Panchayat Election in Punjab: ਪੰਜਾਬ ਵਿੱਚ ਪੰਚਾਇਤੀ ਚੋਣਾਂ  (Panchayat Election in Punjab) ਦਾ ਬਿਗੁਲ ਵੱਜ ਗਿਆ ਹੈ। ਸੂਬੇ ਵਿੱਚ ਅਗਲੇ ਮਹੀਨੇ ਪੰਚਾਇਤੀ ਚੋਣਾਂ ਹੋ ਸਕਦੀਆਂ ਹਨ। ਇਸ ਸਬੰਧੀ ਚੋਣ ਕਮਿਸ਼ਨ ਵੱਲੋਂ ਸਾਰੇ ਡੀਸੀ ਦਫ਼ਤਰਾਂ ਨੂੰ ਇੱਕ ਨੋਟੀਫਿਕੇਸ਼ਨ ਭੇਜਿਆ ਗਿਆ ਹੈ। ਇਸ ਵਿੱਚ ਚੋਣ ਕਮਿਸ਼ਨ ਨੇ 7 ਜਨਵਰੀ ਤੱਕ ਫਾਈਨਲ ਵੋਟਰ ਸੂਚੀ ਤਿਆਰ ਕਰਨ ਦੇ ਆਦੇਸ਼ ਦਿੱਤੇ ਹਨ। ਇਸ ਤੋਂ ਤੈਅ ਹੈ ਕਿ ਜਨਵਰੀ ਜਾਂ ਫਿਰ ਫਰਵਰੀ ਦੇ ਪਹਿਲੇ ਹਫਤੇ ਚੋਣਾਂ ਹੋ ਸਕਦੀਆਂ ਹਨ।


ਦੱਸ ਦਈਏ ਕਿ ਪੰਚਾਇਤੀ ਚੋਣਾਂ ਨੂੰ ਲੈ ਕੇ ਕਾਫੀ ਵਿਵਾਦ ਖੜ੍ਹਾ ਹੋਇਆ ਹੈ। ਇਸ ਤੋਂ ਪਹਿਲਾਂ ਅਗਸਤ ਵਿੱਚ ਪੰਚਾਇਤ ਚੋਣਾਂ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਸੀ ਕਿਉਂਕਿ ਸਰਕਾਰ ਨੇ 6 ਮਹੀਨੇ ਪਹਿਲਾਂ ਹੀ ਪੰਚਾਇਤਾਂ ਨੂੰ ਭੰਗ ਕਰ ਦਿੱਤਾ ਸੀ। ਮਾਮਲਾ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਪਹੁੰਚਣ ਤੋਂ ਬਾਅਦ ਸਰਕਾਰ ਨੇ ਇਸ 'ਤੇ ਯੂ-ਟਰਨ ਲੈ ਲਿਆ ਸੀ।


ਹੁਣ ਚੋਣ ਕਮਿਸ਼ਨ ਨੇ ਪੰਚਾਇਤੀ ਚੋਣਾਂ ਕਰਾਉਣ ਦੀ ਤਿਆਰੀ ਵਿੱਢ ਦਿੱਤੀ ਹੈ। ਪੰਜਾਬ ਚੋਣ ਕਮਿਸ਼ਨ ਵੱਲੋਂ ਡੀਸੀ ਦਫ਼ਤਰਾਂ ਨੂੰ ਭੇਜੇ ਨੋਟੀਫਿਕੇਸ਼ਨ ਵਿੱਚ ਆਦੇਸ਼ ਦਿੱਤਾ ਹੈ ਕਿ ਅੰਤਿਮ ਵੋਟਰ ਸੂਚੀ 7 ਜਨਵਰੀ ਤੱਕ ਪ੍ਰਕਾਸ਼ਿਤ ਕੀਤੀ ਜਾਏ। ਇਸ ਤੋਂ ਪਹਿਲਾਂ ਸੂਬੇ ਵਿੱਚ ਗ੍ਰਾਮ ਪੰਚਾਇਤ ਚੋਣਾਂ ਕਰਵਾਉਣ ਲਈ 11 ਤੋਂ 18 ਦਸੰਬਰ ਤੱਕ ਵੋਟਰ ਸੂਚੀਆਂ ਤਿਆਰ ਕਰਨ ਲਈ ਕਿਹਾ ਗਿਆ ਹੈ।


ਨਵੇਂ ਨੋਟੀਫਿਕੇਸ਼ਨ ਅਨੁਸਾਰ ਵੋਟਰ ਸੂਚੀਆਂ ਦਾ ਡਰਾਫਟ ਨੋਟੀਫਿਕੇਸ਼ਨ 20 ਦਸੰਬਰ ਤੱਕ ਤਿਆਰ ਕੀਤਾ ਜਾਣਾ ਹੈ। ਇਸੇ ਤਰ੍ਹਾਂ ਡਰਾਫਟ ਨੋਟੀਫਿਕੇਸ਼ਨ ਵਿੱਚ 5 ਜਨਵਰੀ ਤੱਕ ਦਾਅਵਿਆਂ ਤੇ ਇਤਰਾਜ਼ਾਂ ਦਾ ਨਿਪਟਾਰਾ ਕਰਨ ਲਈ ਕਿਹਾ ਗਿਆ ਹੈ। ਅੰਤਿਮ ਵੋਟਰ ਸੂਚੀ 7 ਜਨਵਰੀ ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ। ਇਸ ਤੋਂ ਤੈਅ ਹੈ ਕਿ ਪੰਜਾਬ ਵਿੱਚ ਜਨਵਰੀ ਵਿੱਚ ਗ੍ਰਾਮ ਪੰਚਾਇਤ ਚੋਣਾਂ ਕਰਵਾਈਆਂ ਜਾ ਸਕਦੀਆਂ ਹਨ।



ਦੱਸ ਦਈਏ ਕਿ ਪੰਜਾਬ ਵਿੱਚ ਪੰਚਾਇਤਾਂ ਦੀ ਕੁੱਲ ਗਿਣਤੀ 13,268 ਹੈ। ਗ੍ਰਾਮ ਪੰਚਾਇਤ ਦੀਆਂ ਚੋਣਾਂ ਜਨਵਰੀ 2019 ਵਿੱਚ ਹੋਈਆਂ ਸਨ ਤੇ ਉਸ ਤੋਂ ਬਾਅਦ ਸਰਪੰਚਾਂ ਨੇ ਅਹੁਦਾ ਸੰਭਾਲਿਆ ਸੀ। ਉਨ੍ਹਾਂ ਦਾ ਕਾਰਜਕਾਲ ਜਨਵਰੀ 2024 ਵਿੱਚ ਖਤਮ ਹੋ ਰਿਹਾ ਹੈ। ਪੰਜਾਬ ਸਰਕਾਰ ਇਨ੍ਹਾਂ ਚੋਣਾਂ ਵਿੱਚ ਦੇਰੀ ਨਹੀਂ ਕਰਨਾ ਚਾਹੁੰਦੀ ਤੇ ਇਸ ਗੱਲ ਦੀ ਸੰਭਾਵਨਾ ਹੈ ਕਿ ਗ੍ਰਾਮ ਪੰਚਾਇਤ ਚੋਣਾਂ ਜਨਵਰੀ 2024 ਵਿੱਚ ਹੀ ਕਰਵਾਈਆਂ ਜਾ ਸਕਦੀਆਂ ਹਨ।