Punjab Election: ਪੰਜਾਬ ਵਿਧਾਨ ਸਭਾ ਚੋਣਾਂ ’ਚ ਆਮ ਆਦਮੀ ਪਾਰਟੀ ਨੂੰ ਇਤਿਹਾਸਕ ਜਿੱਤ ਮਿਲੀ ਹੈ। ਹੁਣ ਸਭ ਦੀਆਂ ਨਜ਼ਰ ਮੁੱਖ ਮੰਤਰੀ ਬਣਨ ਜਾ ਰਹੇ ਭਗਵੰਤ ਮਾਨ ਉੱਪਰ ਹਨ। ਪੰਜਾਬ ਦੀ ਜਨਤਾ ਨੂੰ ਆਮ ਆਦਮੀ ਪਾਰਟੀ ਤੋਂ ਵੱਡੀਆਂ ਉਮੀਦਾਂ ਹਨ। ਪਾਰਟੀ ਨੇ ਚੋਣਾਂ ਤੋਂ ਪਹਿਲਾਂ ਹਰ ਵਰਗ ਨੂੰ ਗਰੰਟੀਆਂ ਦਿੱਤੀਆਂ ਹਨ। ਇਸ ਲਈ ਵੇਖਣਾ ਹੋਏਗਾ ਕਿ ਪਾਰਟੀ ਇਹ ਵਾਅਦੇ ਕਿਵੇਂ ਪੂਰੇ ਕਰਦੀ ਹੈ।


ਇਸ ਬਾਰੇ ਭਗਵੰਤ ਮਾਨ ਨੇ ਕਿਹਾ ਕਿ ਲੋਕਾਂ ਨਾਲ ਜੋ ਵੀ ਵਾਅਦੇ ਕੀਤੇ ਗਏ ਹਨ, ਉਹ ਪੂਰੇ ਕੀਤੇ ਜਾਣਗੇ। ਇਹ ਵਾਅਦੇ ਨਹੀਂ ਬਲਕਿ ਗਾਰੰਟੀਆਂ ਸਨ ਤੇ ਇਹ ਪੂਰੀਆਂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਤਾਂ ਝਾੜੂ ਫੇਰ ਕੇ ਆਪਣੀ ਜ਼ਿੰਮੇਵਾਰੀ ਨਿਭਾਅ ਦਿੱਤੀ ਹੈ, ਹੁਣ ਜ਼ਿੰਮੇਵਾਰੀ ਨਿਭਾਉਣ ਦੀ ਵਾਰੀ ਮੇਰੀ ਹੈ। ਉਨ੍ਹਾਂ ਕਿਹਾ ਕਿ ਉਹ ਸਹੁੰ ਚੁੱਕਦੇ ਸਾਰ ਹੀ ਬੇਰੁਜ਼ਗਾਰੀ ਖ਼ਤਮ ਕਰਨ ਵੱਲ ਕਦਮ ਪੁੱਟਣਗੇ। ਉਨ੍ਹਾਂ ਕਿਹਾ ਕਿ ਉਹ ਰਲ-ਮਿਲ ਕੇ ਪੰਜਾਬ ਨੂੰ ਪੱਟੜੀ ’ਤੇ ਚੜ੍ਹਾਉਣਗੇ ਤੇ ਇੱਕ ਮਹੀਨੇ ਅੰਦਰ ਪੰਜਾਬ ਵਿੱਚ ਕੁਝ ਫ਼ਰਕ ਨਜ਼ਰ ਆਉਣ ਲੱਗ ਜਾਵੇਗਾ।

ਭਗਵੰਤ ਮਾਨ ਨੇ ਕਿਹਾ ਕਿ ਸਭ ਤੋਂ ਪਹਿਲਾਂ ਉਨ੍ਹਾਂ ਨੂੰ ਬੇਰੁਜ਼ਗਾਰੀ ਦੀ ਚਿੰਤਾ ਹੈ ਤੇ ਪਹਿਲੇ ਦਿਨ ਤੋਂ ਹੀ ਬੇਰੁਜ਼ਗਾਰੀ ਖਤਮ ਕਰਨ ਲਈ ਕੰਮ ਕੀਤਾ ਜਾਵੇਗਾ ਤੇ ਬੇਰੁਜ਼ਗਾਰੀ ਕਾਰਨ ਆਪਣਾ ਭਵਿੱਖ ਧੁੰਦਲਾ ਸਮਝ ਰਹੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿਚ ਨਹੀਂ ਫਸਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹੁਣ ਸਰਕਾਰੀ ਦਫ਼ਤਰਾਂ ’ਚ ਆਮ ਲੋਕਾਂ ਨੂੰ ਕੰਮਾਂ ਲਈ ਧੱਕੇ ਨਹੀਂ ਖਾਣੇ ਪੈਣਗੇ ਸਗੋਂ ਉਨ੍ਹਾਂ ਦੇ ਕੰਮ ਪਹਿਲ ਦੇ ਆਧਾਰ ’ਤੇ ਹੋਣਗੇ।

ਭਗਵੰਤ ਮਾਨ ਨੇ ਕਿਹਾ ਕ ਪਹਿਲਾਂ ਸਹੁੰ ਚੁੱਕ ਸਮਾਗਮ ਮਹਿਲਾਂ ਤੇ ਰਾਜ ਭਵਨਾਂ ਵਿਚ ਹੁੰਦੇ ਸੀ ਪਰ ਉਹ ਸ਼ਹੀਦਾਂ ਦੀ ਧਰਤੀ ਖਟਕੜ ਕਲਾਂ ਜਾ ਕੇ ਸਹੁੰ ਚੁੱਕਣਗੇ ਤੇ ਸ਼ਹੀਦ ਭਗਤ ਸਿੰਘ ਦੇ ਸਮਾਰਕ ’ਤੇ ਮੱਥਾ ਟੇਕ ਆਸ਼ੀਰਵਾਦ ਲੈਣਗੇ। ਮਾਨ ਨੇ ਐਲਾਨ ਕੀਤਾ ਕਿ ਪੰਜਾਬ ਦੇ ਸਰਕਾਰੀ ਦਫ਼ਤਰਾਂ ਵਿੱਚ ਮੁੱਖ ਮੰਤਰੀ ਦੀ ਫੋਟੋ ਨਹੀਂ ਲੱਗੇਗੀ ਸਗੋਂ ਦਫ਼ਤਰਾਂ ਵਿਚ ਸ਼ਹੀਦ ਭਗਤ ਸਿੰਘ ਤੇ ਡਾ. ਭੀਮ ਰਾਓ ਅੰਬੇਡਕਰ ਦੀਆਂ ਤਸਵੀਰਾਂ ਲੱਗਣਗੀਆਂ।