ਚੰਡੀਗੜ੍ਹ : ਪੰਜਾਬ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹੈ।  ਮੁੱਖ ਚੋਣ ਅਧਿਕਾਰੀ (CEO) ਪੰਜਾਬ ਦੇ ਦਫ਼ਤਰ ਪੰਜਾਬ ਵੱਲੋਂ ਚੋਣਾਂ ਲਈ ਪੁਖ਼ਤਾ ਬੰਦੋਬਤ ਕੀਤੇ ਜਾ ਰਹੇ ਹਨ ਤਾਂ ਜੋ  ਪੰਜਾਬ ਵਿੱਚ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਨੂੰ ਯਕੀਨੀ ਬਣਾਇਆ ਜਾ ਸਕੇ। ਮੁੱਖ ਚੋਣ ਅਧਿਕਾਰੀ ਡਾ. ਐਸ. ਕਰੁਣਾ ਰਾਜੂ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬੇ ਦੀ ਸਮੁੱਚੀ ਮਸ਼ੀਨਰੀ ਸ਼ਾਂਤਮਈ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 24 ਘੰਟੇ ਕੰਮ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ  ਕੁੱਲ 21499804 ਵੋਟਰ ਹਨ ਜਿਨ੍ਹਾਂ ਵਿੱਚ 11298081 ਪੁਰਸ਼, 10200996 ਔਰਤਾਂ ਅਤੇ 727 ਟਰਾਂਸਜੈਂਡਰ ਹਨ। 117 ਹਲਕਿਆਂ ਵਿੱਚ 1304 ਉਮੀਦਵਾਰ ਚੋਣ ਲੜ ਰਹੇ ਹਨ ਜਿਨ੍ਹਾਂ ਵਿੱਚ 1209 ਪੁਰਸ਼, 93 ਔਰਤਾਂ ਅਤੇ ਦੋ ਟਰਾਂਸਜੈਂਡਰ ਸ਼ਾਮਲ ਹਨ।



ਉਨ੍ਹਾਂ ਦੱਸਿਆ ਕਿ ਕੁੱਲ 1304 ਉਮੀਦਵਾਰਾਂ ਵਿੱਚੋਂ 231 ਰਾਸ਼ਟਰੀ ਪਾਰਟੀਆਂ, 250 ਸੂਬਾਈ ਪਾਰਟੀਆਂ, 362 ਗੈਰ ਮਾਨਤਾ ਪ੍ਰਾਪਤ ਪਾਰਟੀਆਂ ਨਾਲ ਸਬੰਧਤ ਹਨ ਜਦਕਿ 461 ਆਜ਼ਾਦ ਉਮੀਦਵਾਰ ਹਨ। ਉਨ੍ਹਾਂ ਕਿਹਾ ਕਿ ਚੋਣ ਲੜ ਰਹੇ 315 ਉਮੀਦਵਾਰ ਅਪਰਾਧਿਕ ਪਿਛੋਕੜ ਵਾਲੇ ਹਨ। ਡਾ: ਰਾਜੂ ਨੇ ਦੱਸਿਆ ਕਿ ਪੋਲਿੰਗ ਸਟੇਸ਼ਨਾਂ ਵਾਲੀਆਂ 14684 ਥਾਵਾਂ `ਤੇ 24689 ਪੋਲਿੰਗ ਸਟੇਸ਼ਨ ਅਤੇ 51 ਆਗਜ਼ੀਲਰੀ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਗਏ ਹਨ।


ਜਿਨ੍ਹਾਂ ਵਿੱਚੋਂ 2013 ਦੀ ਪਛਾਣ ਗੰਭੀਰ, ਜਦਕਿ 2952 ਸੰਵੇਦਨਸ਼ੀਲ ਪੋਲਿੰਗ ਸਟੇਸ਼ਨ ਵਜੋਂ ਕੀਤੀ ਗਈ ਹੈ । ਉਨ੍ਹਾਂ ਦੱਸਿਆ ਕਿ 1196 ਮਾਡਲ ਪੋਲਿੰਗ ਸਟੇਸ਼ਨ, 196 ਮਹਿਲਾ ਪ੍ਰਬੰਧਤ ਪੋਲਿੰਗ ਸਟੇਸ਼ਨ ਅਤੇ 70 ਦਿਵਿਆਂਗਾਂ ਦੁਆਰਾ ਸੰਚਾਲਿਤ ਪੋਲਿੰਗ ਸਟੇਸ਼ਨ ਹੋਣਗੇ। ਉਨ੍ਹਾਂ ਦੱਸਿਆ ਕਿ ਸਾਰੇ ਪੋਲਿੰਗ ਸਟੇਸ਼ਨਾਂ ਦੀ ਵੈਬਕਾਸਟਿੰਗ ਕੀਤੀ ਜਾ ਰਹੀ ਹੈ।


ਉਨ੍ਹਾਂ ਦੱਸਿਆ ਕਿ ਇਨ੍ਹਾਂ ਚੋਣਾਂ ਵਿੱਚ 28328 ਬੈਲਟ ਯੂਨਿਟ ਅਤੇ 24740 ਈਵੀਐਮ-ਵੀਵੀਪੈਟ ਦੀ ਵਰਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਕੁੱਲ 6 ਵਿਧਾਨ ਸਭਾ ਹਲਕੇ -- 52-ਖਰੜ, 59-ਸਾਹਨੇਵਾਲ, 61-ਲੁਧਿਆਣਾ ਦੱਖਣੀ, 67-ਪਾਇਲ, 110-ਪਟਿਆਲਾ ਦਿਹਾਤੀ ਅਤੇ 115-ਪਟਿਆਲਾ ਵਿਖੇ ਦੋ-ਦੋ ਬੈਲਟ ਯੂਨਿਟ ਹਨ।



ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਾ. ਰਾਜੂ ਨੇ ਦੱਸਿਆ ਕਿ ਤਿੰਨ ਵਿਸ਼ੇਸ਼ ਸਟੇਟ ਅਬਜ਼ਰਵਰਾਂ ਤੋਂ ਇਲਾਵਾ, ਭਾਰਤੀ ਚੋਣ ਕਮਿਸ਼ਨ ਨੇ 65 ਜਨਰਲ ਅਬਜ਼ਰਵਰ, 50 ਖਰਚਾ ਅਬਜ਼ਰਵਰ ਅਤੇ 29 ਪੁਲਿਸ ਅਬਜ਼ਰਵਰ ਨਿਯੁਕਤ ਕੀਤੇ ਹਨ, ਜੋ ਤਿੱਖੀ ਨਜ਼ਰ ਰੱਖ ਰਹੇ ਹਨ। ਉਨ੍ਹਾਂ ਕਿਹਾ ਕਿ ਪੋਲਿੰਗ ਪਾਰਟੀਆਂ ਦੀ ਸਹਾਇਤਾ ਲਈ 2083 ਸੈਕਟਰ ਅਫਸਰ ਤਾਇਨਾਤ ਕੀਤੇ ਗਏ ਹਨ।


ਉਨ੍ਹਾਂ ਦੱਸਿਆ ਕਿ ਸੂਬੇ ਵਿੱਚ 17 ਵਿਧਾਨ ਸਭਾ ਹਲਕਿਆਂ ਦੀ ਸ਼ਨਾਖਤ ਖਰਚ ਸੰਵੇਦਨਸ਼ੀਲ ਵਜੋਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ 117 ਡਿਸਪੈਚ ਸੈਂਟਰ ਅਤੇ 117 ਕੁਲੈਕਸ਼ਨ ਸੈਂਟਰ ਹਨ, ਜਦੋਂ ਕਿ ਰਾਜ ਵਿੱਚ 67 ਥਾਵਾਂ `ਤੇ 117 ਈਵੀਐਮ ਸਟਰਾਂਗ ਰੂਮ ਸਥਾਪਤ ਕੀਤੇ ਗਏ ਹਨ।


ਡਾ: ਰਾਜੂ ਨੇ ਪੋਲਿੰਗ ਸਟੇਸ਼ਨਾਂ `ਤੇ ਆਉਣ ਵਾਲੇ ਵੋਟਰਾਂ ਨੂੰ ਮਾਸਕ ਪਹਿਨਣ ਅਤੇ ਸਮਾਜਿਕ ਦੂਰੀ ਬਣਾਈ ਰੱਖਣ ਸਮੇਤ ਕੋਵਿਡ-19 ਪ੍ਰੋਟੋਕੋਲ ਦੀ ਪਾਲਣਾ ਕਰਨ ਦੀ ਵੀ ਅਪੀਲ ਕੀਤੀ।ਉਨ੍ਹਾਂ ਅੱਗੇ ਦੱਸਿਆ ਕਿ 80 ਸਾਲ ਤੋਂ ਵੱਧ ਉਮਰ ਦੇ 444721 ਵਿਅਕਤੀ, 138116 ਦਿਵਿਆਂਗ ਵੋਟਰ ਅਤੇ 162 ਕੋਵਿਡ-19 ਮਰੀਜ਼ਾਂ ਨੂੰ ਪੋਸਟਲ ਬੈਲਟ ਸਹੂਲਤ ਲਈ ਫਾਰਮ 12ਡੀ ਮਹੱਈਆ ਕਰਵਾਏ ਗਏ ਹਨ।



ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਇਸ ਵਾਰ 18-19 ਸਾਲ ਉਮਰ ਵਰਗ ਦੇ 348836 ਵੋਟਰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਗੇ ਅਤੇ ਸਾਰੇ ਜਿ਼ਲ੍ਹਾ ਪ੍ਰਸ਼ਾਸਨ ਪਹਿਲੀ ਵਾਰ ਇਨ੍ਹਾਂ ਨੌਜਵਾਨ ਵੋਟਰਾਂ ਨੂੰ ਪ੍ਰੇਰਿਤ ਕਰਨ ਲਈ ਲੋੜੀਂਦੇ ਕਦਮ ਚੁੱਕ ਰਹੇ ਹਨ। ਉਨ੍ਹਾਂ ਦੱਸਿਆ ਕਿ 80 ਸਾਲ ਤੋਂ ਵੱਧ ਉਮਰ ਦੇ 509405 ਵੋਟਰ, 109624 ਸਰਵਿਸ ਵੋਟਰ ਅਤੇ 158341 ਦਿਵਿਆਂਗ ਵੋਟਰ ਹਨ, ਜਦਕਿ 1608 ਪਰਵਾਸੀ ਵੋਟਰ ਹਨ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰਾਂ ਨੂੰ ਵੈਲਕਮ ਕਿੱਟਾਂ ਜਾਰੀ ਕੀਤੀਆਂ ਗਈਆਂ ਹਨ, ਜਦਕਿ ਲੋਕਾਂ ਨੂੰ ਉਨ੍ਹਾਂ ਦੇ ਵੋਟ ਦੇ ਅਧਿਕਾਰਾਂ ਬਾਰੇ ਜਾਗਰੂਕ ਕਰਨ ਲਈ ਵੋਟਰ ਸੂਚਨਾ ਗਾਈਡਾਂ ਵੀ ਵੰਡੀਆਂ ਗਈਆਂ ਹਨ। 


ਡਾ: ਰਾਜੂ ਨੇ ਦੱਸਿਆ ਕਿ ਜੀ.ਪੀ.ਐਸ. ਨਾਲ ਲੈਸ 9966 ਵਾਹਨਾਂ ਦੀ ਵਰਤੋਂ ਚੋਣਾਂ ਸਬੰਧੀ ਡਿਊਟੀਆਂ ਲਈ ਕੀਤੀ ਜਾ ਰਹੀ ਹੈ।ਪੋਲਿੰਗ ਪਾਰਟੀਆਂ ਨੂੰ ਪੋਲਿੰਗ ਸਟੇਸ਼ਨਾਂ `ਤੇ ਭੇਜਣ ਲਈ 5000 ਤੋਂ ਵੱਧ ਬੱਸਾਂ ਦੀ ਵਰਤੋਂ ਕੀਤੀ ਜਾ ਰਹੀ ਹੈ।


ਅਮਨ-ਕਾਨੂੰਨ ਬਾਰੇ ਜਾਣਕਾਰੀ ਦਿੰਦਿਆਂ, ਡਾ: ਰਾਜੂ ਨੇ ਕਿਹਾ ਕਿ ਚੋਣਾਂ ਨੂੰ ਸੁਤੰਤਰ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨ ਨੂੰ ਯਕੀਨੀ ਬਣਾਉਣ ਲਈ ਸੂਬੇ ਭਰ ਵਿੱਚ ਤਾਇਨਾਤ ਪੁਲਿਸ ਪਾਰਟੀਆਂ ਸ਼ਰਾਬ, ਨਸ਼ੀਲੇ ਪਦਾਰਥਾਂ ਅਤੇ ਪੈਸੇ ਦੇ ਲੈਣ-ਦੇਣ ਨੂੰ ਠੱਲ੍ਹ ਪਾਉਣ ਲਈ ਚੌਕਸੀ ਨਾਲ ਤਲਾਸ਼ੀ ਲੈ ਰਹੀਆਂ ਹਨ।


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904