Punjab Election: ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਨੇ ਸਭ ਨੂੰ ਹੈਰਾਨ ਕੀਤਾ ਹੈ। ਆਮ ਆਦਮੀ ਪਾਰਟੀ ਦੀ ਅਜਿਹੀ ਹਨ੍ਹੇਰੀ ਚੱਲੀ ਕਿ ਵੱਡਾ-ਵੱਡੇ ਥੰਮ ਢਹਿ-ਢੇਰੀ ਹੋ ਗਏ। ਇਨ੍ਹਾਂ ਵਿੱਚ ਪ੍ਰਕਾਸ਼ ਸਿੰਘ ਬਾਦਲ, ਕੈਪਟਨ ਅਮਰਿੰਦਰ ਸਿੰਘ, ਸੁਖਬੀਰ ਸਿੰਘ ਬਾਦਲ, ਚਰਨਜੀਤ ਸਿੰਘ ਚੰਨੀ, ਬਿਕਰਮ ਮਜੀਠੀਆ, ਨਵਜੋਤ ਸਿੰਘ ਸਿੱਧੂ, ਮਨਪ੍ਰੀਤ ਬਾਦਲ ਜਿਹੇ ਲੀਡਰ ਸ਼ਾਮਲ ਹਨ।



ਹੈਰਾਨ ਕਰਨ ਵਾਲੀ ਗੱਲ ਹੈ ਕਿ ਹਲਕਾ ਭਦੌੜ ਤੋਂ ਦੋ ਕਮਰਿਆਂ ਦੇ ਘਰ ਦੇ ਬਾਸ਼ਿੰਦੇ ‘ਆਪ’ ਦੇ ਉਮੀਦਵਾਰ ਲਾਭ ਸਿੰਘ ਉੱਗੋਕੇ ਨੇ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਹਰਾ ਦਿੱਤਾ। ਇਸੇ ਤਰ੍ਹਾਂ ਹਲਕਾ ਲੰਬੀ ਤੋਂ ‘ਆਪ’ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਨੇ ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ ਪ੍ਰਕਾਸ਼ ਸਿੰਘ ਬਾਦਲ ਨੂੰ ਹਰਾ ਦਿੱਤਾ। ਹਲਕਾ ਜਲਾਲਾਬਾਦ ਤੋਂ ‘ਆਪ’ ਉਮੀਦਵਾਰ ਜਗਦੀਪ ਕੰਬੋਜ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਹਰਾ ਦਿੱਤਾ।

ਇਸੇ ਤਰ੍ਹਾਂ ਹਲਕਾ ਬਠਿੰਡਾ ਸ਼ਹਿਰੀ ਤੋਂ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਉਸ ‘ਆਪ’ ਉਮੀਦਵਾਰ ਐਡਵੋਕੇਟ ਜਗਰੂਪ ਗਿੱਲ ਨੇ ਵੱਡੀ ਗਿਣਤੀ ਵੋਟਾਂ ਦੇ ਫਰਕ ਨਾਲ ਹਰਾਇਆ। ਹਲਕਾ ਅੰਮ੍ਰਿਤਸਰ ਪੂਰਬੀ ਤੋਂ ‘ਆਪ’ ਉਮੀਦਵਾਰ ਜੀਵਨਜੋਤ ਕੌਰ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਤੇ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਹਰਾਇਆ ਹੈ। ਕੈਪਟਨ ਅਮਰਿੰਦਰ ਸਿੰਘ, ਜਿਨ੍ਹਾਂ ਨੇ 2017 ਵਿੱਚ ਪਾਰਟੀ ਦੀ ਝੋਲੀ 77 ਸੀਟਾਂ ਪਾਈਆਂ ਸਨ, ਹੁਣ ‘ਆਪ’ ਉਮੀਦਵਾਰ ਅਜੀਤਪਾਲ ਸਿੰਘ ਕੋਹਲੀ ਤੋਂ ਚੋਣ ਹਾਰ ਗਏ।

ਹਲਕਾ ਲਹਿਰਾਗਾਗਾ ਤੋਂ ਬਰਿੰਦਰ ਕੁਮਾਰ ਗੋਇਲ ਨੇ ਸਾਬਕਾ ਮੁੱਖ ਮੰਤਰੀ ਰਜਿੰਦਰ ਕੌਰ ਭੱਠਲ, ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਤੇ ਸਾਬਕਾ ਖ਼ਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੂੰ ਹਰਾਇਆ ਹੈ। ਹਲਕਾ ਪੱਟੀ ਵਿੱਚ ‘ਆਪ’ ਉਮੀਦਵਾਰ ਲਾਲਜੀਤ ਸਿੰਘ ਭੁੱਲਰ ਨੇ ਸਾਬਕਾ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ, ਜੋ ਬਾਦਲ ਪਰਿਵਾਰ ਦੇ ਜਵਾਈ ਹਨ, ਤੋਂ ਇਲਾਵਾ ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੂੰ ਹਰਾ ਦਿੱਤਾ।

ਹਲਕਾ ਮੌੜ ਤੋਂ ‘ਆਪ’ ਉਮੀਦਵਾਰ ਸੁਖਬੀਰ ਸਿੰਘ ਮਾਈਸਰਖਾਨਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਜਗਮੀਤ ਸਿੰਘ ਬਰਾੜ ਨੂੰ ਹਰਾ ਦਿੱਤਾ। ਇਸੇ ਤਰ੍ਹਾਂ ਹਲਕਾ ਸਰਦੂਲਗੜ੍ਹ ਤੋਂ ‘ਆਪ’ ਉਮੀਦਵਾਰ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਦੋ ਵੱਡੇ ਸਿਆਸੀ ਪਰਿਵਾਰਾਂ ਨੂੰ ਮਾਤ ਪਾਈ ਹੈ। ਇਸ ਉਮੀਦਵਾਰ ਨੇ ਅਕਾਲੀ ਦਲ ਦੇ ਵੱਡੇ ਨਾਮ ਬਲਵਿੰਦਰ ਸਿੰਘ ਭੂੰਦੜ ਦੇ ਲੜਕੇ ਤੇ ਕਾਂਗਰਸੀ ਆਗੂ ਅਜੀਤ ਇੰਦਰ ਸਿੰਘ ਮੋਫਰ ਦੇ ਲੜਕੇ ਨੂੰ ਹਰਾਇਆ ਹੈ।

ਹਲਕਾ ਸੰਗਰੂਰ ਤੋਂ ਆਮ ਘਰ ਦੀ ਕੁੜੀ ‘ਆਪ’ ਉਮੀਦਵਾਰ ਨਰਿੰਦਰ ਕੌਰ ਭਰਾਜ ਨੇ ਭਾਜਪਾ ਆਗੂ ਅਰਵਿੰਦ ਖੰਨਾ ਤੇ ਸਾਬਕਾ ਮੰਤਰੀ ਵਿਜੈਇੰਦਰ ਸਿੰਘ ਸਿੰਗਲਾ ਨੂੰ ਹਰਾਇਆ ਹੈ। ਬਾਲੀਵੁੱਡ ਅਦਾਕਾਰ ਸੋਨੂੰ ਸੂਦ ਦੀ ਭੈਣ ਮਾਲਵਿਕਾ ਸੂਦ ਨੂੰ ਹਲਕਾ ਮੋਗਾ ਤੋਂ ‘ਆਪ’ ਉਮੀਦਵਾਰ ਡਾ. ਅਮਨਇੰਦਰ ਕੌਰ ਅਰੋੜਾ ਨੇ ਹਰਾ ਦਿੱਤਾ। ਹਲਕਾ ਮਾਨਸਾ ਤੋਂ ਸਿੱਧੂ ਮੂਸੇਵਾਲਾ ਨੂੰ ‘ਆਪ’ ਉਮੀਦਵਾਰ ਡਾ. ਵਿਜੈ ਸਿੰਗਲਾ ਨੇ ਹਰਾ ਦਿੱਤਾ।