ਮੁੰਬਈ: 'ਬਿੱਗ ਬੌਸ 13' 'ਤੇ ਰੋਕ ਲਗਾਉਣ ਦੀ ਮੰਗ ਦੇ ਨਾਲ-ਨਾਲ ਸ਼ੋਅ ਵਿਰੁੱਧ ਹੋ ਰਹੇ ਪ੍ਰਦਰਸ਼ਨ ਦੇ ਮੱਦੇਨਜ਼ਰ ਮੁੰਬਈ ਪੁਲਿਸ ਨੇ ਬਾਲੀਵੁੱਡ ਸਟਾਰ ਸਲਮਾਨ ਖਾਨ ਦੇ ਬਾਂਦਰਾ ਦੇ ਘਰ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਗਈ ਹੈ। ਇੱਕ ਅਧਿਕਾਰੀ ਨੇ ਸ਼ਨੀਵਾਰ ਨੂੰ ਕਿਹਾ ਕਿ ਕਰਨੀ ਸੈਨਾ ਦੇ ਮੈਂਬਰਾਂ ਸਮੇਤ ਪ੍ਰਦਰਸ਼ਨਕਾਰੀਆਂ ਦੇ ਇੱਕ ਸਮੂਹ ਨੇ ਸ਼ੁੱਕਰਵਾਰ ਨੂੰ ਪੱਛਮੀ ਮੁੰਬਈ ਦੇ ਬਾਂਦਰਾ ਵਿੱਚ ਖਾਨ ਦੀ ਰਿਹਾਇਸ਼ ਦੇ ਬਾਹਰ ਪ੍ਰਦਰਸ਼ਨ ਕੀਤਾ ਸੀ।


ਉਨ੍ਹਾਂ ਕਿਹਾ ਕਿ ਪੁਲਿਸ ਨੇ ਮੌਕੇ ਤੋਂ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲਿਆ ਤੇ ਨਿਵਾਸ ਦੇ ਬਾਹਰ ਸੁਰੱਖਿਆ ਵਧਾ ਦਿੱਤੀ। ਉਨ੍ਹਾਂ ਕਿਹਾ ਕਿ ਪ੍ਰਦਰਸ਼ਨਕਾਰੀ 'ਬੈਡ ਫਰੈਂਡਸ ਫੋਰਐਵਰ' ਨਾਂ ਦੇ ਕੰਨਸੈਪਟ ਨੂੰ ਸ਼ੋਅ ਵਿੱਚ ਸ਼ਾਮਲ ਕਰਨ ਨੂੰ ਲੈ ਕੇ 'ਬਿੱਗ ਬੌਸ 13' 'ਤੇ ਰੋਕ ਲਾਉਣ ਦੀ ਮੰਗ ਕਰ ਰਹੇ ਹਨ। ਇਸ ਨਵੇਂ ਕੰਨਸੈਪਟ ਦੇ ਤਹਿਤ ਵਿਰੋਧੀ ਮੁਕਾਬਲੇਬਾਜ਼ ਨੂੰ ਦੂਜੇ ਨਾਲ ਬਿਸਤਰਾ ਸਾਂਝਾ ਕਰਨਾ ਪੈਂਦਾ ਹੈ।


ਅਧਿਕਾਰੀ ਨੇ ਕਿਹਾ, 'ਇਸ ਧਾਰਨਾ ਦੀ ਕਰਨੀ ਸੈਨਾ ਸਣੇ ਬਹੁਤ ਸਾਰੀਆਂ ਸੰਸਥਾਵਾਂ ਦੁਆਰਾ ਸਖਤ ਅਲੋਚਨਾ ਕੀਤੀ ਗਈ ਹੈ, ਜਿਨ੍ਹਾਂ ਨੇ ਦਾਅਵਾ ਕੀਤਾ ਹੈ ਕਿ ਇਹ ਅਸ਼ਲੀਲਤਾ ਨੂੰ ਉਤਸ਼ਾਹਤ ਕਰਦੀ ਹੈ ਅਤੇ ਇਹ ਭਾਰਤੀ ਸਭਿਆਚਾਰ ਦੇ ਵਿਰੁੱਧ ਹੈ।' ਅਧਿਕਾਰੀ ਨੇ ਕਿਹਾ ਕਿ ਕਿਸੇ ਅਣਸੁਖਾਵੀਂ ਘਟਨਾ ਤੋਂ ਬਚਣ ਲਈ ਉਨ੍ਹਾਂ ਅਦਾਕਾਰ ਸਲਮਾਨ ਖ਼ਾਨ ਦੇ ਘਰ ਦੇ ਬਾਹਰ ਚੌਕਸੀ ਵਧਾ ਦਿੱਤੀ ਹੈ। ਹਾਲਾਂਕਿ ਸਥਿਤੀ ਹੁਣ ਆਮ ਹੈ।