Punjab Election 2022: ਪੰਜਾਬ ਵਿਧਾਨ ਸਭਾ ਚੋਣਾਂ ਵਿਚਾਲੇ ਕਾਂਗਰਸ ਪਾਰਟੀ ਨੂੰ ਇੱਕ ਹੋਰ ਵੱਡਾ ਝਟਕਾ ਲੱਗਾ ਹੈ। ਸਾਬਕਾ ਕੇਂਦਰੀ ਮੰਤਰੀ ਅਸ਼ਵਨੀ ਕੁਮਾਰ (Ashwani Kumar) ਨੇ ਕਾਂਗਰਸ ਪਾਰਟੀ ਛੱਡ ਦਿੱਤੀ ਹੈ। ਅਸ਼ਵਨੀ ਕੁਮਾਰ ਦਾ ਕਹਿਣਾ ਹੈ ਕਿ ਉਹ ਕਾਂਗਰਸ ਪਾਰਟੀ ਤੋਂ ਬਾਹਰ ਰਹਿ ਕੇ ਦੇਸ਼ ਦੀ ਸੇਵਾ ਚੰਗੇ ਤਰੀਕੇ ਨਾਲ ਕਰ ਸਕਦੇ ਹਨ। ਅਸ਼ਵਨੀ ਕੁਮਾਰ ਪੰਜਾਬ ਤੋਂ ਤਿੰਨ ਵਾਰ ਰਾਜ ਸਭਾ ਮੈਂਬਰ ਰਹਿ ਚੁੱਕੇ ਹਨ।


ਪਤਾ ਲੱਗਾ ਹੈ ਕਿ ਅਸ਼ਵਨੀ ਕੁਮਾਰ ਨੇ ਮੰਗਲਵਾਰ ਸਵੇਰੇ ਕਾਂਗਰਸ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੂੰ ਆਪਣਾ ਅਸਤੀਫਾ ਭੇਜ ਦਿੱਤਾ। ਅਸ਼ਵਨੀ ਕੁਮਾਰ ਨੇ ਆਪਣੇ ਅਸਤੀਫੇ 'ਚ ਕਿਹਾ ਹੈ ਕਿ ਮੈਂ ਪਾਰਟੀ ਤੋਂ ਅਸਤੀਫਾ ਦੇ ਰਿਹਾ ਹਾਂ ਤਾਂ ਜੋ ਕਾਂਗਰਸ ਪਾਰਟੀ ਤੋਂ ਬਾਹਰ ਰਹਿ ਕੇ ਦੇਸ਼ ਦੀ ਬਿਹਤਰ ਸੇਵਾ ਕਰ ਸਕਾਂ।


 


ਉਧਰ, ਅਸ਼ਵਨੀ ਕੁਮਾਰ ਦੇ ਅਸਤੀਫੇ 'ਤੇ ਕਾਂਗਰਸ ਪਾਰਟੀ ਵੱਲੋਂ ਅਜੇ ਤੱਕ ਕੋਈ ਪ੍ਰਤੀਕਿਰਿਆ ਨਹੀਂ ਆਈ। ਅਸ਼ਵਨੀ ਕੁਮਾਰ ਕਿਸੇ ਹੋਰ ਪਾਰਟੀ ਵਿੱਚ ਸ਼ਾਮਲ ਹੋਣਗੇ ਜਾਂ ਨਹੀਂ, ਇਸ ਬਾਰੇ ਵੀ ਸਥਿਤੀ ਸਪੱਸ਼ਟ ਨਹੀਂ। ਅਸ਼ਵਨੀ ਕੁਮਾਰ ਨੇ ਵੀ ਅਜੇ ਕਿਸੇ ਹੋਰ ਪਾਰਟੀ ਵਿੱਚ ਸ਼ਾਮਲ ਹੋਣ ਬਾਰੇ ਕੁਝ ਨਹੀਂ ਕਿਹਾ ਹੈ।



ਅਸ਼ਵਨੀ ਕੁਮਾਰ 2002 ਵਿੱਚ ਪਹਿਲੀ ਵਾਰ ਪੰਜਾਬ ਤੋਂ ਰਾਜ ਸਭਾ ਮੈਂਬਰ ਚੁਣੇ ਗਏ ਸਨ। ਇਸ ਤੋਂ ਬਾਅਦ 2004 ਤੇ 2010 ਵਿੱਚ ਵੀ ਅਸ਼ਵਨੀ ਕੁਮਾਰ ਪੰਜਾਬ ਤੋਂ ਰਾਜ ਸਭਾ ਲਈ ਚੁਣੇ ਗਏ। ਡਾ. ਮਨਮੋਹਨ ਸਿੰਘ ਦੀ ਸਰਕਾਰ ਵਿੱਚ ਅਸ਼ਵਨੀ ਕੁਮਾਰ ਨੂੰ ਕਾਨੂੰਨ ਮੰਤਰੀ ਦੀ ਜ਼ਿੰਮੇਵਾਰੀ ਮਿਲੀ ਸੀ। 



ਦੱਸ ਦੇਈਏ ਕਿ ਪੰਜਾਬ ਵਿੱਚ ਟਿਕਟਾਂ ਦੀ ਵੰਡ ਨੂੰ ਲੈ ਕੇ ਕਾਂਗਰਸ ਪਾਰਟੀ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਟਿਕਟਾਂ ਦੀ ਵੰਡ ਤੋਂ ਨਾਰਾਜ਼ ਕਈ ਆਗੂ ਪਾਰਟੀ ਛੱਡ ਚੁੱਕੇ ਹਨ। ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ਲਈ 20 ਫਰਵਰੀ ਨੂੰ ਵੋਟਾਂ ਪੈਣੀਆਂ ਹਨ। ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜੇ 10 ਮਾਰਚ ਨੂੰ ਆਉਣਗੇ।


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904