Punjab Election 2022: ਕਾਂਗਰਸ ਪਾਰਟੀ ਵੱਲੋਂ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨਣ ਦੇ ਫ਼ੈਸਲੇ ਤੋਂ ਨਵਜੋਤ ਸਿੱਧੂ ਖੁਸ਼ ਨਹੀਂ ਹਨ। ਨਵਜੋਤ ਸਿੱਧੂ ਨੇ ਕਿਹਾ ਹੈ ਕਿ ਪੰਜਾਬ ਦੇ ਲੋਕ ਫ਼ੈਸਲਾ ਕਰਨਗੇ ਕਿ ਤੁਹਾਨੂੰ 60 ਵਿਧਾਇਕ ਮਿਲਦੇ ਹਨ ਜਾਂ ਨਹੀਂ। ਨਵਜੋਤ ਸਿੱਧੂ ਨੇ ਇਸ ਤੋਂ ਪਹਿਲਾਂ ਹਾਈਕਮਾਨ ਦੇ ਫ਼ੈਸਲੇ ਨਾਲ ਖੜ੍ਹੇ ਹੋਣ ਦਾ ਦਾਅਵਾ ਕੀਤਾ ਸੀ ਪਰ ਉਨ੍ਹਾਂ ਦੀ ਪਤਨੀ ਨਵਜੋਤ ਕੌਰ ਸਿੱਧੂ ਨੇ ਵੱਡੇ ਸਵਾਲ ਖੜ੍ਹੇ ਕੀਤੇ ਸੀ।



ਨਵਜੋਤ ਸਿੰਘ ਸਿੱਧੂ ਨੇ ਇੱਕ ਨਿੱਜੀ ਚੈਨਲ ਨੂੰ ਦਿੱਤੇ ਇੰਟਰਵਿਊ ਵਿੱਚ ਕਿਹਾ, "ਪੰਜਾਬ ਦੇ ਲੋਕ ਫ਼ੈਸਲਾ ਕਰਨਗੇ ਕਿ ਤੁਹਾਨੂੰ 60 ਵਿਧਾਇਕ ਮਿਲਦੇ ਹਨ ਜਾਂ ਨਹੀਂ। ਜੇ 60 ਵਿਧਾਇਕ ਜਿੱਤ ਕੇ ਨਹੀਂ ਆਏ ਤਾਂ CM ਕਿਵੇਂ ਬਣੇਗਾ? ਇੱਕ ਗੱਲ ਧਿਆਨ ਨਾਲ ਸਮਝ ਲੈਣੀ ਚਾਹੀਦੀ ਹੈ ਕਿ ਸਿਆਸਤ 'ਚ ਕੁਝ ਵੀ ਤੈਅ ਨਹੀਂ ਹੁੰਦਾ।"

ਨਵਜੋਤ ਸਿੱਧੂ ਨੇ ਅੱਗੇ ਕਿਹਾ, "ਜੇਕਰ 60 ਵਿਧਾਇਕ ਜਿੱਤ ਜਾਂਦੇ ਹਨ ਤਾਂ ਸਾਡਾ ਮੁੱਖ ਮੰਤਰੀ ਬਣ ਜਾਵੇਗਾ, ਪਰ ਜੇਕਰ ਅਜਿਹਾ ਨਾ ਹੋਇਆ ਤਾਂ ਸਰਕਾਰ ਕੋਈ ਹੋਰ ਬਣਾਵੇਗਾ। ਜਾਂ ਜੇਕਰ ਕਿਸੇ ਨੂੰ ਬਹੁਮਤ ਨਹੀਂ ਮਿਲਿਆ ਤਾਂ ਫਿਰ ਕੀ ਹੋਵੇਗਾ, ਇਸ ਬਾਰੇ ਕੋਈ ਕੁਝ ਨਹੀਂ ਕਹਿ ਸਕਦਾ।"

ਸਿੱਧੂ 'ਤੇ ਸਵਾਲ ਚੁੱਕੇ ਜਾ ਰਹੇ
ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੀ ਕਾਂਗਰਸ ਪਾਰਟੀ ਦੇ ਸੀਐਮ ਦਾ ਉਮੀਦਵਾਰ ਬਣਨ ਦੀ ਦੌੜ 'ਚ ਸ਼ਾਮਲ ਸਨ। ਹਾਲਾਂਕਿ ਕਾਂਗਰਸ ਪਾਰਟੀ ਨੇ ਸਿੱਧੂ ਦੀ ਥਾਂ ਚਰਨਜੀਤ ਸਿੰਘ ਚੰਨੀ ਨੂੰ ਉਮੀਦਵਾਰ ਬਣਾਉਣ ਦਾ ਫ਼ੈਸਲਾ ਕੀਤਾ ਹੈ। ਨਵਜੋਤ ਸਿੰਘ ਸਿੱਧੂ ਨੇ ਰਾਹੁਲ ਗਾਂਧੀ ਨੂੰ ਭਰੋਸਾ ਦਿੱਤਾ ਸੀ ਕਿ ਉਹ ਹਾਈਕਮਾਨ ਦੇ ਫ਼ੈਸਲੇ ਦੇ ਨਾਲ ਹਨ।

ਵਿਰੋਧੀ ਪਾਰਟੀਆਂ ਵੱਲੋਂ ਕਾਂਗਰਸ ਦੇ ਮੁੱਖ ਮੰਤਰੀ ਦੇ ਚਿਹਰੇ ਦੇ ਐਲਾਨ ਤੋਂ ਬਾਅਦ ਨਵਜੋਤ ਸਿੱਧੂ 'ਤੇ ਹਮਲੇ ਹੋ ਰਹੇ ਹਨ। ਨਵਜੋਤ ਸਿੰਘ ਸਿੱਧੂ ਪਹਿਲਾਂ ਵੀ ਦਾਅਵਾ ਕਰਦੇ ਰਹੇ ਹਨ ਕਿ ਮੁੱਖ ਮੰਤਰੀ ਦਾ ਫ਼ੈਸਲਾ ਹਾਈਕਮਾਨ ਨਹੀਂ ਸਗੋਂ ਪੰਜਾਬ ਦੇ ਲੋਕ ਕਰਨਗੇ। ਵਿਰੋਧੀ ਪਾਰਟੀਆਂ ਸਿੱਧੂ ਦੇ ਇਸ ਬਿਆਨ ਨੂੰ ਉਨ੍ਹਾਂ ਖ਼ਿਲਾਫ਼ ਵਰਤ ਰਹੀਆਂ ਹਨ।