Punjab Elections 2022: ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਦਾ ਚਿਹਰਾ ਬਣਾਉਣ ਤੋਂ ਬਾਅਦ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ। ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ (Sunil Jakhar) ਨੇ ਚੋਣ ਸਿਆਸਤ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ। ਸੁਨੀਲ ਜਾਖੜ ਨੇ ਚੋਣ ਸਿਆਸਤ ਛੱਡਣ ਦਾ ਐਲਾਨ ਉਸੇ ਦਿਨ ਕੀਤਾ ਜਦੋਂ ਰਾਹੁਲ ਗਾਂਧੀ ਨੇ ਕਿਹਾ ਕਿ ਕਾਂਗਰਸ ਪਾਰਟੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਚੋਣਾਂ ਲੜ ਰਹੀ ਹੈ।
ਸੁਨੀਲ ਜਾਖੜ ਨੇ ਆਪਣਾ ਦਰਦ ਬਿਆਨ ਕੀਤਾ ਹੈ। ਸੁਨੀਲ ਜਾਖੜ ਨੇ ਇੱਕ ਨਿੱਜੀ ਟੀਵੀ ਚੈਨਲ ਨੂੰ ਦਿੱਤੇ ਇੰਟਰਵਿਊ ਵਿੱਚ ਕਿਹਾ ਕਿ ਉਹ ਦਿੱਲੀ ਦੇ ਆਗੂਆਂ ਦੇ ਬਿਆਨ ਤੋਂ ਦੁਖੀ ਹਨ। ਸੁਨੀਲ ਜਾਖੜ ਨੇ ਕਿਹਾ, 'ਪੰਜਾਬ ਧਰਮ ਨਿਰਪੱਖ ਸੂਬਾ ਹੈ। ਮੈਨੂੰ ਇਸ ਗੱਲ ਦਾ ਦੁੱਖ ਹੈ ਕਿ ਦਿੱਲੀ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਵਿੱਚ ਮੁੱਖ ਮੰਤਰੀ ਦੀ ਕੁਰਸੀ ਸਿੱਖ ਚਿਹਰੇ ਕੋਲ ਹੀ ਰਹਿਣੀ ਚਾਹੀਦੀ ਹੈ।'
ਕਾਂਗਰਸ ਦੀ ਸੀਨੀਅਰ ਆਗੂ ਅੰਬਿਕਾ ਸੋਨੀ ਨੇ ਕਿਹਾ ਸੀ ਕਿ ਪੰਜਾਬ ਦਾ ਮੁੱਖ ਮੰਤਰੀ ਹਿੰਦੂ ਨਹੀਂ ਹੋਣਾ ਚਾਹੀਦਾ। ਇਸ ਬਿਆਨ ਤੋਂ ਸੁਨੀਲ ਜਾਖੜ ਨੂੰ ਠੇਸ ਪਹੁੰਚੀ ਹੈ। ਜਿਸ ਤੋਂ ਬਾਅਦ ਸੁਨੀਲ ਜਾਖੜ ਨੇ ਕਿਹਾ ਕਿ, 'ਅੰਬਿਕਾ ਸੋਨੀ ਨੇ ਕਿਹਾ ਕਿ ਹਿੰਦੂ, ਸੂਬੇ ਦਾ ਮੁੱਖ ਮੰਤਰੀ ਨਹੀਂ ਬਣ ਸਕਦਾ। ਇਹ ਗੱਲ ਮੈਨੂੰ ਦੁਖੀ ਕਰਦੀ ਹੈ। ਮੈਂ ਚੋਣ ਰਾਜਨੀਤੀ ਛੱਡ ਰਿਹਾ ਹਾਂ। ਅੰਬਿਕਾ ਸੋਨੀ ਨੇ ਕਾਂਗਰਸ ਨੂੰ ਨੁਕਸਾਨ ਪਹੁੰਚਾਇਆ ਹੈ।'
ਸੀਐੱਮ ਦੀ ਰੇਸ 'ਚ ਸਨ ਸੁਨੀਲ ਜਾਖੜ
ਹਾਲਾਂਕਿ ਸੁਨੀਲ ਜਾਖੜ ਨੇ ਕਾਂਗਰਸ ਨਾਲ ਬਣੇ ਰਹਿਣ ਦੀ ਗੱਲ ਕਹੀ ਹੈ। ਸਾਬਕਾ ਸੂਬਾ ਪ੍ਰਧਾਨ ਨੇ ਕਿਹਾ, 'ਸਾਡੀ ਪਾਰਟੀ 'ਚ ਅਜਿਹੇ ਲੋਕਾਂ ਦੀ ਕਮੀ ਨਹੀਂ ਹੈ ਜੋ ਮੁੱਖ ਮੰਤਰੀ ਬਣ ਸਕਣ। ਮੈਂ ਕਾਂਗਰਸ ਨਾਲ ਰਹਾਂਗਾ। ਨਵਜੋਤ ਸਿੰਘ ਸਿੱਧੂ ਵੀ ਇਸ ਦਰਦ ਨੂੰ ਮਹਿਸੂਸ ਕਰ ਰਹੇ ਹੋਣਗੇ। ਦੱਸ ਦਈਏ ਕਿ ਸੁਨੀਲ ਜਾਖੜ ਨੇ ਹਾਲ ਹੀ 'ਚ ਦਾਅਵਾ ਕੀਤਾ ਸੀ ਕਿ ਅਮਰਿੰਦਰ ਸਿੰਘ ਦੀ ਕੁਰਸੀ ਛੱਡਣ ਤੋਂ ਬਾਅਦ 42 ਵਿਧਾਇਕ ਮੁੱਖ ਮੰਤਰੀ ਅਹੁਦੇ ਲਈ ਉਨ੍ਹਾਂ ਦਾ ਸਮਰਥਨ ਕਰ ਰਹੇ ਹਨ। ਪਰ ਇਸ ਦੇ ਬਾਵਜੂਦ ਕਾਂਗਰਸ ਨੇ ਸੁਨੀਲ ਜਾਖੜ ਦੀ ਥਾਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾ ਦਿੱਤਾ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id81111490