Punjab Election: ਜਮਾਨਤ ਜ਼ਬਤ ਕਰਵਾਉਣ ਮਗਰੋਂ ਬਲਬੀਰ ਰਾਜੇਵਾਲ ਦਾ ਵੱਡਾ ਐਲਾਨ
Punjab Elections Results: ਹਲਕਾ ਸਮਰਾਲਾ ਤੋਂ ਜ਼ਮਾਨਤ ਜ਼ਬਤ ਕਰਵਾਉਣ ਮਗਰੋਂ ਸੰਯੁਕਤ ਸਮਾਜ ਮੋਰਚੇ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਵੱਡਾ ਐਲਾਨ ਕੀਤਾ ਹੈ।
Punjab Elections Results: ਹਲਕਾ ਸਮਰਾਲਾ ਤੋਂ ਜ਼ਮਾਨਤ ਜ਼ਬਤ ਕਰਵਾਉਣ ਮਗਰੋਂ ਸੰਯੁਕਤ ਸਮਾਜ ਮੋਰਚੇ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਆਖਿਆ ਹੈ ਕਿ ਸੂਬੇ ਦੇ ਲੋਕਾਂ ਵੱਲੋਂ ਦਿੱਤੇ ਫਤਵੇ ਨੂੰ ਉਹ ਕਬੂਲ ਕਰਦੇ ਹੋਏ ਪੰਜਾਬ ਦੇ ਲੋਕਾਂ ਦੀ ਲੜਾਈ ਪਹਿਲਾਂ ਵਾਂਗ ਹੀ ਜਾਰੀ ਰੱਖਣਗੇ। ਉਨ੍ਹਾਂ ਕਿਹਾ ਕਿ ਸੰਯੁਕਤ ਸਮਾਜ ਮੋਰਚਾ ਸੂਬੇ ਦੀ ਗੰਧਲੀ ਰਾਜਨੀਤੀ ਨੂੰ ਸਾਫ਼ ਕਰਨ ਲਈ ਹੀ ਮੈਦਾਨ ਵਿੱਚ ਨਿੱਤਰਿਆ ਸੀ।
ਰਾਜੇਵਾਲ ਨੇ ਕਿਹਾ ਕਿ ਉਨ੍ਹਾਂ ਦੇ ਉਮੀਦਵਾਰਾਂ ਨੂੰ ਅਨੇਕਾਂ ਮੁਸ਼ਕਲਾਂ ਵਿੱਚੋਂ ਗੁਜ਼ਰਨਾ ਪਿਆ ਪਰ ਫਿਰ ਵੀ ਪੰਜਾਬ ਦੇ ਮਸਲਿਆਂ ਨੂੰ ਲੈ ਕੇ ਸ਼ੁਰੂ ਕੀਤੀ ਗਈ ਮੁਹਿੰਮ ਤੋਂ ਪਿੱਛੇ ਨਹੀਂ ਹਟਣਗੇ। ਦੱਸ ਦਈਏ ਕਿ ਹਲਕਾ ਸਮਰਾਲਾ ਤੋਂ ਚੋਣ ਮੈਦਾਨ ਵਿੱਚ ਨਿੱਤਰੇ ਕਿਸਾਨ ਲੀਡਰ ਤੇ ਸੰਯੁਕਤ ਸਮਾਜ ਮੋਰਚਾ ਦੇ ਮੁੱਖ ਮੰਤਰੀ ਉਮੀਦਵਾਰ ਬਲਬੀਰ ਸਿੰਘ ਰਾਜੇਵਾਲ ਆਪਣੀ ਜ਼ਮਾਨਤ ਬਚਾਉਣ ਵਿੱਚ ਵੀ ਨਾਕਾਮ ਰਹੇ ਹਨ।
ਬੜੇ ਜ਼ੋਰਸ਼ੋਰ ਨਾਲ ਚੋਣ ਮੈਦਾਨ ਵਿੱਚ ਨਿੱਤਰੇ ਰਾਜੇਵਾਲ ਨੂੰ ਕੁੱਲ 4626 ਵੋਟਾਂ ਪਈਆਂ। ਆਮ ਆਦਮੀ ਪਾਰਟੀ ਦੇ ਉਮੀਦਵਾਰ ਜਗਤਾਰ ਸਿੰਘ ਦਿਆਲਪੁਰਾ ਨੇ ਇੱਥੋਂ 30,589 ਵੋਟਾਂ ਦੀ ਲੀਡ ਨਾਲ ਇਤਿਹਾਸਕ ਜਿੱਤ ਦਰਜ ਕੀਤੀ ਹੈ। ਹਲਕਾ ਸਮਰਾਲਾ ਵਿੱਚ ਕੁੱਲ 1,32,736 ਵੋਟਾਂ ਪਈਆਂ ਜਿਸ ਵਿੱਚੋਂ ‘ਆਪ’ ਉਮੀਦਵਾਰ ਜਗਤਾਰ ਦਿਆਲਪੁਰਾ ਨੂੰ 57,126, ਅਕਾਲੀ ਦਲ ਦੇ ਉਮੀਦਵਾਰ ਪਰਮਜੀਤ ਸਿੰਘ ਢਿੱਲੋਂ ਨੂੰ 26,537 ਅਤੇ ਕਾਂਗਰਸੀ ਉਮੀਦਵਾਰ ਰੁਪਿੰਦਰ ਸਿੰਘ ਰਾਜਾ ਗਿੱਲ ਨੂੰ 23,276 ਵੋਟਾਂ ਪਈਆਂ।
ਰਾਜੇਵਾਲ ਨੂੰ ਮਿਲੀ ਕਰਾਰੀ ਹਾਰ ਨਾਲ ਉਨ੍ਹਾਂ ਦੇ ਸਮਰਥਕ ਮਾਯੂਸ ਹਨ। ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਵਰਿੰਦਰ ਸਿੰਘ ਸੇਖੋਂ ਨੂੰ 8,310 ਵੋਟਾਂ ਮਿਲੀਆਂ ਤੇ ਕਾਂਗਰਸੀ ਵਿਧਾਇਕ ਰਹੇ ਅਮਰੀਕ ਸਿੰਘ ਢਿੱਲੋਂ, ਜਿਨ੍ਹਾਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜੀ, ਨੂੰ 7,655 ਵੋਟਾਂ ਮਿਲੀਆਂ। ਭਾਜਪਾ ਗੱਠਜੋੜ ਦੇ ਉਮੀਦਵਾਰ ਰਣਜੀਤ ਸਿੰਘ ਜੀਤਾ ਗਹਿਲੇਵਾਲ ਨੂੰ 2,312 ਵੋਟਾਂ ਤੇ ਸਮਾਜਵਾਦੀ ਪਾਰਟੀ ਦੇ ਉਮੀਦਵਾਰ ਡਾ. ਸੋਹਣ ਲਾਲ ਬਲੱਗਣ ਨੂੰ 306 ਵੋਟਾਂ ਪਈਆਂ। ਹਲਕਾ ਸਮਰਾਲਾ ’ਚ ਵਿਧਾਨ ਸਭਾ ਚੋਣਾਂ ਦੌਰਾਨ 937 ਵੋਟਰਾਂ ਨੇ ‘ਨੋਟਾ’ ਦਾ ਬਟਨ ਦਬਾ ਕੇ ਸਾਰੇ ਉਮੀਦਵਾਰਾਂ ਨੂੰ ਨਕਾਰਿਆ।