BJP-Congress Leaders Join AAP: ਪੰਜਾਬ ਵਿੱਚ ਇਤਿਹਾਸਕ ਜਿੱਤ ਦਰਜ ਕਰਨ ਵਾਲੀ ਆਮ ਆਦਮੀ ਪਾਰਟੀ (AAP) ਦੀ ਮੰਗ ਹੁਣ ਵਧਦੀ ਜਾ ਰਹੀ ਹੈ। ਪਾਰਟੀ ਦੀ ਸ਼ਾਨਦਾਰ ਕਾਰਗੁਜ਼ਾਰੀ ਨੂੰ ਦੇਖਦੇ ਹੋਏ ਹੁਣ ਹਰਿਆਣਾ ਵਿੱਚ ਸੱਤਾਧਾਰੀ ਭਾਜਪਾ ਅਤੇ ਵਿਰੋਧੀ ਧਿਰ ਕਾਂਗਰਸ ਦੇ ਕਈ ਆਗੂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਪੰਜਾਬ ਵਿਧਾਨ ਸਭਾ ਚੋਣਾਂ (Punjab Assembly Elections)  'ਚ 'ਆਪ' ਨੇ ਭਾਰੀ ਬਹੁਮਤ ਨਾਲ ਜਿੱਤ ਹਾਸਲ ਕੀਤੀ ਹੈ। ਲੋਕਾਂ ਨੂੰ ਨਵੀਂ ਪਾਰਟੀ ਤੋਂ ਬਹੁਤ ਉਮੀਦਾਂ ਹਨ।



ਕਿਹੜੇ-ਕਿਹੜੇ ਆਗੂ ਆਪ (AAP) 'ਚ ਸ਼ਾਮਲ ਹੋਏ

ਆਮ ਆਦਮੀ ਪਾਰਟੀ ਨੇ ਕਿਹਾ ਕਿ ਗੁਰੂਗ੍ਰਾਮ ਤੋਂ ਭਾਜਪਾ ਦੇ ਸਾਬਕਾ ਵਿਧਾਇਕ ਉਮੇਸ਼ ਅਗਰਵਾਲ ਅਤੇ ਸਾਬਕਾ ਮੰਤਰੀ ਅਤੇ ਸੀਨੀਅਰ ਕਾਂਗਰਸੀ ਨੇਤਾ ਵਿਜੇਂਦਰ ਸਿੰਘ ਸਮੇਤ ਕਈ ਨੇਤਾ 'ਆਪ' 'ਚ ਸ਼ਾਮਲ ਹੋ ਗਏ ਹਨ।

ਇੰਡੀਅਨ ਨੈਸ਼ਨਲ ਲੋਕ ਦਲ (ਇਨੈਲੋ) ਦੇ ਆਗੂ ਅਤੇ ਹਰਿਆਣਾ ਦੇ ਸਾਬਕਾ ਮੰਤਰੀ ਬਲਬੀਰ ਸਿੰਘ ਸੈਣੀ ਵੀ ‘ਆਪ’ ਹੈੱਡਕੁਆਰਟਰ ਵਿਖੇ ਪਾਰਟੀ ਵਿੱਚ ਸ਼ਾਮਲ ਹੋ ਗਏ। ਇਸ ਮੌਕੇ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ, ਪਾਰਟੀ ਦੇ ਰਾਜ ਸਭਾ ਮੈਂਬਰ ਸੁਸ਼ੀਲ ਗੁਪਤਾ ਤੇ ਐਨਡੀ ਗੁਪਤਾ ਤੇ ਕੌਮੀ ਜਨਰਲ ਸਕੱਤਰ ਪੰਕਜ ਗੁਪਤਾ ਹਾਜ਼ਰ ਸਨ।

ਪੰਜਾਬ ਤੋਂ ਬਾਅਦ 'ਆਪ' ਦੀ ਨਜ਼ਰ ਹਰਿਆਣਾ 'ਤੇ ਹੋਵੇਗੀ
ਦੱਸ ਦੇਈਏ ਕਿ ਪੰਜਾਬ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਨੇ ਹਰਿਆਣਾ ਵਿੱਚ ਵੀ ਆਪਣਾ ਕਾਫ਼ਲਾ ਵਧਾਉਣ ਲਈ ਯਤਨ ਸ਼ੁਰੂ ਕਰ ਦਿੱਤੇ ਹਨ। ‘ਆਪ’ ਦੀ ਹਰਿਆਣਾ ਇਕਾਈ ਦੇ ਇੰਚਾਰਜ ਅਤੇ ਰਾਜ ਸਭਾ ਮੈਂਬਰ ਡਾ. ਸੁਸ਼ੀਲ ਗੁਪਤਾ ਨੇ ਕਿਹਾ ਕਿ ਪਾਰਟੀ ਸੂਬੇ ਵਿੱਚ ਹੋਣ ਵਾਲੀਆਂ ਸ਼ਹਿਰੀ ਬਾਡੀ ਅਤੇ ਪੰਚਾਇਤੀ ਚੋਣਾਂ ਵਿੱਚ ਵੀ ਆਪਣੇ ਉਮੀਦਵਾਰ ਖੜ੍ਹੇ ਕਰੇਗੀ।

ਆਮ ਆਦਮੀ ਪਾਰਟੀ ਨੇ 117 ਵਿੱਚੋਂ 92 ਸੀਟਾਂ ਜਿੱਤੀਆਂ ਸਨ। ਇਤਿਹਾਸਕ ਜਿੱਤ ਤੋਂ ਬਾਅਦ ਹੁਣ ਭਗਵੰਤ ਮਾਨ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਇਹ ਪਹਿਲੀ ਵਾਰ ਹੋਵੇਗਾ ਜਦੋਂ 'ਆਪ' ਦਿੱਲੀ ਤੋਂ ਬਾਹਰ ਪਹਿਲੀ ਵਾਰ ਸਰਕਾਰ ਬਣਾਏਗੀ।