Punjab Election 2022: ਪੰਜਾਬ ਦੀਆਂ 117 ਸੀਟਾਂ 'ਤੇ ਅੱਜ ਰੁਕ ਜਾਵੇਗਾ ਚੋਣ ਪ੍ਰਚਾਰ, ਬਾਹਰੀ ਲੋਕਾਂ ਨੂੰ 6 ਵਜੇ ਤੋਂ ਪਹਿਲਾਂ ਹਲਕਾ ਛੱਡਣ ਦਾ ਹੁਕਮ
Punjab Election 2022: ਪੰਜਾਬ ਵਿਧਾਨ ਸਭਾ ਦੀਆਂ 117 ਸੀਟਾਂ ਲਈ 20 ਫਰਵਰੀ ਨੂੰ ਵੋਟਿੰਗ ਹੋਵੇਗੀ। ਇਸ ਵਾਰ ਕੁੱਲ 1 ਹਜ਼ਾਰ 304 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਲੁਧਿਆਣਾ ਦੀਆਂ 14 ਸੀਟਾਂ 'ਤੇ ਸਭ ਤੋਂ ਵੱਧ 175 ਉਮੀਦਵਾਰ ਚੋਣ ਲੜ ਰਹੇ ਹਨ।
Punjab Assembly Election 2022 today is the last date of Campaign in Punjab Election Voting will be held on 20 February
ਮਨਵੀਰ ਕੌਰ ਰੰਧਾਵਾ ਦੀ ਰਿਪੋਰਟ
Punjab Assembly Election 2022: ਪੰਜਾਬ ਵਿਧਾਨ ਸਭਾ ਚੋਣਾਂ 2022 ਦੇ ਪ੍ਰਚਾਰ ਦਾ ਆਖਰੀ ਦਿਨ ਸ਼ੁੱਕਰਵਾਰ 18 ਫਰਵਰੀ ਹੈ। ਸੂਬੇ 'ਚ ਚੋਣ ਪ੍ਰਚਾਰ ਸ਼ੁੱਕਰਵਾਰ ਸ਼ਾਮ 6 ਵਜੇ ਤੋਂ ਬਾਅਦ ਰੁਕ ਜਾਵੇਗਾ। ਪੰਜਾਬ ਵਿਧਾਨ ਸਭਾ ਦੀਆਂ 117 ਸੀਟਾਂ ਲਈ ਐਤਵਾਰ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਾਂ ਪੈਣਗੀਆਂ। ਪ੍ਰਸ਼ਾਸਨ ਨੇ ਬਾਹਰੀ ਲੋਕਾਂ ਨੂੰ 18 ਫਰਵਰੀ ਨੂੰ ਸ਼ਾਮ 6 ਵਜੇ ਤੋਂ ਪਹਿਲਾਂ ਵਿਧਾਨ ਸਭਾ ਹਲਕਾ ਛੱਡਣ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਚੋਣ ਪ੍ਰਚਾਰ ਠੱਪ ਹੋਣ ਤੋਂ ਬਾਅਦ 20 ਫਰਵਰੀ ਨੂੰ ਵੋਟਿੰਗ ਹੋਣ ਤੱਕ ਸੂਬੇ 'ਚ ਡਰਾਈ-ਡੇਅ ਦਾ ਐਲਾਨ ਕੀਤਾ ਗਿਆ ਹੈ। ਚੋਣ ਪ੍ਰਚਾਰ ਖ਼ਤਮ ਹੁੰਦੇ ਹੀ ਰੇਡੀਓ ਤੇ ਟੀਵੀ 'ਤੇ ਇਸ਼ਤਿਹਾਰਾਂ ਦਾ ਪ੍ਰਸਾਰਣ ਬੰਦ ਕਰ ਦਿੱਤਾ ਜਾਵੇਗਾ। ਚੋਣ ਪ੍ਰਚਾਰ ਦੇ ਆਖਰੀ ਦਿਨ ਕਈ ਦਿੱਗਜ ਆਗੂ ਆਪਣੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨਗੇ।
ਪੰਜਾਬ ਵਿੱਚ ਸਭ ਤੋਂ ਵੱਧ ਉਮੀਦਵਾਰ ਕਿਸ ਜ਼ਿਲ੍ਹੇ ਵਿੱਚ ਲੜ ਰਹੇ ਚੋਣ?
ਪੰਜਾਬ ਵਿਧਾਨ ਸਭਾ ਦੀਆਂ 117 ਸੀਟਾਂ ਲਈ 20 ਫਰਵਰੀ ਨੂੰ ਵੋਟਾਂ ਪੈਣਗੀਆਂ। ਇਸ ਵਾਰ ਕੁੱਲ 1 ਹਜ਼ਾਰ 304 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਲੁਧਿਆਣਾ ਦੀਆਂ 14 ਸੀਟਾਂ 'ਤੇ ਸਭ ਤੋਂ ਵੱਧ 175 ਉਮੀਦਵਾਰ ਚੋਣ ਲੜ ਰਹੇ ਹਨ। ਅੰਮ੍ਰਿਤਸਰ ਦੀਆਂ 11 ਸੀਟਾਂ ਲਈ 117 ਤੇ ਪਟਿਆਲਾ ਦੀਆਂ ਅੱਠ ਸੀਟਾਂ ਲਈ 103 ਉਮੀਦਵਾਰ ਮੈਦਾਨ ਵਿੱਚ ਹਨ।
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ.ਐਸ. ਕਰੁਣਾ ਰਾਜੂ ਮੁਤਾਬਕ ਚੋਣ ਪ੍ਰਚਾਰ ਦੀ ਸੀਮਾ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 126 ਮੁਤਾਬਕ ਤੈਅ ਕੀਤੀ ਗਈ ਹੈ। ਚੋਣ ਕਮਿਸ਼ਨ ਵੱਲੋਂ ਵੋਟਾਂ ਪੈਣ ਤੋਂ 48 ਘੰਟੇ ਪਹਿਲਾਂ ਲਾਗੂ ਕਰਨ ਦੀਆਂ ਹਦਾਇਤਾਂ ਵੀਰਵਾਰ ਸ਼ਾਮ ਨੂੰ ਸਮੂਹ ਜ਼ਿਲ੍ਹਾ ਚੋਣ ਅਫ਼ਸਰਾਂ ਨੂੰ ਜਾਰੀ ਕਰ ਦਿੱਤੀਆਂ ਗਈਆਂ।
ਇਸ਼ਤਿਹਾਰਾਂ ਦੇ ਪ੍ਰਸਾਰਣ 'ਤੇ ਪਾਬੰਦੀ
ਸੂਬੇ ਦੀਆਂ 19 ਅਤੇ 20 ਫਰਵਰੀ ਨੂੰ ਛਪਦੀਆਂ ਅਖ਼ਬਾਰਾਂ ਵਿੱਚ ਚੋਣਾਂ ਵਿੱਚ ਹਿੱਸਾ ਲੈਣ ਵਾਲੀਆਂ ਪਾਰਟੀਆਂ ਅਤੇ ਉਮੀਦਵਾਰ ਚੋਣ ਦਫ਼ਤਰ ਦੀ ਪ੍ਰਵਾਨਗੀ ਤੋਂ ਬਾਅਦ ਹੀ ਆਪਣੇ ਇਸ਼ਤਿਹਾਰ ਛਾਪ ਸਕਦੇ ਹਨ। ਇਸ ਦੌਰਾਨ ਬਲਕ ਐਸਐਮਐਸ, ਸੋਸ਼ਲ ਮੀਡੀਆ ਤੇ ਆਈਵੀਆਰਐਸ ਸੰਦੇਸ਼ਾਂ ਰਾਹੀਂ ਪਾਰਟੀਆਂ ਤੇ ਉਮੀਦਵਾਰਾਂ ਦੇ ਪ੍ਰਚਾਰ 'ਤੇ ਪਾਬੰਦੀ ਰਹੇਗੀ। ਇਹ ਪਾਬੰਦੀ 20 ਫਰਵਰੀ ਸ਼ਾਮ 6 ਵਜੇ ਤੱਕ ਲਾਗੂ ਰਹੇਗੀ।
ਪੰਜਾਬ ਵਿਧਾਨ ਸਭਾ ਚੋਣਾਂ ਦੇ ਆਖਰੀ ਦਿਨ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਮੋਗਾ ਵਿੱਚ ਚੋਣ ਪ੍ਰਚਾਰ ਕਰਨਗੇ। ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅੰਮ੍ਰਿਤਸਰ 'ਚ ਬਾਈਕ ਰੈਲੀ ਕਰਨਗੇ। ਦੂਜੇ ਪਾਸੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਆਪਣੇ ਹਲਕੇ ਅੰਮ੍ਰਿਤਸਰ ਪੂਰਬੀ ਵਿਧਾਨ ਸਭਾ ਸੀਟ ਵਿੱਚ ਰੋਡ ਸ਼ੋਅ ਕਰਨਗੇ। ਉਨ੍ਹਾਂ ਨੇ ਵੀਰਵਾਰ ਨੂੰ ਸੀਐਮ ਚੰਨੀ ਨਾਲ ਇੱਕ ਵੱਡਾ ਰੋਡ ਸ਼ੋਅ ਕੀਤਾ। ਭਾਜਪਾ ਦੀ ਤਰਫੋਂ ਰੱਖਿਆ ਮੰਤਰੀ ਰਾਜਨਾਥ ਸਿੰਘ ਆਪਣੇ ਗਠਜੋੜ ਸਾਥੀ ਕੈਪਟਨ ਅਮਰਿੰਦਰ ਸਿੰਘ ਲਈ ਪਟਿਆਲਾ ਵਿੱਚ ਰੋਡ ਸ਼ੋਅ ਕਰਨਗੇ।
ਕਿਸ ਪਾਰਟੀ ਤੋਂ ਕੌਣ ਮੁੱਖ ਮੰਤਰੀ ਦਾ ਚਿਹਰਾ?
ਇਸ ਚੋਣ ਵਿੱਚ ਕਾਂਗਰਸ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਦਾ ਚਿਹਰਾ ਬਣਾਇਆ ਹੈ। ਇਸ ਦੇ ਨਾਲ ਹੀ ਪੰਜਾਬ ਦੀ ਸੱਤਾ 'ਤੇ ਕਾਬਜ਼ ਹੋਣ ਦੀ ਕੋਸ਼ਿਸ਼ ਕਰ ਰਹੀ ਆਮ ਆਦਮੀ ਪਾਰਟੀ ਨੇ ਆਪਣੇ ਸੰਸਦ ਮੈਂਬਰ ਭਗਵੰਤ ਮਾਨ ਨੂੰ ਮੁੱਖ ਮੰਤਰੀ ਦੇ ਅਹੁਦੇ ਦਾ ਚਿਹਰਾ ਬਣਾਇਆ ਹੈ।
ਚੋਣ ਪ੍ਰਚਾਰ ਦੇ ਆਖ਼ਰੀ ਦਿਨਾਂ ਵਿੱਚ ਆਗੂਆਂ ਨੇ ਜ਼ੋਰਦਾਰ ਬਿਆਨਬਾਜ਼ੀ ਕੀਤੀ। ਪਹਿਲਾਂ ਕਾਂਗਰਸ ਨੇਤਾ ਰਾਹੁਲ ਗਾਂਧੀ ਦੇ ਅੱਤਵਾਦੀ ਦੇ ਬਿਆਨ 'ਤੇ ਹੰਗਾਮਾ ਹੋਇਆ। ਇਸ ਦੇ ਨਾਲ ਹੀ ਵਿਰੋਧੀ ਧਿਰ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਯੂਪੀ-ਬਿਹਾਰ ਦੇ ਲੋਕਾਂ ਨੂੰ ਲੈ ਕੇ ਦਿੱਤੇ ਬਿਆਨ ਦੀ ਸਖ਼ਤ ਆਲੋਚਨਾ ਕੀਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਉਨ੍ਹਾਂ 'ਤੇ ਹਮਲਾ ਬੋਲਿਆ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin