ਚੰਡੀਗੜ੍ਹ: ਵਿਧਾਇਕਾਂ ਦੀ ਖਰੀਦੋ-ਫਰੋਖਤ ਦੀ ਚਰਚਾ ਵਿਚਾਲੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਐਲਾਨ ਕੀਤਾ ਹੈ। ਆਮ ਆਦਮੀ ਪਾਰਟੀ ਇੱਕ ਵਾਰ ਫਿਰ ਵਿਧਾਨ ਸਭਾ ਵਿੱਚ ਆਪਣੀ ਤਾਕਤ ਦਾ ਮੁਜ਼ਾਹਰਾ ਕਰੇਗੀ। ਇਸ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ 22 ਸਤੰਬਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦ ਲਿਆ ਹੈ। 

ਸੀਐਮ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਪੰਜਾਬ ਸਰਕਾਰ ਭਰੋਸੇ ਦਾ ਮਤਾ ਲੈ ਕੇ ਆਵੇਗੀ। ਇਹ ਐਲਾਨ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕੇ ਕੀਤਾ। ਉਨ੍ਹਾਂ ਟਵੀਟ ਕਰਕੇ ਕਿਹਾ ਕਿ ‘ਲੋਕਾਂ ਦੇ ਵਿਸ਼ਵਾਸ ਦੀ ਦੁਨੀਆਂ ਦੀ ਕਿਸੇ ਕਰੰਸੀ ਵਿੱਚ ਕੋਈ ਕੀਮਤ ਨਹੀਂ ਹੁੰਦੀ… 22 ਸਤੰਬਰ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦ ਕੇ ਵਿਸ਼ਵਾਸ ਮਤਾ ਪੇਸ਼ ਕਰ ਕੇ ਕਾਨੂੰਨੀ ਤੌਰ ’ਤੇ ਇਹ ਗੱਲ ਸਾਬਤ ਕਰ ਦਿੱਤੀ ਜਾਵੇਗੀ।

ਦਰਅਸਲ, ਆਮ ਆਦਮੀ ਪਾਰਟੀ ਇਲਜ਼ਾਮ ਲਾ ਰਹੀ ਹੈ ਕਿ ਬੀਜੇਪੀ ਉਨ੍ਹਾਂ ਦੇ ਵਿਧਾਇਕਾਂ ਦੀ ਖਰੀਦੋ-ਫਰੋਖਤ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਬੇਸ਼ੱਕ ਬੀਜੇਪੀ ਨੇ ਇਨ੍ਹਾਂ ਸਾਰੇ ਇਲਜ਼ਾਮਾਂ ਨੂੰ ਨਾਕਾਰ ਦਿੱਤਾ ਹੈ ਪਰ ਆਮ ਆਦਮੀ ਪਾਰਟੀ ਹੁਣ ਵਿਧਾਨ ਸਭਾ ਵਿੱਚ ਆਪਣੀ ਤਾਕਤ ਵਿਖਾਉਣਾ ਚਾਹੁੰਦੀ ਹੈ।