Kulwinder who slapped Kangana Transferred: ਚੰਡੀਗੜ੍ਹ ਏਅਰਪੋਰਟ 'ਤੇ ਅਦਾਕਾਰਾ ਤੋਂ ਸਿਆਸਤਦਾਨ ਬਣੀ ਕੰਗਨਾ ਰਣੌਤ ਨੂੰ ਥੱਪੜ ਮਾਰਨ ਵਾਲੀ CISF ਦੀ ਮੁਲਾਜ਼ਮ ਕੁਲਵਿੰਦਰ ਕੌਰ ਦਾ ਤਬਾਦਲਾ ਬੈਂਗਲੁਰੂ ਕਰ ਦਿੱਤਾ ਗਿਆ ਹੈ। ਕੰਗਨਾ ਨੂੰ ਥੱਪੜ ਮਾਰਨ ਮਗਰੋਂ ਕੁਲਵਿੰਦਰ ਕੌਰ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ। ਇਸ ਮਾਮਲੇ ਦੀ ਜਾਂਚ ਲਈ ਪੰਜਾਬ ਪੁਲਿਸ ਵੱਲੋਂ ਐਸਆਈਟੀ ਵੀ ਬਣਾਈ ਗਈ ਹੈ।'


ਹੁਣ ਖਬਰਾਂ ਆ ਰਹੀਆਂ ਹਨ ਕਿ ਕੁਲਵਿੰਦਰ ਕੌਰ ਨੂੰ ਬਹਾਲ ਕਰ ਦਿੱਤਾ ਗਿਆ ਹੈ ਤੇ ਉਸ ਦਾ ਚੰਡੀਗੜ੍ਹ ਤੋਂ ਬੈਂਗਲੁਰੂ ਵਿੱਚ ਤਬਾਦਲਾ ਕਰ ਦਿੱਤਾ ਗਿਆ ਹੈ। ਉਂਝ, ਪਰਿਵਾਰ ਨੇ ਇਸ ਦੀ ਪੁਸ਼ਟੀ ਨਹੀਂ ਕੀਤੀ। ਪਰਿਵਾਰ ਦਾ ਕਹਿਣਾ ਹੈ ਕਿ ਕੁਲਵਿੰਦਰ ਕੌਰ ਸਸਪੈਂਡ ਹੈ ਤੇ ਉਸ ਦੀ ਬਹਾਲੀ ਬਾਰੇ ਉਨ੍ਹਾਂ ਨੂੰ ਕੁਝ ਨਹੀਂ ਪਤਾ। 




ਕੌਣ ਹੈ ਕੁਲਵਿੰਦਰ ਕੌਰ?
ਕਾਂਸਟੇਬਲ ਕੁਲਵਿੰਦਰ ਕੌਰ ਪੰਜਾਬ ਦੇ ਸੁਲਤਾਨਪੁਰ ਲੋਧੀ ਦੀ ਰਹਿਣ ਵਾਲੀ ਹੈ ਤੇ ਪਿਛਲੇ ਦੋ ਸਾਲਾਂ ਤੋਂ ਚੰਡੀਗੜ੍ਹ ਹਵਾਈ ਅੱਡੇ 'ਤੇ ਸੇਵਾ ਨਿਭਾਆ ਰਹੀ ਸੀ। ਉਸ ਦਾ ਵਿਆਹ ਵੀ ਸੀਆਈਐਸਐਫ ਦੇ ਜਵਾਨ ਨਾਲ ਹੋਇਆ ਹੈ ਤੇ ਉਨ੍ਹਾਂ ਦੇ ਦੋ ਬੱਚੇ ਹਨ। ਉਸ ਦਾ ਭਰਾ ਸ਼ੇਰ ਸਿੰਘ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਲੀਡਰ ਹੈ।



ਚੰਡੀਗੜ੍ਹ ਏਅਰਪੋਰਟ 'ਤੇ ਕੀ ਹੋਇਆ?
7 ਜੂਨ ਨੂੰ ਚੰਡੀਗੜ੍ਹ ਏਅਰਪੋਰਟ 'ਤੇ ਸੁਰੱਖਿਆ ਜਾਂਚ ਦੌਰਾਨ ਕੰਗਨਾ ਰਣੌਤ ਤੇ ਸੀਆਈਐਸਐਫ ਕਾਂਸਟੇਬਲ ਕੁਲਵਿੰਦਰ ਕੌਰ ਵਿਚਾਲੇ ਜ਼ੁਬਾਨੀ ਬਹਿਸ ਹੋਈ ਸੀ। ਇਸ ਤੋਂ ਬਾਅਦ ਝਗੜਾ ਵਧ ਗਿਆ, ਜਿਸ ਕਾਰਨ ਕੁਲਵਿੰਦਰ ਕੌਰ ਨੇ ਕੰਗਨਾ ਰਣੌਤ ਨੂੰ ਥੱਪੜ ਮਾਰ ਦਿੱਤਾ। ਕੁਲਵਿੰਦਰ ਕੌਰ ਨੇ ਬਾਅਦ ਵਿੱਚ ਦੱਸਿਆ ਕਿ ਉਹ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਕਿਸਾਨ ਅੰਦੋਲਨ ਦੌਰਾਨ ਕੰਗਨਾ ਰਣੌਤ ਵੱਲੋਂ ਪੰਜਾਬੀ ਔਰਤਾਂ ਬਾਰੇ ਕੀਤੀਆਂ ਗਈਆਂ ਅਪਮਾਨਜਨਕ ਟਿੱਪਣੀਆਂ ਤੋਂ ਗੁੱਸੇ ਵਿੱਚ ਸੀ। 


ਕੰਗਨਾ ਦਾ ਬਿਆਨ
ਕੰਗਨਾ ਰਣੌਤ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ 'ਤੇ ਇੱਕ ਬਿਆਨ ਜਾਰੀ ਕਰਕੇ ਖੁਲਾਸਾ ਕੀਤਾ ਸੀ ਕਿ ਚੰਡੀਗੜ੍ਹ ਹਵਾਈ ਅੱਡੇ 'ਤੇ ਸੁਰੱਖਿਆ ਜਾਂਚ ਦੌਰਾਨ CISF ਦੀ ਇੱਕ ਮਹਿਲਾ ਕਾਂਸਟੇਬਲ ਦੁਆਰਾ ਉਸ ਦੇ ਚਿਹਰੇ ਨੂੰ ਹਿੱਟ ਕੀਤਾ ਗਿਆ ਤੇ ਜ਼ੁਬਾਨੀ ਤੌਰ 'ਤੇ ਦੁਰਵਿਵਹਾਰ ਕੀਤਾ ਗਿਆ।