ਚੰਡੀਗੜ੍ਹ : ਸੂਬੇ ਦੇ 117 ਵਿਧਾਨ ਸਭਾ ਹਲਕਿਆਂ ਵਾਸਤੇ 20 ਫਰਵਰੀ, 2022 ਨੂੰ ਹੋਣ ਵਾਲੀਆਂ ਚੋਣਾਂ ਲਈ 1304 ਉਮੀਦਵਾਰ ਚੋਣ ਮੈਦਾਨ ਵਿੱਚ ਹਨ, ਜਿਨ੍ਹਾਂ ਵਿੱਚ ਦੋ ਟਰਾਂਸਜੈਂਡਰ ਅਤੇ 93 ਔਰਤਾਂ ਹਨ, ਜਦਕਿ 1209 ਉਮੀਦਵਾਰ ਪੁਰਸ਼ ਹਨ। ਇਹ ਜਾਣਕਾਰੀ ਵੀਰਵਾਰ ਨੂੰ ਮੁੱਖ ਚੋਣ ਅਫ਼ਸਰ (ਸੀ.ਈ.ਓ.) ਡਾ. ਐੱਸ ਕਰੁਣਾ ਰਾਜੂ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਸਾਰੇ ਉਮੀਦਵਾਰਾਂ ਵਿੱਚੋਂ 9 ਉਮੀਦਵਾਰ 25 ਸਾਲ ਦੀ ਉਮਰ ਦੇ ਹਨ ਅਤੇ ਛੇ ਉਮੀਦਵਾਰ 80 ਸਾਲ ਤੋਂ ਵੱਧ ਉਮਰ ਦੇ ਹਨ, ਜਿਨ੍ਹਾਂ ਵਿੱਚੋਂ ਸ੍ਰੀ ਮੁਕਤਸਰ ਸਾਹਿਬ ਦੇ ਹਲਕਾ ਲੰਬੀ (83 ਨੰਬਰ) ਤੋਂ ਸਭ ਤੋਂ ਵਡੇਰੀ ਉਮਰ (94 ਸਾਲ) ਦੇ ਉਮੀਦਵਾਰ ਚੋਣ ਲੜ ਰਹੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਇਨ੍ਹਾਂ ਚੋਣਾਂ ਲਈ ਰਾਜ ਵਿੱਚ ਕੁੱਲ 21499804 ਰਜਿਸਟਰਡ ਵੋਟਰ ਹਨ, ਜਿਨ੍ਹਾਂ ਵਿੱਚੋਂ 11298081 ਪੁਰਸ਼, 10200996 ਇਸਤਰੀਆਂ, 727 ਟਰਾਂਸਜੈਂਡਰ , 158341 ਦਿਵਿਆਂਗ ਵੋਟਰ, 109624 ਸਰਵਿਸ ਵੋਟਰ, 1608 ਪਰਵਾਸੀ ਵੋਟਰ ਅਤੇ 80 ਸਾਲ ਤੋਂ ਵੱਧ ਉਮਰ ਦੇ 509205 ਵੋਟਰ ਹਨ। ਉਨ੍ਹਾਂ ਦੱਸਿਆ ਕਿ 14684 ਪੋਲਿੰਗ ਸਥਾਨਾਂ `ਤੇ 24740 ਪੋਲਿੰਗ ਸਟੇਸ਼ਨ ਹਨ, ਜਿਨ੍ਹਾਂ ਵਿੱਚੋਂ 1051 ਪੋਲਿੰਗ ਸਥਾਨਾਂ `ਤੇ ਸਥਿਤ 2013 ਪੋਲਿੰਗ ਸਟੇਸ਼ਨਾਂ ਦੀ ਪਛਾਣ ਨਾਜ਼ੁਕ ਪੋਲਿੰਗ ਸਟੇਸ਼ਨਾ ਵਜੋਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਵੋਟਿੰਗ ਵਾਲੇ ਦਿਨ ਸਾਰੇ ਪੋਲਿੰਗ ਬੂਥਾਂ ਨੂੰ ਵੈਬਕਾਸਟਿੰਗ ਅਧੀਨ ਕਵਰ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੁਆਰਾ ਨਿਰਧਾਰਿਤ ਨਿਯਮਾਂ ਅਨੁਸਾਰ ਨਾਜ਼ੁਕ ਪੋਲਿੰਗ ਸਥਾਨਾਂ `ਤੇ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ (ਸੀ.ਏ.ਪੀ.ਐਫ.) ਦਾ ਘੱਟੋ-ਘੱਟ ਹਾਫ ਸੈਕਸ਼ਨ ਅਤੇ ਬਾਕੀ ਪੰਜਾਬ ਪੁਲਿਸ ਦੀ ਤਾਇਨਾਤੀ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਹੁਣ ਕਾਰ ਦੀਆਂ ਸਾਰੀਆਂ ਸੀਟਾਂ ਲਈ 'ਥ੍ਰੀ ਪੁਆਇੰਟ' ਸੀਟ ਬੈਲਟ ਦੇਣਾ ਲਾਜ਼ਮੀ, ਕੇਂਦਰੀ ਮੰਤਰੀ ਦਾ ਐਲਾਨ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :
https://play.google.com/store/apps/details?id=com.winit.starnews.hinhttps://apps.apple.com/in/app/abp-live-news/id81111490