ਕਿਹਾ ਕਿ ਮੁੱਖ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਰਿਟਰਨਿੰਗ ਅਫਸਰਾਂ/ਪੁਲਿਸ ਅਧਿਕਾਰੀਆਂ/ਫਲਾਇੰਗ ਸਕੁਐਡ ਨੂੰ ਨਿਰਦੇਸ਼ ਜਾਰੀ ਕੀਤੇ ਹਨ ਕਿ ਚੋਣ ਪ੍ਰਚਾਰ ਖਤਮ ਹੋਣ ਤੋਂ ਬਾਅਦ ਵੀ ਵਿਧਾਨ ਸਭਾ ਹਲਕਿਆਂ ਵਿੱਚ ਬਾਹਰਲੇ ਵਿਅਕਤੀ ਰਹਿੰਦੇ ਪਾਏ ਜਾਂਦੇ ਹਨ ਤਾਂ ਉਨ੍ਹਾਂ ਵਿਰੁੱਧ ਐਫ:ਆਈ:ਆਰ ਦਰਜ ਕਰਵਾਈ ਜਾਵੇ। ਉਨਾਂ ਕਿਹਾ ਕਿ ਇਸ ਕਦਮ ਦਾ ਮੁੱਖ ਮੰਤਵ ਪਾਰਟੀ ਵਰਕਰਾਂ ਵੱਲੋਂ ਜਲੂਸ ਕੱਢਣ ਵੇਲੇ ਕਾਰਕੁਨਾਂ ਅਤੇ ਚੋਣ ਪ੍ਰਚਾਰ ਕਰਨ ਵਾਲਿਆਂ ਦੀ ਮੌਜੂਦਗੀ ਨੂੰ ਸੀਮਤ ਕਰਨਾ ਹੈ। ਉਨ੍ਹਾਂ ਦੱਸਿਆ ਕਿ 20 ਫਰਵਰੀ ਤੱਕ ਪੂਰਨ ਤੌਰ ਤੇ ਡਰਾਈ ਡੇਅ ਰਹੇਗਾ ਅਤੇ ਇਸ ਤੋਂ ਇਲਾਵਾ 10 ਮਾਰਚ ਨੂੰ ਵੋਟਾਂ ਦੀ ਗਿਣਤੀ ਵਾਲੇ ਦਿਨ ਨੂੰ ਵੀ ਡਰਾਈ ਡੇਅ ਵਜੋਂ ਐਲਾਨਿਆ ਗਿਆ ਹੈ। ਉਨ੍ਹਾਂ ਦੱਸਿਆ ਕਿ 20 ਫਰਵਰੀ ਨੂੰ ਸਵੇਰੇ 8 ਵਜੇ ਤੋਂ ਲੈ ਕੇ ਸ਼ਾਮ 6 ਵਜੇ ਤੱਕ ਵੋਟਾਂ ਪੈਣਗੀਆਂ।


ਪ੍ਰੈਸ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੁਲਿਸ ਕਮਿਸ਼ਨਰ ਡਾ: ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਸ਼ਹਿਰੀ ਖੇਤਰ ਵਿੱਚ 29 ਨਾਕੇ ਲਗਾਏ ਗਏ ਹਨ ਜਿੰਨਾਂ ਵਿੱਚ ਪੈਰਾ ਮਿਲਟਰੀ ਫੋਰਸ ਨੂੰ  ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜਿਲੇ੍ਹ ਵਿੱਚ 98 ਫੀਸਦੀ ਤੋਂ ਜਿਆਦਾ ਹਥਿਆਰ ਜਮਾਂ ਹੋਏ ਹਨ। ਡਾ: ਗਿੱਲ ਨੇ ਦੱਸਿਆ ਕਿ ਪੁਲਿਸ ਮੁਲਾਜਮਾਂ ਅਤੇ ਫਲਾਇੰਗ ਸਕੂਐਡ ਵੱਲੋਂ ਜਿਲੇ ਵਿੱਚ ਅਣਪਛਾਤੇ ਵਿਅਕਤੀਆਂ ਦੇ ਵੋਟਰ ਸ਼ਨਾਖਤੀ ਕਾਰਡਾਂ ਦੀ ਜਾਂਚ ਕਰਨਗੇ ਤਾਂ ਜੋ ਯਕੀਨੀ ਬਣਾਇਆ ਜਾ ਸਕੇ ਕਿ ਉਹ ਇਸ ਵਿਸ਼ੇਸ਼ ਹਲਕੇ ਦੇ ਵਸਨੀਕ ਹਨ ਜਾਂ ਨਹੀਂ। ਉਨ੍ਹਾਂ ਕਿਹਾ ਕਿ 18 ਫਰਵਰੀ ਨੂੰ ਸ਼ਾਮ 6 ਵਜੇ ਤੋਂ 20 ਫਰਵਰੀ 2022 ਨੂੰ ਪੋਲਿੰਗ ਪੂਰੀ ਹੋਣ ਤੱਕ ਦੂਸਰੇ ਹਲਕੇ ਵਿੱਚ ਰਹਿਣ ਦੀ ਇਜਾਜਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਦਿਨਾਂ ਵਿੱਚ ਕੋਈ ਵੀ ਵਿਅਕਤੀ ਸ਼ਰਾਬ ਦੀ ਸਟੋਰੇਜ ਨਹੀਂ ਕਰ ਸਕਦਾ।  


ਪੁਲਿਸ ਕਮਿਸ਼ਨਰ ਨੇ ਲੋਕਾਂ ਨੂੰ ਬਿਨਾਂ ਕਿਸੇ ਡਰ, ਭੈਅ ਦੇ ਖੁਲ ਕੇ ਵੋਟ ਪਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਨ। ਉਨਾਂ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਕੋਈ ਉਮੀਦਵਾਰ/ਰਾਜਸੀ ਪਾਰਟੀ ਨਕਦੀ, ਸ਼ਰਾਬ ਜਾਂ ਹੋਰ ਕੋਈ ਵਸਤੂ ਦੀ ਵੰਡ ਕਰਕੇ ਵੋਟਰਾਂ ਨੂੰ ਲਾਲਚ ਦੇਣ ਦੀ ਕੋਸ਼ਿਸ਼ ਕਰਦੀ ਹੈ ਤਾਂ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।


ਇਹ ਵੀ ਪੜ੍ਹੋ :ਨੈਸ਼ਨਲ ਸਟਾਕ ਐਕਸਚੇਂਜ ਦੀ ਸਾਬਕਾ CEO ਚਿੱਤਰਾ ਰਾਮਕ੍ਰਿਸ਼ਨ ਦੇ ਖਿਲਾਫ਼ ਲੁੱਕਆਊਟ ਨੋਟਿਸ ਜਾਰੀ, ਇੱਕ ਦਿਨ ਪਹਿਲਾਂ ਹੋਈ ਸੀ IT ਦੀ ਛਾਪੇਮਾਰੀ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :


https://play.google.com/store/apps/details?id=com.winit.starnews.hin
https://apps.apple.com/in/app/abp-live-news/id81111490