ਸ਼ੰਕਰ ਬਦਰਾ ਦੀ ਰਿਪੋਰਟ 

Punjab Vidhan Sabha Election 2022 Voting Updates : ਪੰਜਾਬ ਦੀਆਂ ਸਾਰੀਆਂ ਵਿਧਾਨ ਸਭਾ ਸੀਟਾਂ ਲਈ ਅੱਜ ਵੋਟਿੰਗ ਹੋ ਰਹੀ ਹੈ। ਸੂਬੇ ਦੀਆਂ ਕੁੱਲ 117 ਵਿਧਾਨ ਸਭਾ ਸੀਟਾਂ 'ਤੇ ਕੁੱਲ 1304 ਉਮੀਦਵਾਰ ਆਪਣੀ ਕਿਸਮਤ ਅਜ਼ਮਾ ਰਹੇ ਹਨ। ਪੰਜਾਬ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਜਾਰੀ ਹੈ। ਇਸ ਦੌਰਾਨ ਸ਼ਾਮ 5 ਵਜੇ ਤੱਕ 63.44 ਫੀਸਦੀ ਵੋਟਿੰਗ ਹੋ ਚੁੱਕੀ ਹੈ। ਲੋਕ ਘਰਾਂ ਤੋਂ ਬਾਹਰ ਆ ਕੇ ਵੋਟਾਂ ਪਾ ਰਹੇ ਹਨ।


 

ਪੰਜਾਬ ਦੀਆਂ ਸਾਰੀਆਂ 117 ਸੀਟਾਂ 'ਤੇ ਵੋਟਿੰਗ



ਪੰਜਾਬ ਵਿਧਾਨ ਸਭਾ ਚੋਣਾਂ ਲਈ ਅੱਜ ਲਗਭਗ 2.14 ਕਰੋੜ ਵੋਟਰ 117 ਸੀਟਾਂ 'ਤੇ ਆਪਣੀ ਕਿਸਮਤ ਅਜ਼ਮਾ ਰਹੇ 1304 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕਰਨਗੇ। ਉਮੀਦਵਾਰਾਂ ਵਿੱਚ 93 ਔਰਤਾਂ ਵੀ ਸ਼ਾਮਲ ਹਨ। ਵੋਟਿੰਗ ਸ਼ਾਮ 6 ਵਜੇ ਤੱਕ ਚੱਲੇਗੀ। ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਵੇਗੀ। ਪੰਜਾਬ ਵਿੱਚ ਇਸ ਵਾਰ ਕਾਂਗਰਸ, ਆਪ, ਸ਼੍ਰੋਮਣੀ ਅਕਾਲੀ ਦਲ-ਬਸਪਾ ਗਠਜੋੜ, ਭਾਜਪਾ-ਪੀਐਲਸੀ-ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਅਤੇ ਸੰਯੁਕਤ ਸਮਾਜ ਮੋਰਚਾ ਵਿਚਕਾਰ ਬਹੁ-ਪੱਖੀ ਮੁਕਾਬਲਾ ਹੈ।

ਇਸ ਚੋਣ ਵਿੱਚ ਜਿਨ੍ਹਾਂ ਦਿੱਗਜ ਚਿਹਰਿਆਂ ਦੀ ਕਿਸਮਤ ਦਾਅ ’ਤੇ ਲੱਗੀ ਹੋਈ ਹੈ, ਉਨ੍ਹਾਂ ਵਿੱਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਦਾ ਚੇਹਰਾ ਭਗਵੰਤ ਮਾਨ, ਕਾਂਗਰਸ ਪੰਜਾਬ ਇਕਾਈ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਅਤੇ ਪ੍ਰਕਾਸ਼ ਸਿੰਘ ਬਾਦਲ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਮੁੱਖ ਹਨ। ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ, ਭਾਜਪਾ ਦੀ ਪੰਜਾਬ ਇਕਾਈ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਵੀ ਇਸ ਚੋਣ ਵਿੱਚ ਆਪਣੀ ਕਿਸਮਤ ਅਜ਼ਮਾ ਰਹੇ ਹਨ।

 

27 ਮਾਰਚ ਨੂੰ ਖਤਮ ਹੋ ਰਿਹਾ ਹੈ ਕਾਰਜਕਾਲ 


ਪੰਜਾਬ ਦੀ ਮੌਜੂਦਾ ਵਿਧਾਨ ਸਭਾ ਦਾ ਕਾਰਜਕਾਲ 27 ਮਾਰਚ ਨੂੰ ਖਤਮ ਹੋ ਰਿਹਾ ਹੈ। ਇਨ੍ਹਾਂ ਚੋਣਾਂ ਵਿੱਚ ਪੰਜਾਬ ਵਿੱਚ ਲੜਾਈ ਦੋ-ਪੱਖੀ ਨਹੀਂ ਸਗੋਂ ਚਾਰ ਵੱਡੀਆਂ ਸਿਆਸੀ ਪਾਰਟੀਆਂ ਵਿਚਾਲੇ ਬਣ ਗਈ ਹੈ। ਇਸ ਵਾਰ ਚੋਣ ਮੈਦਾਨ ਵਿੱਚ ਮੁੱਖ ਮੁਕਾਬਲਾ ਸੱਤਾਧਾਰੀ ਕਾਂਗਰਸ, ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ-ਬਸਪਾ ਗਠਜੋੜ ਦਰਮਿਆਨ ਮੰਨਿਆ ਜਾ ਰਿਹਾ ਹੈ ਜਦਕਿ ਭਾਜਪਾ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਵੀ ਚੌਥੀ ਸਿਆਸੀ ਪਾਰਟੀ ਵਜੋਂ ਮਜ਼ਬੂਤੀ ਨਾਲ ਮੈਦਾਨ ਵਿੱਚ ਹੈ।

 

 2017 ਦੀਆਂ ਚੋਣਾਂ ਵਿੱਚ ਕਾਂਗਰਸ ਨੂੰ ਮਿਲੀਆਂ ਸਨ 77 ਸੀਟਾਂ 


ਇਸ ਸਮੇਂ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਹੈ, ਜਿਸ ਵਿੱਚ ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਹਨ। ਕਾਂਗਰਸ ਨੇ ਇਸ ਵਾਰ ਵੀ ਉਨ੍ਹਾਂ ਨੂੰ ਅਗਲੇ ਮੁੱਖ ਮੰਤਰੀ ਦਾ ਚਿਹਰਾ ਬਣਾਇਆ ਹੈ। 2017 ਦੀਆਂ ਚੋਣਾਂ 'ਚ 117 ਸੀਟਾਂ 'ਚੋਂ ਕਾਂਗਰਸ ਨੂੰ 77 ਸੀਟਾਂ ਮਿਲੀਆਂ ਸਨ, ਜਿਸ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਪੂਰਨ ਬਹੁਮਤ ਦੀ ਸਰਕਾਰ ਬਣੀ ਸੀ। ਇਸ ਚੋਣ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ 20, ਸ਼੍ਰੋਮਣੀ ਅਕਾਲੀ ਦਲ ਨੂੰ 15, ਭਾਜਪਾ ਨੂੰ ਸਿਰਫ਼ 3 ਸੀਟਾਂ ਮਿਲੀਆਂ ਸਨ।