Sidhu Moosewala Murder case: ਸਿੱਧੂ ਮੂਸੇਵਾਲਾ ਕਤਲ ਕੇਸ 'ਚ 36 ਮੁਲਜ਼ਮ ਨਾਮਜ਼ਦ, ਬੱਬੂ ਮਾਨ ਤੇ ਮਨਕੀਰਤ ਔਲਖ ਤੋਂ ਪੰਜ ਘੰਟੇ ਪੁੱਛਗਿੱਛ
Sidhu Moosewala Murder case: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿੱਚ ਨਿੱਤ ਨਵਾਂ ਮੋੜ ਆ ਰਿਹਾ ਹੈ। ਹੁਣ ਇਸ ਦੀਆਂ ਤਾਰਾਂ ਪੰਜਾਬੀ ਮਿਊਜ਼ਿਕ ਇੰਡਸਟਰੀ ਨਾਲ ਵੀ ਜੁੜਦੀਆਂ ਨਜ਼ਰ ਆ ਰਹੀਆਂ ਹਨ।
Sidhu Moosewala Murder case: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿੱਚ ਨਿੱਤ ਨਵਾਂ ਮੋੜ ਆ ਰਿਹਾ ਹੈ। ਹੁਣ ਇਸ ਦੀਆਂ ਤਾਰਾਂ ਪੰਜਾਬੀ ਮਿਊਜ਼ਿਕ ਇੰਡਸਟਰੀ ਨਾਲ ਵੀ ਜੁੜਦੀਆਂ ਨਜ਼ਰ ਆ ਰਹੀਆਂ ਹਨ। ਮਾਨਸਾ ਪੁਲਿਸ ਨੇ ਬੁੱਧਵਾਰ ਨੂੰ ਪੰਜਾਬੀ ਗਾਇਕਾਂ ਬੱਬੂ ਮਾਨ ਤੇ ਮਨਕੀਰਤ ਔਲਖ ਤੋਂ ਪੰਜ ਘੰਟੇ ਤੋਂ ਵੱਧ ਸਮੇਂ ਤੱਕ ਪੁੱਛ-ਪੜਤਾਲ ਕੀਤੀ। ਦੋਵੇਂ ਗਾਇਕਾਂ ਤੋਂ ਲੋੜ ਪੈਣ ’ਤੇ ਮੁੜ ਪੁੱਛ-ਪੜਤਾਲ ਕੀਤੀ ਜਾ ਸਕਦੀ ਹੈ।
ਉਧਰ, ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਨੇ ਇਸ ਮਾਮਲੇ ਵਿੱਚ 36 ਲੋਕਾਂ ਨੂੰ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਹੈ ਤੇ 24 ਖ਼ਿਲਾਫ਼ 1,850 ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ ਹੈ। ਚਾਰਜਸ਼ੀਟ ਅਨੁਸਾਰ ਕੈਨੇਡਾ ਸਥਿਤ ਗੈਂਗਸਟਰ ਸਤਿੰਦਰਜੀਤ ਸਿੰਘ ਉਰਫ਼ ਗੋਲਡੀ ਬਰਾੜ ਨੇ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਮਦਦ ਨਾਲ ਪਿਛਲੇ ਸਾਲ ਮੁਹਾਲੀ ਵਿੱਚ ਗੋਲੀ ਮਾਰ ਕੇ ਮਾਰੇ ਗਏ ਵਿੱਕੀ ਮਿੱਡੂਖੇੜਾ ਦੇ ਕਤਲ ਦਾ ਬਦਲਾ ਲੈਣ ਲਈ ਕਤਲ ਦੀ ਯੋਜਨਾ ਨੂੰ ਅੰਜਾਮ ਦਿੱਤਾ ਸੀ। ਮਿੱਡੂਖੇੜਾ ਦੇ ਕਤਲ ਵਿੱਚ ਸ਼ਗਨਪ੍ਰੀਤ ਸਿੰਘ ਦਾ ਨਾਮ ਸਾਹਮਣੇ ਆਇਆ ਸੀ, ਜਿਸ ਨੂੰ ਮੂਸੇਵਾਲਾ ਦਾ ਮੈਨੇਜਰ ਦੱਸਿਆ ਜਾਂਦਾ ਸੀ। ਇਸ ਮਗਰੋਂ ਗੈਂਗਸਟਰਾਂ ਨੇ ਦਾਅਵਾ ਕੀਤਾ ਸੀ ਕਿ ਇਸ ਕਤਲ ਵਿੱਚ ਗਾਇਕ ਵੀ ਸ਼ਾਮਲ ਸੀ।
ਹਾਸਲ ਜਾਣਕਾਰੀ ਅਨੁਸਾਰ ਪੁਲਿਸ ਨੇ ਬੱਬੂ ਮਾਨ ਤੇ ਸਿੱਧੂ ਮੂਸੇਵਾਲਾ ਦੀ ਆਪਸੀ ਤਕਰਾਰ ਦੇ ਸਬੰਧ ਵਿੱਚ ਪੁੱਛ-ਪੜਤਾਲ ਕੀਤੀ। ਪੁਲਿਸ ਨੇ ਇਨ੍ਹਾਂ ਦੋਨੋਂ ਗਾਇਕਾਂ ਤੋਂ ਵੱਖ-ਵੱਖ ਵੀ ਪੜਤਾਲ ਕੀਤੀ। ਮੂਸੇਵਾਲਾ ਦੇ ਕਤਲ ਤੋਂ ਕੁੱਝ ਸਮਾਂ ਪਹਿਲਾਂ ਦੋਨੋਂ ਗਾਇਕਾਂ ਵਿਚਕਾਰ ਵਿਵਾਦ ਹੋ ਗਿਆ ਸੀ। ਸਿੱਧੂ ਮੂਸੇਵਾਲਾ ਨੇ ਬੱਬੂ ਮਾਨ ਦਾ ਨਾਮ ਲਏ ਬਿਨਾਂ ਲਾਈਵ ਹੋ ਕੇ ਆਪਣੀ ਗੱਲ ਰੱਖੀ ਸੀ ਤੇ ਇਸ ਮਾਮਲੇ ਵਿੱਚ ਦੋਨੋਂ ਗਾਇਕਾਂ ਦੇ ਪ੍ਰਸ਼ੰਸਕ ਵੀ ਇੱਕ-ਦੂਜੇ ਖਿਲਾਫ਼ ਸੋਸ਼ਲ ਮੀਡੀਆ ’ਤੇ ਆ ਗਏ ਸਨ।
ਭਾਵੇਂ ਬੱਬੂ ਮਾਨ, ਮੂਸੇਵਾਲਾ ਦੇ ਨਾਲ ਆਨ-ਲਾਈਨ ਝਗੜਿਆਂ ਵਿੱਚ ਸ਼ਾਮਲ ਸੀ, ਪਰ ਮਨਕੀਰਤ ਔਲਖ ਦਾ ਨਾਮ ਪੰਜਾਬੀ ਗਾਇਕ ਦੇ ਕਤਲ ਨਾਲ ਸ਼ੁਰੂ ਤੋਂ ਹੀ ਜੁੜ ਗਿਆ ਸੀ ਤੇ ਇਸ ਕੇਸ ਦੇ ਮੁੱਖ ਮੁਲਜ਼ਮ ਗੈਂਗਸਟਰ ਲਾਰੈਂਸ ਬਿਸ਼ਨੋਈ ਨਾਲ ਔਲਖ ਦੀਆਂ ਤਸਵੀਰਾਂ ਵਿਆਪਕ ਤੌਰ ’ਤੇ ਸਾਂਝੀਆਂ ਕੀਤੀਆਂ ਗਈਆਂ ਸਨ। ਇੱਥੋਂ ਤੱਕ ਕਿ ਬੰਬੀਹਾ ਗੈਂਗ ਨੇ ਔਲਖ ’ਤੇ ਕਤਲ ਦੀ ਸਾਜ਼ਿਸ਼ ’ਚ ਸ਼ਾਮਲ ਹੋਣ ਦਾ ਦੋਸ਼ ਲਗਾਇਆ ਹੈ ਤੇ ਮੂਸੇਵਾਲਾ ਦੇ ਕਤਲ ਦਾ ਬਦਲਾ ਲੈਣ ਲਈ ਉਸ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ।
ਹਾਲਾਂਕਿ, ਐਸਆਈਟੀ ਨੇ ਚਾਰਜਸ਼ੀਟ ਵਿੱਚ ਇਸ ਕਤਲ ਨੂੰ ਬਿਸ਼ਨੋਈ ਤੇ ਬੰਬੀਹਾ ਗੈਂਗ ਵਿਚਾਲੇ ਬਦਲੇ ਦੀ ਹੱਤਿਆ ਦੀ ਇੱਕ ਲੰਬੀ ਲੜੀ ਦਾ ਹਿੱਸਾ ਕਰਾਰ ਦਿੱਤਾ ਸੀ। ਇਸ ਵਿੱਚ ਸੰਗੀਤ ਉਦਯੋਗ ਨਾਲ ਜੁੜੇ ਕਿਸੇ ਵਿਅਕਤੀ ਦੀ ਸ਼ਮੂਲੀਅਤ ਦਾ ਕੋਈ ਜ਼ਿਕਰ ਨਹੀਂ ਸੀ। ਪੁਲਿਸ ਨੇ ਸੰਗੀਤ ਨਿਰਦੇਸ਼ਕ ਨਿਸ਼ਾਨ ਸਿੰਘ, ਜੋ ਇੱਕ ਸੀਨੀਅਰ ਪੁਲਿਸ ਅਧਿਕਾਰੀ ਦਾ ਪੁੱਤਰ ਹੈ ਤੇ ਮੁਕਤਸਰ ਜ਼ਿਲ੍ਹੇ ਦੇ ਪਿੰਡ ਭੰਗਚੜੀ ਦੇ ਦੋ ਵਸਨੀਕਾਂ ਨੂੰ ਵੀ ਸੰਮਨ ਕੀਤਾ ਹੈ।
ਯਾਦ ਰਹੇ ਕੌਮੀ ਜਾਂਚ ਏਜੰਸੀ (ਐਨਆਈਏ) ਨੇ ਗੈਂਗਸਟਰ-ਗਾਇਕ ਸਿੰਡੀਕੇਟ ਦੀ ਜਾਂਚ ਦੇ ਸਬੰਧ ਵਿੱਚ ਨਵੀਂ ਦਿੱਲੀ ਵਿੱਚ ਏਜੰਸੀ ਦੇ ਹੈੱਡਕੁਆਰਟਰ ਵਿੱਚ ਗਾਇਕ ਦਿਲਪ੍ਰੀਤ ਢਿੱਲੋਂ, ਅਫਸਾਨਾ ਖਾਨ ਤੋਂ ਇਲਾਵਾ ਮਨਕੀਰਤ ਔਲਖ ਤੋਂ ਪੁੱਛ-ਪੜਤਾਲ ਕੀਤੀ ਸੀ। ਇਸ ਤੋਂ ਇਲਾਵਾ ਯੂਥ ਅਕਾਲੀ ਆਗੂ ਵਿੱਕੀ ਮਿੱਡੂਖੇੜਾ ਦੇ ਭਰਾ ਅਜੈਪਾਲ ਸਿੰਘ ਮਿੱਡੂਖੇੜਾ ਨੂੰ ਵੀ ਮਾਨਸਾ ਪੁਲਿਸ ਨੇ ਮੂਸੇਵਾਲਾ ਕਤਲ ਕੇਸ ਵਿੱਚ ਤਲਬ ਕੀਤਾ ਸੀ ਤੇ ਉਸ ਤੋਂ ਪਿਛਲੇ ਹਫ਼ਤੇ ਪੁੱਛ-ਪੜਤਾਲ ਕੀਤੀ ਗਈ ਸੀ।
ਇਨ੍ਹਾਂ ਵਿਅਕਤੀਆਂ ਦੇ ਨਾਮ ਵੀ ਮੂਸੇਵਾਲਾ ਦੇ ਪਿਤਾ ਵੱਲੋਂ ਆਪਣੇ ਪੁੱਤਰ ਦੇ ਕਤਲ ਵਿਚ ਭੂਮਿਕਾ ਦੀ ਜਾਂਚ ਲਈ ਪੁਲਿਸ ਨੂੰ ਦਿੱਤੇ ਗਏ ਸਨ। ਸਿੱਧੂ ਮੂਸੇਵਾਲਾ ਦੀ 29 ਮਈ ਨੂੰ ਮਾਨਸਾ ਜ਼ਿਲ੍ਹੇ ਦੇ ਪਿੰਡ ਜਵਾਹਰਕੇ ਵਿੱਚ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਘਟਨਾ ਤੋਂ ਇਕ ਦਿਨ ਪਹਿਲਾਂ ਪੰਜਾਬ ਸਰਕਾਰ ਨੇ ਮੂਸੇਵਾਲਾ ਦੀ ਸੁਰੱਖਿਆ ਵਿੱਚ ਕਟੌਤੀ ਕੀਤੀ ਸੀ।