Punjab Election: ਪੰਜਾਬ ਵਿਧਾਨ ਸਭਾ ਚੋਣਾਂ ਦਾ ਇੱਕ ਅਹਿਮ ਤੱਥ ਸਾਹਮਣੇ ਆਇਆ ਹੈ। ਇਸ ਵਾਰ ਸਭਾ ਚੋਣਾਂ ਵਿੱਚ ਤਿੰਨ ਉਮੀਦਵਾਰ ਅਜਿਹੇ ਹਨ, ਜਿਨ੍ਹਾਂ ਨੂੰ ਵੱਖ-ਵੱਖ ਸਿਆਸੀ ਪਾਰਟੀਆਂ ਨੇ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਐਲਾਨਿਆ ਹੈ ਪਰ ਇਹ ਤਿੰਨੇ ਆਪਣੀ ਵੋਟ ਖੁਦ ਨੂੰ ਨਹੀਂ ਪਾ ਸਕਣਗੇ।
ਦਰਅਸਲ ਆਮ ਆਦਮੀ ਪਾਰਟੀ ਦੇ ਸੀਐਮ ਚਿਹਰਾ ਭਗਵੰਤ ਮਾਨ, ਸ਼੍ਰੋਮਣੀ ਅਕਾਲੀ ਦਲ ਦੇ ਸੁਖਬੀਰ ਬਾਦਲ ਤੇ ਕਾਂਗਰਸ ਦੇ ਚਰਨਜੀਤ ਚੰਨੀ ਦੀ ਵੋਟ ਤੇ ਚੋਣ ਹਲਕਾ ਵੱਖਰਾ-ਵੱਖਰਾ ਹੈ। ਇਸ ਕਰਕੇ ਬੇਸ਼ੱਕ ਲੋਕ ਉਨ੍ਹਾਂ ਨੂੰ ਜਤਾਉਣ ਲਈ ਵੋਟ ਪਾ ਰਹੇ ਹਨ ਪਰ ਉਹ ਆਪਣੇ ਆਪ ਨੂੰ ਹੀ ਵੋਟ ਨਹੀਂ ਪਾ ਸਕੇ।
ਹਾਸਲ ਜਾਣਕਾਰੀ ਮੁਤਾਬਕ ਵਿਧਾਨ ਸਭਾ ਹਲਕਾ ਧੂਰੀ ਤੋਂ ਚੋਣ ਲੜ ਰਹੇ ‘ਆਪ’ ਦੇ ਉਮੀਦਵਾਰ ਭਗਵੰਤ ਮਾਨ ਦੀ ਵੋਟ ਮੁਹਾਲੀ ਵਿੱਚ ਬਣੀ ਹੋਈ ਹੈ। ਇਸੇ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗਠਜੋੜ ਦੇ ਉਮੀਦਵਾਰ ਸੁਖਬੀਰ ਬਾਦਲ ਜਲਾਲਾਬਾਦ ਹਲਕੇ ਤੋਂ ਚੋਣ ਲੜ ਰਹੇ ਹਨ, ਜਦੋਂਕਿ ਉਨ੍ਹਾਂ ਦੀ ਵੋਟ ਲੰਬੀ ਹਲਕੇ ਵਿੱਚ ਹੈ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਭਦੌੜ ਤੇ ਸ੍ਰੀ ਚਮਕੌਰ ਸਾਹਿਬ ਹਲਕਿਆਂ ਤੋਂ ਚੋਣ ਲੜ ਰਹੇ ਹਨ ਪਰ ਉਨ੍ਹਾਂ ਦੀ ਵੋਟ ਖਰੜ ਵਿੱਚ ਬਣੀ ਹੋਈ ਹੈ।
ਸਖਤ ਸੁਰੱਖਿਆ ਪ੍ਰਬੰਧਾਂ ਹੇਠ ਹੋ ਰਹੀਆਂ ਚੋਣਾਂ
ਪੰਜਾਬ ਵਿਧਾਨ ਸਭਾ ਚੋਣਾਂ ਲਈ ਅੱਜ ਵੋਟਿੰਗ ਹੋ ਰਹੀ ਹੈ। ਕਿਸਾਨ ਅੰਦੋਲਨ ਕਰਕੇ ਇਹ ਵਾਰ ਚੋਣਾਂ ਕਾਫੀ ਅਹਿਮ ਮੰਨੀਆਂ ਜਾ ਰਹੀਆਂ ਹਨ। ਚੋਣਾਂ ਦੌਰਾਨ ਕਾਨੂੰਨ-ਵਿਵਸਥਾ ਕਾਇਮ ਰੱਖਣ ਲਈ ਚੋਣ ਕਮਿਸ਼ਨ ਵੱਲੋਂ ਨੀਮ ਸੁਰੱਖਿਆ ਬਲਾਂ ਦੀਆਂ 700 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ। ਹਰੇਕ ਬੂਥ ’ਤੇ ਸਥਾਨਕ ਪੁਲਿਸ ਦੇ ਨਾਲ ਨੀਮ ਸੁਰੱਖਿਆ ਬਲਾਂ ਦੇ ਜਵਾਨ ਤਾਇਨਾਤ ਕੀਤੇ ਗਏ ਹਨ। ਪੰਜਾਬ ਪੁਲਿਸ ਦੇ 80 ਹਜ਼ਾਰ ਤੋਂ ਵੱਧ ਕਰਮਚਾਰੀ ਵੀ ਤਾਇਨਾਤ ਹਨ।
ਕਮਿਸ਼ਨ ਦੀਆਂ ਹਦਾਇਤਾਂ ’ਤੇ ਚੋਣ ਜ਼ਾਬਤਾ ਲੱਗਣ ਤੋਂ ਬਾਅਦ ਰਾਜ ਭਰ ’ਚ ਲਾਏ ਨਾਕਿਆਂ ਤੋਂ ਪੁਲੀਸ ਵੱਲੋਂ ਹੁਣ ਤੱਕ 500 ਕਰੋੜ ਰੁਪਏ ਤੋਂ ਵਧੇਰੇ ਦੀ ਕੀਮਤ ਦਾ ਸਾਮਾਨ ਜ਼ਬਤ ਕੀਤਾ ਗਿਆ ਹੈ। ਇਸ ਵਿੱਚ 32.52 ਕਰੋੜ ਰੁਪਏ ਦੀ ਨਗ਼ਦੀ ਵੀ ਸ਼ਾਮਲ ਹੈ। ਕਮਿਸ਼ਨ ਵੱਲੋਂ ਪੰਜਾਬ ਨਾਲ ਲੱਗਦੇ ਰਾਜਾਂ ਹਰਿਆਣਾ, ਰਾਜਸਥਾਨ, ਹਿਮਾਚਲ ਪ੍ਰਦੇਸ਼, ਜੰਮੂ ਕਸ਼ਮੀਰ ਤੇ ਚੰਡੀਗੜ੍ਹ ਦੀਆਂ ਹੱਦਾਂ ’ਤੇ ਵੀ ਚੌਕਸੀ ਵਧਾਈ ਗਈ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904