ਕਿਸਾਨਾਂ ਨੂੰ ਵੱਡਾ ਤੋਹਫ਼ਾ ਦੇ ਸਕਦੀ 'ਆਪ' ਸਰਕਾਰ, ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਦਿੱਤੀਆਂ ਹਦਾਇਤਾਂ
ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਮਗਰੋਂ ਲੋਕਾਂ ਨੂੰ ਵੱਡੀਆਂ ਉਮੀਦਾਂ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਅਹੁਦਾ ਸੰਭਾਲਦਿਆਂ ਹੀ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਲਈ ਤੇਜ਼ੀ ਵਿਖਾਉਣੀ ਸ਼ੁਰੂ ਕਰ ਦਿੱਤੀ ਹੈ।
ਚੰਡੀਗੜ੍ਹ: ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਮਗਰੋਂ ਲੋਕਾਂ ਨੂੰ ਵੱਡੀਆਂ ਉਮੀਦਾਂ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਅਹੁਦਾ ਸੰਭਾਲਦਿਆਂ ਹੀ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਲਈ ਤੇਜ਼ੀ ਵਿਖਾਉਣੀ ਸ਼ੁਰੂ ਕਰ ਦਿੱਤੀ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਲਈ ਸਭ ਤੋਂ ਅਹਿਮ ਕਿਸਾਨਾਂ ਦੇ ਮੁੱਦੇ ਹਨ ਕਿਉਂਕਿ ਮੰਨਿਆ ਜਾ ਰਿਹਾ ਕਿ ਪਾਰਟੀ ਦੀ ਵੱਡੀ ਜਿੱਤ ਕਿਸਾਨ ਅੰਦੋਲਨ ਕਰਕੇ ਹੀ ਸੰਭਵ ਹੋਈ ਹੈ।
ਸੂਤਰਾਂ ਅਨੁਸਾਰ ਭਗਵੰਤ ਮਾਨ ਸਰਕਾਰ ਸਹੁੰ ਚੁੱਕਣ ਤੋਂ ਬਾਅਦ ਕਿਸਾਨਾਂ ਨੂੰ ਵੱਡਾ ਤੋਹਫ਼ਾ ਦੇਣ ਦੀ ਤਿਆਰੀ ਕਰ ਰਹੀ ਹੈ। ਸਰਕਾਰ ਪਹਿਲਾਂ ਕਿਸਾਨਾਂ ਨਾਲ ਕੀਤੇ ਵਾਅਦੇ ਨੂੰ ਪੂਰਾ ਕਰਕੇ ਉਨ੍ਹਾਂ ਦਾ ਕਰਜ਼ਾ ਮੋੜਨ ਦੀ ਤਿਆਰੀ ਕਰ ਰਹੀ ਹੈ। ਇਸ ਤਹਿਤ ਵਿਸਾਖੀ ਤੱਕ ਸਾਰੇ ਕਿਸਾਨਾਂ ਨੂੰ ਮੁਫ਼ਤ ਬਿਜਲੀ ਦੇਣ ਤੇ ਸਾਰੇ ਸੀਮਾਂਤ, ਛੋਟੇ ਤੇ ਦਰਮਿਆਨੇ ਕਿਸਾਨਾਂ ਨੂੰ ਮੁਕੰਮਲ ਕਰਜ਼ਾ ਮੁਆਫ਼ੀ ਦੇਣ ਦੀ ਰਣਨੀਤੀ 'ਤੇ ਕੰਮ ਕੀਤਾ ਜਾ ਰਿਹਾ ਹੈ। ਅਧਿਕਾਰੀਆਂ ਨੂੰ ਸਬੰਧਤ ਅੰਕੜੇ ਇਕੱਠੇ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਯੋਜਨਾ ਨੂੰ ਸਮੇਂ ਸਿਰ ਲਾਗੂ ਕੀਤਾ ਜਾ ਸਕੇ।
ਆਮ ਆਦਮੀ ਪਾਰਟੀ ਦੇ ਸੂਤਰਾਂ ਮੁਤਾਬਕ ਪਾਰਟੀ ਦਾ ਮੰਨਣਾ ਹੈ ਕਿ ਕਿਸਾਨਾਂ, ਔਰਤਾਂ ਤੇ ਨੌਜਵਾਨਾਂ ਨੇ ਇਤਿਹਾਸਕ ਪ੍ਰਦਰਸ਼ਨ ਨਾਲ ਆਮ ਆਦਮੀ ਪਾਰਟੀ ਨੂੰ ਸੱਤਾ 'ਚ ਲਿਆਉਣ 'ਚ ਸਭ ਤੋਂ ਪ੍ਰਮੁੱਖ ਭੂਮਿਕਾ ਨਿਭਾਈ ਹੈ। ਇਸ ਲਈ ਸਰਕਾਰ ਪਹਿਲਾਂ ਇਨ੍ਹਾਂ ਤਿੰਨਾਂ ਵੱਡੇ ਵਰਗਾਂ ਨਾਲ ਕੀਤੇ ਵਾਅਦੇ ਪੂਰੇ ਕਰਕੇ ਇਨ੍ਹਾਂ ਵਰਗਾਂ ਨੂੰ ਸਕਾਰਾਤਮਕ ਸੰਦੇਸ਼ ਦੇਣਾ ਚਾਹੁੰਦੀ ਹੈ।
ਆਗੂ ਮੁਤਾਬਕ ਵਿਸਾਖੀ ਦੇ ਤਿਉਹਾਰ ਦੇ ਨੇੜੇ ਔਰਤਾਂ ਨੂੰ ਪੈਨਸ਼ਨ ਦੇਣ ਦੀ ਸਕੀਮ 'ਤੇ ਵੀ ਕੰਮ ਸ਼ੁਰੂ ਕੀਤਾ ਜਾ ਸਕਦਾ ਹੈ। ਇਸ ਨੂੰ ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਦੀਆਂ ਔਰਤਾਂ ਨੂੰ ਦਿੱਤਾ ਗਿਆ ਤੋਹਫ਼ਾ ਮੰਨਿਆ ਜਾ ਸਕਦਾ ਹੈ। ਸਰਕਾਰ ਨੇ ਚੋਣਾਂ ਤੋਂ ਪਹਿਲਾਂ ਸਾਰੀਆਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਸਹਾਇਤਾ ਦੇਣ ਦਾ ਵਾਅਦਾ ਕੀਤਾ ਸੀ।
ਇਸ ਤੋਂ ਇਲਾਵਾ ਬਾਬਾ ਸਾਹਿਬ ਅੰਬੇਡਕਰ ਦੇ ਜਨਮ ਦਿਨ 14 ਅਪ੍ਰੈਲ ਤਕ ਅਨੁਸੂਚਿਤ ਜਮਾਤਾਂ ਦੇ ਵਿਦਿਆਰਥੀਆਂ ਲਈ ਵਿਸ਼ੇਸ਼ ਯੋਜਨਾ ਸ਼ੁਰੂ ਕੀਤੀ ਜਾ ਸਕਦੀ ਹੈ। ਇਸ 'ਚ ਵਿਦਿਆਰਥੀਆਂ ਨੂੰ ਵਿਸ਼ੇਸ਼ ਵਜ਼ੀਫ਼ਾ ਸਕੀਮ, ਅਗਲੇਰੀ ਪੜ੍ਹਾਈ ਲਈ ਵਿੱਤੀ ਸਹਾਇਤਾ, ਸਵੈ-ਉਦਮ ਸ਼ੁਰੂ ਕਰਨ ਲਈ ਪ੍ਰੋਤਸਾਹਨ ਰਾਸ਼ੀ ਤੇ ਸਿਖਲਾਈ ਦੇਣ ਦੀ ਯੋਜਨਾ 'ਤੇ ਵਿਚਾਰ ਕੀਤਾ ਜਾ ਰਿਹਾ ਹੈ। ਅਜਿਹੇ 'ਚ ਦਿੱਲੀ ਸਰਕਾਰ ਦੇ ਸਿੱਖਿਆ ਮਾਡਲ ਦੀ ਤਰਜ਼ 'ਤੇ ਪੰਜਾਬ ਦੇ ਵਿਦਿਆਰਥੀਆਂ ਨੂੰ ਅੱਗੇ ਵਧਾਉਣ ਲਈ ਵਿਸ਼ੇਸ਼ ਯੋਜਨਾਵਾਂ ਦਾ ਐਲਾਨ ਕੀਤਾ ਜਾ ਸਕਦਾ ਹੈ।
ਇਹ ਵੀ ਪੜ੍ਹੋ :ਸਵੀਮਿੰਗ ਪੂਲ 'ਚ ਮਸਤੀ ਕਰਦੇ ਨਜ਼ਰ ਆਏ ਅਰਜੁਨ ਕਪੂਰ ਤੇ ਮਲਾਇਕਾ ਅਰੋੜਾ, ਪਰ ਮਾਮਲਾ ਕੁਝ ਹੋਰ !
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :
https://play.google.com/store/apps/details?id=com.winit.starnews.hin
https://apps.apple.com/in/app/abp-live-news/id81111490