ਅੱਜ ਭਾਵ 1 ਜੂਨ ਨੂੰ ਪੰਜਾਬ, ਚੰਡੀਗੜ੍ਹ ਸਣੇ ਦੇਸ਼ ਦੇ ਕਈ ਹਲਕਿਆਂ ਵਿਚ ਆਖਰੀ ਗੇੜ ਦੀ ਵੋਟਿੰਗ ਹੋਣੀ ਹੈ। ਲੋਕ ਸਭਾ ਚੋਣਾਂ 2024 ਦੌਰਾਨ ਵੋਟਰਾਂ ਦੀ ਸਹੂਲਤ ਲਈ ਭਾਰਤੀ ਚੋਣ ਕਮਿਸ਼ਨ ਨੇ ਵੋਟਰਾਂ ਨੂੰ 1 ਜੂਨ ਨੂੰ ਵੋਟ ਪਾਉਣ ਲਈ ਵੋਟਰ ਫ਼ੋਟੋ ਪਛਾਣ ਪੱਤਰ ਤੋਂ ਇਲਾਵਾ 12 ਹੋਰ ਅਧਿਕਾਰਤ ਦਸਤਾਵੇਜ਼ਾਂ ਨੂੰ ਪਛਾਣ ਦੇ ਸਬੂਤ ਵਜੋਂ ਮਾਨਤਾ ਦਿੱਤੀ ਹੈ। ਇਨ੍ਹਾਂ ਦਸਤਾਵੇਜ਼ਾਂ 'ਚੋਂ ਕੋਈ ਵੀ ਇਕ ਦਸਤਾਵੇਜ਼ ਵੋਟਰ ਆਪਣੀ ਪਛਾਣ ਵਜੋਂ ਪੋਲਿੰਗ ਸਟੇਸ਼ਨ 'ਤੇ ਨਾਲ ਲਿਜਾ ਸਕਦਾ ਹੈ।


ਚੋਣ ਅਫ਼ਸਰ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਨੇ ਆਪਣੇ ਹੁਕਮਾਂ 'ਚ ਕਿਹਾ ਹੈ ਕਿ ਉਹ ਵੋਟਰ, ਜੋ ਚੋਣ ਫ਼ੋਟੋ ਪਛਾਣ ਪੱਤਰ ਪੇਸ਼ ਕਰਨ ਦੇ ਯੋਗ ਨਹੀਂ ਹਨ, ਆਪਣੀ ਪਛਾਣ ਸਥਾਪਤ ਕਰਨ ਲਈ 12 ਹੋਰ ਦਸਤਾਵੇਜ਼ ਪੇਸ਼ ਕਰ ਸਕਦੇ ਹਨ।


ਉਨ੍ਹਾਂ ਨੇ ਅੱਗੇ ਦੱਸਿਆ ਕਿ ਜਿਨ੍ਹਾਂ ਵੋਟਰਾਂ ਕੋਲ ਚੋਣ ਫ਼ੋਟੋ ਪਛਾਣ ਪੱਤਰ ਨਹੀਂ ਹਨ, ਉਹ ਆਧਾਰ ਕਾਰਡ, ਮਨਰੇਗਾ ਜੌਬ ਕਾਰਡ, ਬੈਂਕਾਂ/ਡਾਕਖ਼ਾਨੇ ਦੁਆਰਾ ਜਾਰੀ ਫ਼ੋਟੋ ਸਹਿਤ ਪਾਸ-ਬੁੱਕ, ਕਿਰਤ ਮੰਤਰਾਲੇ ਦੀ ਸਕੀਮ ਤਹਿਤ ਜਾਰੀ ਹੈਲਥ ਸਮਾਰਟ ਕਾਰਡ, ਡਰਾਈਵਿੰਗ ਲਾਇਸੈਂਸ, ਪੈਨ ਕਾਰਡ, ਐੱਨ. ਪੀ. ਆਰ. ਅਧੀਨ ਆਰ. ਜੀ. ਆਈ. ਵੱਲੋਂ ਜਾਰੀ ਸਮਾਰਟ ਕਾਰਡ, ਭਾਰਤੀ ਪਾਸਪੋਰਟ, ਫੋਟੋ ਸਹਿਤ ਪੈਨਸ਼ਨ ਦਸਤਾਵੇਜ਼, ਕੇਂਦਰ/ਸੂਬਾ ਸਰਕਾਰਾਂ/ਜਨਤਕ ਖੇਤਰ ਦੇ ਅਦਾਰਿਆਂ ਜਾਂ ਪਬਲਿਕ ਲਿਮਟਿਡ ਕੰਪਨੀਆਂ ਦੁਆਰਾ ਆਪਣੇ ਮੁਲਾਜ਼ਮਾਂ ਨੂੰ ਜਾਰੀ ਸਰਵਿਸ ਪਹਿਚਾਣ ਪੱਤਰ, ਐੱਮ. ਪੀ. ਐੱਮ. ਐੱਲ. ਏ. ਨੂੰ ਜਾਰੀ ਪਛਾਣ ਪੱਤਰ ਅਤੇ ਯੂਨੀਕ ਡਿਸਏਬਿਲਟੀ ਪਛਾਣ ਪੱਤਰ ਜੋ ਕਿ ਭਾਰਤ ਸਰਕਾਰ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲੇ ਵੱਲੋਂ ਜਾਰੀ ਕੀਤਾ ਹੋਵੇ, ਨੂੰ ਦਿਖਾ ਕੇ ਵੀ ਵੋਟ ਪਾ ਸਕਦੇ ਹਨ। 


ਚੋਣ ਅਫਸਰ ਨੇ ਸਾਰੇ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਉਹ 1 ਜੂਨ ਨੂੰ ਪੂਰੇ ਉਤਸ਼ਾਹ ਨਾਲ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਨ। ਉਨ੍ਹਾਂ ਨੇ ਅਪੀਲ ਕੀਤੀ ਕਿ ਵੋਟ ਸਾਡਾ ਹੱਕ ਹੈ ਅਤੇ ਹਰੇਕ ਯੋਗ ਵੋਟਰ ਬਿਨਾਂ ਕਿਸੇ ਡਰ, ਭੈਅ ਜਾਂ ਲਾਲਚ ਦੇ ਆਪਣੇ ਮਤਦਾਨ ਦੇ ਹੱਕ ਦੀ ਵਰਤੋਂ ਕਰੇ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।