ਚੰਡੀਗੜ੍ਹ: ਚੋਣ ਨਤੀਜੇ ਆਉਣ ਤੋਂ ਪਹਿਲਾਂ ਹੀ ਕੇਂਦਰ ਤੇ ਪੰਜਾਬ ਵਿਚਾਲੇ ਮੁੜ ਖੜਕ ਗਈ ਹੈ। ਮੋਦੀ ਸਰਕਾਰ ਵੱਲੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿੱਚ ਕੀਤੀਆਂ ਗਈਆਂ ਤਬਦੀਲੀਆਂ ਦਾ ਪੰਜਾਬ ਵਿੱਚ ਵਿਆਪਕ ਵਿਰੋਧ ਹੋ ਰਿਹਾ ਹੈ। ਆਮ ਆਦਮੀ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਤੋਂ ਇਲਾਵਾ ਕਿਸਾਨ ਜਥੇਬੰਦੀਆਂ ਇਸ ਮੁੱਦੇ ਨੂੰ ਲੈ ਕੇ ਕੇਂਦਰ ਸਰਕਾਰ ਨੂੰ ਘੇਰ ਰਹੇ ਹਨ ਪਰ ਪੰਜਾਬ ਸਰਕਾਰ ਖਾਮੋਸ਼ ਨਜ਼ਰ ਆ ਰਹੀ ਸੀ।  



ਹੁਣ ਚੁਫੇਰਿਓਂ ਅਲੋਚਨਾ ਹੋਣ ਮਗਰੋਂ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿੱਚੋਂ ਪੰਜਾਬ ਦੀ ਸਥਾਈ ਮੈਂਬਰੀ ਖਤਮ ਕਰਨ ਦੇ ਮਾਮਲੇ ’ਤੇ ਚੁੱਪ ਤੋੜੀ ਹੈ। ਤਕਰੀਬਨ ਦੋ ਹਫਤਿਆਂ ਮਗਰੋਂ ਮੁੱਖ ਮੰਤਰੀ ਚੰਨੀ ਨੂੰ ਇਸ ਮਾਮਲੇ ਦਾ ਖਿਆਲ ਆਇਆ ਹੈ ਹੈ। ਮੁੱਖ ਮੰਤਰੀ ਚੰਨੀ ਨੇ ਬੀਬੀਐਮਬੀ ਮਾਮਲੇ ਤੇ ਯੂਕਰੇਨ ਵਿੱਚ ਫਸੇ ਵਿਦਿਆਰਥੀਆਂ ਦੇ ਮੁੱਦੇ ’ਤੇ ਗੱਲਬਾਤ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਸਮਾਂ ਮੰਗਿਆ ਹੈ।

ਦੱਸ ਦਈਏ ਕਿ ਪੰਜਾਬ ’ਚ ਰਾਜਸੀ ਧਿਰਾਂ ਤੇ ਕਿਸਾਨ ਧਿਰਾਂ ਵੱਲੋਂ ਬੀਬੀਐਮਬੀ ਮਾਮਲੇ ’ਤੇ ਕੇਂਦਰ ਸਰਕਾਰ ਖ਼ਿਲਾਫ਼ ਸੰਘਰਸ਼ ਵਿੱਢ ਦਿੱਤਾ ਹੈ। ਕਿਸਾਨ ਧਿਰਾਂ ਵੱਲੋਂ ਤਾਂ ਪੰਜਾਬ ਭਰ ਵਿੱਚ ਰੋਸ ਮੁਜ਼ਾਹਰੇ ਕੀਤੇ ਜਾ ਰਹੇ ਹਨ। ਵਿਰੋਧੀ ਧਿਰਾਂ ਤੇ ਕਿਸਾਨ ਜਥੰਬਦੀਆਂ ਵੱਲੋਂ ਕੇਂਦਰ ਸਰਕਾਰ ਦੇ ਨਾਲ-ਨਾਲ ਮੁੱਖ ਮੰਤਰੀ ਚੰਨੀ ਨੂੰ ਵੀ ਨਿਸ਼ਾਨਾ ਬਣਾਇਆ ਜਾ ਰਿਹਾ ਹੈ।

ਇਸ ਲਈ ਮੁੱਖ ਮੰਤਰੀ ਚੰਨੀ ਨੇ ਕੇਂਦਰੀ ਗ੍ਰਹਿ ਮੰਤਰੀ ਤੋਂ ਹੁਣ ਸਮਾਂ ਮੰਗਿਆ ਹੈ। ਸਮਾਂ ਮਿਲਣ ’ਤੇ ਮੁੱਖ ਮੰਤਰੀ ਦਿੱਲੀ ਗੱਲਬਾਤ ਲਈ ਜਾਣਗੇ। ਇਸ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਵੱਲੋਂ ਮੁੱਖ ਮੰਤਰੀ ਚੰਨੀ ਨੂੰ ਪੱਤਰ ਵੀ ਲਿਖਿਆ ਗਿਆ ਸੀ। ਜਾਖੜ ਦੇ ਪੱਤਰ ’ਤੇ ਚੰਨੀ ਨੇ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਸੀ। ਹੁਣ ਜਦੋਂ ਚਾਰੇ ਪਾਸਿਓਂ ਬੀਬੀਐੱਮਬੀ ਮਾਮਲੇ ’ਚ ਦਬਾਅ ਬਣਨ ਲੱਗਾ ਹੈ ਤੇ ਵਿਰੋਧੀ ਧਿਰਾਂ ਵੱਲੋਂ ਮੁੱਖ ਮੰਤਰੀ ਦੀ ਚੁੱਪ ’ਤੇ ਸਵਾਲ ਚੁੱਕੇ ਜਾਣ ਲੱਗੇ ਤਾਂ ਮੁੱਖ ਮੰਤਰੀ ਦਫਤਰ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਤੋਂ ਮੀਟਿੰਗ ਲਈ ਸਮਾਂ ਮੰਗਿਆ ਗਿਆ ਹੈ।



ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ 28 ਫਰਵਰੀ ਨੂੰ ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ ਦੇ ਚੁੱਕੇ ਹਨ। ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਵੀ ਇਸ ਮਾਮਲੇ ’ਚ ਇਤਰਾਜ਼ ਜਤਾ ਚੁੱਕੇ ਹਨ।


ਇਹ ਵੀ ਪੜ੍ਹੋ : Ukraine-Russia War: ਕੀਵ 'ਚ ਗੋਲੀ ਲੱਗਣ ਨਾਲ ਮੌਤ ਦੇ ਮੂੰਹ 'ਚੋਂ ਨਿਕਲੇ ਹਰਜੋਤ ਸਿੰਘ ਦੀ ਅੱਜ ਹੋ ਰਹੀ ਵਤਨ ਵਾਪਸੀ