ਰਵਨੀਤ ਕੌਰ ਦੀ ਰਿਪੋਰਟ


Punjab Election 2022 : ਕਾਂਗਰਸ ਪਾਰਟੀ ਹੁਣ ਵਿਧਾਨ ਸਭਾ ਚੋਣਾਂ ਵਿੱਚ ਬਾਗੀ ਹੋਣ ਵਾਲੇ ਕਾਂਗਰਸੀ ਲੀਡਰਾਂ ਖ਼ਿਲਾਫ਼ ਕਾਰਵਾਈ ਕਰਕੇ ਪਾਰਟੀ ਤੋਂ ਬਾਹਰ ਦਾ ਰਸਤਾ ਦਿਖਾ ਰਹੀ ਹੈ। ਕਾਂਗਰਸ ਪਾਰਟੀ ਨੇ ਅੱਜ  ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਬਾਗ਼ੀ ਹੋ ਕੇ ਚੋਣ ਲੜਨ ਵਾਲੇ ਸਾਬਕਾ ਮੰਤਰੀ ਹਰਮੰਦਰ ਸਿੰਘ ਜੱਸੀ (Harminder Singh Jassi) ਨੂੰ ਪਾਰਟੀ 'ਚੋਂ ਬਾਹਰ ਕੱਢ ਦਿੱਤਾ ਹੈ। ਇਸ ਤੋਂ ਪਹਿਲਾਂ ਬੀਤੇ ਕੱਲ ਕਾਂਗਰਸ ਪਾਰਟੀ ਨੇ ਬਰਨਾਲਾ ਤੋਂ ਕੇਵਲ ਸਿੰਘ ਢਿੱਲੋਂ ਨੂੰ ਪਾਰਟੀ 'ਚੋਂ ਬਾਹਰ ਕੱਢ ਦਿੱਤਾ ਸੀ। 

ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਨੇ ਪੱਤਰ ਜਾਰੀ ਕਰਕੇ ਹਰਮੰਦਰ ਸਿੰਘ ਜੱਸੀ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਤਹਿਤ ਪਾਰਟੀ ਵਿੱਚੋਂ ਕੱਢਿਆ ਹੈ। ਜੱਸੀ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਦੇ ਕੁੜਮ ਹਨ।

ਇਸ ਤੋਂ ਪਹਿਲਾਂ ਸਮਰਾਲਾ ਤੋਂ ਅਮਰੀਕ ਸਿੰਘ ਢਿੱਲੋਂ ਨੂੰ ਪੱਤਰ ਜਾਰੀ ਕਰ ਕੇ ਕਾਂਗਰਸ ਨੇ ਬਾਹਰ ਦਾ ਰਸਤਾ ਦਿਖਾਇਆ ਸੀ। ਅਮਰੀਕ ਸਿੰਘ ਢਿੱਲੋਂ ਨੂੰ ਟਿਕਟ ਨਾ ਮਿਲਣ 'ਤੇ ਉਨ੍ਹਾਂ ਨੇ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦਾ ਐਲਾਨ ਕੀਤਾ ਸੀ।

ਜ਼ਿਕਰਯੋਗ ਹੈ ਕਿ ਉਹ ਇਸ ਵਾਰ ਵਿਧਾਨ ਸਭਾ ਹਲਕਾ ਤਲਵੰਡੀ ਤੋਂ ਕਾਂਗਰਸ ਪਾਰਟੀ ਦੀ ਟਿਕਟ ਮੰਗ ਰਹੇ ਸਨ ਪਰ ਕਾਂਗਰਸ ਨੇ ਇਸ ਹਲਕੇ ਤੋਂ ਖੁਸ਼ਬਾਜ ਸਿੰਘ ਜਟਾਣਾ ਨੂੰ ਟਿਕਟ ਦਿੱਤੀ ਹੈ ਜਿਸ ਤੋਂ ਬਾਅਦ ਉਨ੍ਹਾ ਆਜ਼ਾਦ ਚੋਣ ਲੜਨ ਦਾ ਐਲਾਨ ਕਰ ਦਿੱਤਾ। ਜੱਸੀ ਇਸ ਹਲਕੇ ਤੋਂ ਪਹਿਲਾਂ ਵੀ ਦੋ ਵਾਰ ਕਾਂਗਰਸ ਪਾਰਟੀ ਦੀ ਟਿਕਟ ਤੇ ਚੋਣ ਜਿੱਤ ਚੁੱਕੇ ਹਨ।

ਇੱਥੇ ਇਹ ਵੀ ਦੱਸਣਯੋਗ ਹੈ ਕਿ ਬੁੱਧਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਬਠਿੰਡਾ ਦੌਰੇ ਦੌਰਾਨ ਹਰਮੰਦਰ ਜੱਸੀ ਨੇ ਉਨ੍ਹਾਂ ਨਾਲ ਗੁਪਤ ਮੀਟਿੰਗ ਕੀਤੀ ਸੀ ਜਿਸ ਦੀ ਸਿਆਸੀ ਹਲਕਿਆਂ ਵਿੱਚ ਖੂਬ ਚਰਚਾ ਚੱਲ ਰਹੀ ਹੈ ਪਰ ਅੱਜ ਪਾਰਟੀ ਨੇ ਹਰਮੰਦਰ ਜੱਸੀ ਨੂੰ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904