ਚੰਡੀਗੜ੍ਹ: ਕੋਰੋਨਾ ਵਾਇਰਸ ਦੇ ਖਤਰੇ ਨੂੰ ਵੇਖਦਿਆਂ ਚੋਣ ਕਮਿਸ਼ਨ ਨੇ ਵਿਧਾਨ ਸਭਾ ਚੋਣਾਂ ਲਈ ਗਾਈਡਲਾਈਨਜ਼ ਜਾਰੀ ਕੀਤੀਆਂ ਹਨ ਪਰ ਸਿਆਸੀ ਪਾਰਟੀਆਂ ਨਿਯਮਾਂ ਦੀ ਉਲੰਘਣਾ ਕਰਕੇ ਵੱਡੇ ਇਕੱਠ ਕਰ ਰਹੀਆਂ ਹਨ। ਉਧਰ, ਚੋਣ ਕਮਿਸ਼ਨ ਵੀ ਇਸ ਨੂੰ ਲੈ ਕੇ ਚੌਕਸ ਹੈ। ਹੁਣ ਤੱਕ ਕਈ ਲੀਡਰਾਂ ਖਿਲਾਫ ਮਾਮਲੇ ਦਰਜ ਹੋ ਚੁੱਕੇ ਹਨ।


ਅਜਿਹੇ ਹੀ ਇੱਕ ਮਾਮਲੇ ਵਿੱਚ ਫ਼ਰੀਦਕੋਟ ਪੁਲਿਸ ਨੇ ਚੋਣ ਅਧਿਕਾਰੀ ਦੀ ਲਿਖਤੀ ਸ਼ਿਕਾਇਤ ਮਿਲਣ ਮਗਰੋਂ ਅਕਾਲੀ ਦਲ ਦੇ ਸੂਬਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਯੂਥ ਅਕਾਲੀ ਦਲ ਦੇ ਸੂਬਾ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਖ਼ਿਲਾਫ਼ ਚੋਣ ਜ਼ਾਬਤੇ ਤੇ ਕੋਵਿਡ-19 ਦੇ ਨਿਯਮਾਂ ਦੀ ਉਲੰਘਣਾ ਕਰਨ ਦੇ ਦੋਸ਼ਾਂ ਤਹਿਤ ਪਰਚਾ ਦਰਜ ਕੀਤਾ ਹੈ।


ਪੁਲਿਸ ਮੁਤਾਬਕ ਇੱਥੋਂ ਦੀ ਅਨਾਜ ਮੰਡੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਆਪਣੀ ਪਾਰਟੀ ਦੇ ਉਮੀਦਵਾਰ ਪਰਮਬੰਸ ਸਿੰਘ ਬੰਟੀ ਰੋਮਾਣਾ ਦੇ ਹੱਕ ਵਿੱਚ ਚੋਣ ਰੈਲੀ ਕੀਤੀ ਗਈ ਸੀ। ਰਿਟਰਨਿੰਗ ਅਫ਼ਸਰ ਫ਼ਰੀਦਕੋਟ ਨੇ ਆਪਣੀ ਰਿਪੋਰਟ ਵਿੱਚ ਕਿਹਾ ਹੈ ਕਿ ਵੱਖ-ਵੱਖ ਪੜਤਾਲ ਰਿਪੋਰਟਾਂ ਤੋਂ ਪਤਾ ਲੱਗਦਾ ਹੈ ਕਿ ਅਕਾਲੀ ਦਲ ਦੀ ਰੈਲੀ ਵਿੱਚ ਛੇ ਹਜ਼ਾਰ ਤੋਂ ਵੱਧ ਲੋਕ ਇਕੱਠੇ ਹੋਏ ਸਨ ਜਦੋਂਕਿ ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਆਊਟ ਡੋਰ ਰੈਲੀ ਵਿੱਚ ਇੱਕ ਹਜ਼ਾਰ ਤੋਂ ਵੱਧ ਵਿਅਕਤੀ ਇਕੱਠੇ ਨਹੀਂ ਹੋ ਸਕਦੇ।


ਇਹ ਵੀ ਪਤਾ ਲੱਗਾ ਹੈ ਕਿ ਆਮ ਆਦਮੀ ਪਾਰਟੀ ਨੇ ਅਕਾਲੀ ਦਲ ਦੀ ਰੈਲੀ ਦੀ ਵੀਡੀਓਗ੍ਰਾਫੀ ਕਰਕੇ ਚੋਣ ਅਬਜ਼ਰਵਰਾਂ ਨੂੰ ਸੌਂਪੀ ਸੀ। ਚੋਣ ਅਬਜ਼ਰਵਰਾਂ ਨੇ ਆਪਣੀ ਰਿਪੋਰਟ ਵਿੱਚ ਮਨਜ਼ੂਰੀ ਨਾਲੋਂ ਵੱਧ ਇਕੱਠ ਹੋਣ ਦੀ ਪੁਸ਼ਟੀ ਕੀਤੀ ਹੈ ਤੇ ਇਸ ਰੈਲੀ ਵਿੱਚ ਕੋਵਿਡ ਦੇ ਨਿਯਮਾਂ ਦੀ ਵੀ ਉਲੰਘਣਾ ਹੋਈ ਹੈ। ਰਿਟਰਨਿੰਗ ਅਫ਼ਸਰ ਨੇ ਇਸ ਸਬੰਧੀ ਜ਼ਿਲ੍ਹਾ ਪੁਲਿਸ ਨੂੰ ਲਿਖਤੀ ਸ਼ਿਕਾਇਤ ਭੇਜੀ ਸੀ।


ਜ਼ਿਲ੍ਹਾ ਪੁਲਿਸ ਮੁਖੀ ਵਰੁਣ ਸ਼ਰਮਾ ਨੇ ਕਿਹਾ ਕਿ ਉਨ੍ਹਾਂ ਨੂੰ ਰਿਟਰਨਿੰਗ ਅਫਸਰ ਦੀ ਇਸ ਸਬੰਧੀ ਲਿਖਤੀ ਸ਼ਿਕਾਇਤ ਮਿਲੀ ਹੈ ਤੇ ਸ਼ਿਕਾਇਤ ਅਨੁਸਾਰ ਸੁਖਬੀਰ ਸਿੰਘ ਬਾਦਲ ਤੇ ਪਰਮਬੰਸ ਸਿੰਘ ਬੰਟੀ ਰੋਮਾਣਾ ਸਮੇਤ ਕੁਝ ਹੋਰ ਵਿਅਕਤੀਆਂ ਖ਼ਿਲਾਫ਼ ਚੋਣ ਜ਼ਾਬਤੇ ਤੇ ਕੋਵਿਡ ਨਿਯਮਾਂ ਦੀ ਉਲੰਘਣਾ ਕਰਨ ਦੇ ਦੋਸ਼ਾਂ ਤਹਿਤ ਕੇਸ ਦਰਜ ਕਰ ਲਿਆ ਹੈ।



ਇਹ ਵੀ ਪੜ੍ਹੋ: ਕਿਸਾਨਾਂ ਲਈ ਖਾਸ ਖਬਰ! ਜਾਣੋ, ਵਾਹੀਯੋਗ ਜ਼ਮੀਨ ਖਰੀਦਣ ਲਈ 80 ਫੀਸਦੀ ਕਰਜ਼ਾ ਕਿਵੇਂ ਲੈਣਾ?


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904