ਅਮਰਗੜ : ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ਲਈ ਪੈਣ ਵਾਲੀਆਂ ਵੋਟਾਂ ਵਾਸਤੇ ਅੱਜ ਪੋਲਿੰਗ ਪਾਰਟੀਆਂ ਆਪਣੇ ਬੂਥਾਂ ’ਤੇ ਰਵਾਨਾ ਹੋ ਗਈਆਂ ਹਨ। ਇਸ ਦੌਰਾਨ ਵੋਟਾਂ ਤੋਂ ਪਹਿਲਾਂ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਅਮਰਗੜ ਸੀਟ ਤੋਂ ਸੰਯੁਕਤ ਸਮਾਜ ਮੋਰਚੇ ਦੇ ਉਮੀਦਵਾਰ ਨੇ ਦੀਪ ਸਿੱਧੂ ਨੂੰ ਸ਼ਰਧਾਂਜਲੀ ਦਿੰਦੇ ਹੋਏ ਸਿਮਰਨਜੀਤ ਸਿੰਘ ਮਾਨ ਦੇ ਹੱਕ ਵਿੱਚ ਉਮੀਦਵਾਰੀ ਛੱਡ ਦਿੱਤੀ ਹੈ l
ਅਮਰਗੜ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਇਕਬਾਲ ਸਿੰਘ ਝੁੰਦਾ ,ਕਾਂਗਰਸ ਵੱਲੋਂ ਸਮਿਤ ਸਿੰਘ ਮਾਨ ,ਆਮ ਆਦਮੀ ਪਾਰਟੀ ਵੱਲੋਂ ਜਸਵੰਤ ਸਿੰਘ ਗੱਜਣਮਾਜਰਾ ਚੋਣ ਮੈਦਾਨ ਵਿੱਚ ਹਨ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵੀ ਇਸੇ ਹਲਕੇ ਤੋਂ ਚੋਣ ਲੜ ਰਹੇ ਹਨ। ਹਾਲ ਹੀ ਵਿੱਚ ਸੋਨੀਪਤ ਨੇੜੇ ਸੜਕ ਹਾਦਸੇ ਵਿੱਚ ਦੀਪ ਸਿੱਧੂ ਦੀ ਮੌਤ ਹੋਈ ਸੀ। ਦੀਪ ਸਿੱਧੂ ਸਿਮਰਜੀਤ ਸਿੰਘ ਮਾਨ ਦੀ ਲਈ ਚੋਣਾ ਪ੍ਰਚਾਰ ਕਰ ਰਹੇ ਸਨ।
ਸਿਮਰਨਜੀਤ ਸਿੰਘ ਮਾਨ ਪੰਜਾਬ ਦੀ ਸਿਆਸਤ ਦਾ ਨਾਮੀ ਚਿਹਰਾ ਹਨ। ਸਿਮਰਨਜੀਤ ਸਿੰਘ ਮਾਨ ਨੇ ਕਈ ਵਿਧਾਨ ਸਭਾ ,ਲੋਕ ਸਭਾ ਅਤੇ ਐੱਸਜੀਪੀਸੀ ਚੋਣਾਂ ਲੜੀਆਂ ਹਨ।ਉਹ ਸੰਗਰੂਰ ਅਤੇ ਤਰਨਾਤਰਨ ਤੋਂ ਦੋ ਵਾਰ ਲੋਕ ਸਭਾ ਚੋਣ ਜਿੱਤ ਚੁੱਕੇ ਹਨ। ਸਿਮਰਨਜੀਤ ਸਿੰਘ ਮਾਨ ਬੰਦੀ ਸਿੰਘਾਂ ਦੀ ਰਿਹਾਈ,ਪੰਜਾਬ ਦੇ ਪਾਣੀਆਂ ਅਤੇ ਪੰਜਾਬ ਦੇ ਵੱਧ ਅਧਿਕਾਰਾਂ ਸਮੇਤ ਹੋਰ ਸਿੱਖ ਮੁੱਦੇ ਉਠਾਉਣ ਲਈ ਪੰਜਾਬ ਦੀ ਸਿਆਸਤ ਵਿੱਚ ਜਾਣੇ ਜਾਂਦੇ ਹਨ।
ਦੱਸ ਦੇਈਏ ਕਿ ਪੰਜਾਬ ਵਿਧਾਨ ਸਭਾ ਚੋਣਾਂ 2022 ਲਈ 20 ਫਰਵਰੀ ਨੂੰ ਯਾਨੀ ਭਲਕੇ ਵੋਟਾਂ ਪੈਣ ਜਾ ਰਹੀਆਂ ਹਨ। ਪੰਜਾਬ ਦੇ ਕੁੱਲ 117 ਹਲਕਿਆਂ ਵਿੱਚ ਦੇ ਚੋਣ ਨਤੀਜੇ 10 ਮਾਰਚ ਨੂੰ ਆਉਣਗੇ। ਇਹ ਵੋਟਿੰਗ 16ਵੀਂ ਪੰਜਾਬ ਵਿਧਾਨ ਸਭਾ ਲਈ ਸਾਰੀਆਂ ਸੀਟਾਂ ਉੱਤੇ ਇੱਕੋ ਗੇੜ ਵਿਚ ਹੋ ਰਹੀ ਹੈ। ਪੰਜਾਬ 'ਚ ਸਰਕਾਰ ਬਣਾਉਣ ਲਈ ਕਿਸੇ ਵੀ ਪਾਰਟੀ ਜਾਂ ਗਠਜੋੜ ਨੂੰ ਸੂਬੇ 'ਚ 59 ਦਾ ਅੰਕੜਾ ਹਾਸਲ ਕਰਨਾ ਪੈਣਾ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਜਿੱਥੇ ਕਾਂਗਰਸ, ਅਕਾਲੀ -ਬਸਪਾ ਗਠਜੋੜ, ਆਮ ਆਦਮੀ ਪਾਰਟੀ ਵੱਲੋਂ ਇਹ ਚੋਣਾਂ ਲੜੀਆਂ ਜਾ ਰਹੀਆਂ ਹਨ।
ਇਸ ਦੇ ਨਾਲ ਹੀ ਭਾਰਤੀ ਜਨਤਾ ਪਾਰਟੀ ,ਪੰਜਾਬ ਲੋਕ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਨਾਲ ਗਠਜੋੜ ਕਰਕੇ ਚੋਣਾਂ ਲੜ ਰਹੀ ਹੈ। ਓਧਰ ਕਿਸਾਨ ਜਥੇਬੰਦੀਆਂ ਵਿਚੋਂ 22 ਜਥੇਬੰਦੀਆਂ ਸੰਯੁਕਤ ਸਮਾਜ ਮੋਰਚਾ ਦੇ ਨਾਂ ਹੇਠ ਚੋਣਾਂ ਲੜ ਰਹੀਆਂ ਹਨ।