Punjab Election: ਪੰਜਾਬੀਆਂ ਲਈ 16 ਮਾਰਚ ਅਹਿਮ ਦਿਨ ਹੋਏਗਾ ਜਦੋਂ ਨਵੀਂ ਸਰਕਾਰ ਕਮਾਨ ਸੰਭਾਲੇਗੀ। ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਵਿੱਚ ਮੁੱਖ ਮੰਤਰੀ ਦੇ ਅਹੁਦੇ ਲਈ ਉਮੀਦਵਾਰ ਭਗਵੰਤ ਮਾਨ ਦੀ ਅਗਵਾਈ ਹੇਠ ਨਵੀਂ ਸਰਕਾਰ 16 ਮਾਰਚ ਨੂੰ ਸਹੁੰ ਚੁੱਕੇਗੀ। ਮਾਨ ਅੱਜ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਮਿਲਣ ਲਈ ਦਿੱਲੀ ਗਏ ਹਨ।

ਆਮ ਆਦਮੀ ਪਾਰਟੀ ਪੰਜਾਬ ਵਿੱਚ ਕਾਂਗਰਸ ਤੇ ਅਕਾਲੀ-ਬਸਪਾ ਗੱਠਜੋੜ ਨੂੰ ਪਛਾੜ ਕੇ ਸੱਤਾ ਵਿੱਚ ਆਈ ਹੈ। ਕੌਮੀ ਰਾਜਧਾਨੀ ਲਈ ਰਵਾਨਾ ਹੋਣ ਤੋਂ ਪਹਿਲਾਂ ਸੰਗਰੂਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਾਨ ਨੇ ਕਿਹਾ ਕਿ ਉਹ ਕੇਜਰੀਵਾਲ ਨੂੰ ਮਿਲਣ ਜਾ ਰਹੇ ਹਨ ਤੇ ਪੰਜਾਬ ਚੋਣਾਂ ਵਿੱਚ ਪਾਰਟੀ ਦੀ ਸ਼ਾਨਦਾਰ ਜਿੱਤ ਲਈ ਉਨ੍ਹਾਂ ਨੂੰ ਵਧਾਈ ਦੇਣਗੇ।

ਸਰਕਾਰ ਬਾਰੇ ਸਵਾਲ ਦੇ ਜਵਾਬ ਵਿੱਚ ਮਾਨ ਨੇ ਕਿਹਾ, ‘ਮੈਂ ਭਲਕੇ ਰਾਜਪਾਲ ਨੂੰ ਮਿਲਾਂਗਾ। ਅਸੀਂ ਅੱਜ ਉਨ੍ਹਾਂ ਤੋਂ ਸਮਾਂ ਮੰਗਾਂਗੇ।’ ਸਹੁੰ ਚੁੱਕ ਸਮਾਗਮ ਨਵਾਂਸ਼ਹਿਰ ਜ਼ਿਲ੍ਹੇ ਦੇ ਮਹਾਨ ਆਜ਼ਾਦੀ ਘੁਲਾਟੀਏ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਹੋਵੇਗਾ।

ਦੱਸ ਦਈਏ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਨੇ ਇਤਿਹਾਸਕ ਜਿੱਤ ਹਾਸਲ ਕੀਤੀ ਹੈ। ਪੰਜਾਬ ਵਿਧਾਨ ਸਭਾ ਦੀਆਂ 117 ਸੀਟਾਂ 'ਚੋਂ 92 ਸੀਟਾਂ 'ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੇ ਜਿੱਤ ਦਰਜ ਕੀਤੀ ਹੈ। ਜਿੱਤ ਤੋਂ ਬਾਅਦ ਪਾਰਟੀ ਵਰਕਰਾਂ ਤੇ ਆਗੂਆਂ ਵਿੱਚ ਜਸ਼ਨ ਦਾ ਮਾਹੌਲ ਹੈ।


ਚੰਡੀਗੜ੍ਹ 'ਚ ਹੋ ਸਕਦੀ ਹੈ ਵਿਧਾਇਕ ਦਲ ਦੀ ਬੈਠਕ -


ਪੰਜਾਬ ਵਿੱਚ ਅੱਜ ਨਵੀਂ ਚੁਣੀ ਗਈ ਆਮ ਆਦਮੀ ਪਾਰਟੀ ਵਿਧਾਇਕ ਦਲ ਦੀ ਮੀਟਿੰਗ ਹੋ ਸਕਦੀ ਹੈ। ਇਸ ਬੈਠਕ 'ਚ ਸਰਕਾਰ ਬਣਾਉਣ ਲਈ ਅਗਲੇ ਪ੍ਰੋਗਰਾਮਾਂ 'ਤੇ ਚਰਚਾ ਕੀਤੀ ਜਾ ਸਕਦੀ ਹੈ।

ਦੱਸ ਦੇਈਏ ਕਿ ਵੀਰਵਾਰ ਨੂੰ ਹੋਈਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਨੇ ਵੱਡੀ ਜਿੱਤ ਦਰਜ ਕੀਤੀ ਹੈ। ਦੇਰ ਸ਼ਾਮ ਐਲਾਨੇ ਗਏ ਸੂਬਾ ਵਿਧਾਨ ਸਭਾ ਸੀਟਾਂ ਦੇ ਨਤੀਜਿਆਂ 'ਚ 'ਆਪ' ਨੂੰ ਸਾਰੀਆਂ 117 ਸੀਟਾਂ 'ਚੋਂ 92 ਸੀਟਾਂ ਮਿਲੀਆਂ ਹਨ। ਇਸ ਤਰ੍ਹਾਂ ਪਾਰਟੀ ਨੂੰ ਸੂਬੇ ਵਿਚ ਵੱਡੀ ਜਿੱਤ ਮਿਲੀ ਹੈ। ਦਿੱਲੀ ਤੋਂ ਬਾਹਰ ਪਹਿਲੀ ਵਾਰ ਕਿਸੇ ਸੂਬੇ 'ਚ 'ਆਪ' ਦੀ ਸਰਕਾਰ ਬਣਨ ਜਾ ਰਹੀ ਹੈ।