ਰਵਨੀਤ ਕੌਰ


ਚੰਡੀਗੜ੍ਹ Punjab Election 2022 : ਸਮਰਾਲਾ : ਪਾਰਟੀ ਦੇ ਬਾਗ਼ੀ ਆਗੂਆਂ ਕੇਵਲ ਸਿੰਘ ਢਿੱਲੋਂ ਤੇ ਅਟਾਰੀ ਤੋਂ ਮੌਜੂਦਾ ਵਿਧਾਇਕ ਤਰਸੇਮ ਸਿੰਘ ਡੀਸੀ ਤੋਂ ਬਾਅਦ ਕਾਂਗਰਸ ਹਾਈਕਮਾਂਡ ਨੇ ਸਮਰਾਲਾ ਦੇ ਵਿਧਾਇਕ ਅਮਰੀਕ ਸਿੰਘ ਢਿੱਲੋਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਰ ਕੇ ਕਾਂਗਰਸ ਪਾਰਟੀ 'ਚੋਂ ਬਾਹਰ ਦਾ ਰਸਤਾ ਵਿਖਾ ਦਿੱਤਾ ਹੈ।





ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਆਲ ਇੰਡੀਆ ਕਾਂਗਰਸ ਕਮੇਟੀ ਦੇ ਪੰਜਾਬ ਪ੍ਰਧਾਨ ਹਰੀਸ਼ ਚੌਧਰੀ ਨੇ ਦੱਸਿਆ ਕੇ ਸਮਰਾਲਾ ਹਲਕੇ ਤੋਂ ਕਾਂਗਰਸ ਪਾਰਟੀ ਦੀ ਟਿਕਟ ਇਸ ਵਾਰੀ ਰੁਪਿੰਦਰ ਸਿੰਘ ਰਾਜਾ ਗਿੱਲ ਨੂੰ ਦਿੱਤੀ ਗਈ ਸੀ ਤੇ ਵਿਧਾਇਕ ਅਮਰੀਕ ਸਿੰਘ ਢਿੱਲੋਂ ਨੇ ਉਨ੍ਹਾਂ ਨੂੰ ਕੋਈ ਸਹਿਯੋਗ ਨਹੀਂ ਦਿੱਤਾ।


ਪਾਰਟੀ ਦੇ ਖਿਲਾਫ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਲਈ ਕਾਗਜ਼ ਭਰ ਦਿੱਤੇ, ਜਿਸ ਕਰਕੇ ਉਨ੍ਹਾਂ ਨੂੰ ਕਾਂਗਰਸ 'ਚੋਂ ਬਾਹਰ ਕੱਢ ਦਿੱਤਾ ਗਿਆ। ਹਰੀਸ਼ ਚੌਧਰੀ ਨੇ ਕਿਹਾ ਕੇ ਪਾਰਟੀ ਖਿਲਾਫ ਬਗਾਵਤ ਕਦੇ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ  ਪੰਜਾਬ 'ਚ 20 ਫਰਵਰੀ ਨੂੰ ਵੋਟਾਂ ਪੈਣੀਆਂ ਹਨ। ਅੱਜ ਪਾਰਟੀਆਂ ਲਈ ਪ੍ਰਚਾਰ ਦਾ ਆਖਰੀ ਦਿਨ ਹੈ।


ਪੰਜਾਬ ਵਿਧਾਨ ਸਭਾ ਚੋਣਾਂ 2022 ਦੇ ਪ੍ਰਚਾਰ ਦਾ ਆਖਰੀ ਦਿਨ ਸ਼ੁੱਕਰਵਾਰ 18 ਫਰਵਰੀ ਹੈ। ਸੂਬੇ 'ਚ ਚੋਣ ਪ੍ਰਚਾਰ ਸ਼ੁੱਕਰਵਾਰ ਸ਼ਾਮ 6 ਵਜੇ ਤੋਂ ਬਾਅਦ ਰੁਕ ਜਾਵੇਗਾ। ਪੰਜਾਬ ਵਿਧਾਨ ਸਭਾ ਦੀਆਂ 117 ਸੀਟਾਂ ਲਈ ਐਤਵਾਰ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਾਂ ਪੈਣਗੀਆਂ।

ਪ੍ਰਸ਼ਾਸਨ ਨੇ ਬਾਹਰੀ ਲੋਕਾਂ ਨੂੰ 18 ਫਰਵਰੀ ਨੂੰ ਸ਼ਾਮ 6 ਵਜੇ ਤੋਂ ਪਹਿਲਾਂ ਵਿਧਾਨ ਸਭਾ ਹਲਕਾ ਛੱਡਣ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਚੋਣ ਪ੍ਰਚਾਰ ਠੱਪ ਹੋਣ ਤੋਂ ਬਾਅਦ 20 ਫਰਵਰੀ ਨੂੰ ਵੋਟਿੰਗ ਹੋਣ ਤੱਕ ਸੂਬੇ 'ਚ ਡਰਾਈ-ਡੇਅ ਦਾ ਐਲਾਨ ਕੀਤਾ ਗਿਆ ਹੈ। ਚੋਣ ਪ੍ਰਚਾਰ ਖ਼ਤਮ ਹੁੰਦੇ ਹੀ ਰੇਡੀਓ ਤੇ ਟੀਵੀ 'ਤੇ ਇਸ਼ਤਿਹਾਰਾਂ ਦਾ ਪ੍ਰਸਾਰਣ ਬੰਦ ਕਰ ਦਿੱਤਾ ਜਾਵੇਗਾ। ਚੋਣ ਪ੍ਰਚਾਰ ਦੇ ਆਖਰੀ ਦਿਨ ਕਈ ਦਿੱਗਜ ਆਗੂ ਆਪਣੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨਗੇ।