Punjab Vidhan Sabha: ਪੰਜਾਬ ਵਿਧਾਨ ਸਭਾ 'ਚ ਅੱਜ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਮਲਾ ਗੂੰਜਿਆ। ਕਾਂਗਰਸ ਦੇ ਵਿਧਾਇਕਾਂ ਨੇ ਭਗਵੰਤ ਮਾਨ ਸਰਕਾਰ ਨੂੰ ਨਿਸ਼ਾਨਾ ਬਣਾਉਂਦਿਆਂ ਹਮਲਾਵਰ ਰੁਖ ਅਖਤਿਆਰ ਕੀਤਾ। ਵਿਰੋਧੀ ਧਿਰ ਕਾਂਗਰਸ ਨੇ ਪੰਜਾਬ ਸਰਕਾਰ ਨੂੰ ਘੇਰਦਿਆਂ ਸਦਨ ਵਿੱਚੋਂ ਵਾਕਆਊਟ ਕਰ ਦਿੱਤਾ।
ਹਾਸਲ ਜਾਣਕਾਰੀ ਮੁਤਾਬਕ ਸੱਤਾਧਾਰੀ ਆਮ ਆਦਮੀ ਪਾਰਟੀ ਤੇ ਵਿਰੋਧੀ ਧਿਰ ਕਾਂਗਰਸ ਦੇ ਮੈਂਬਰਾਂ ਵਿਚਾਲੇ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਵਾਪਸ ਲੈਣ ਦੇ ਮਾਮਲੇ ’ਤੇ ਤਿੱਖੀ ਬਹਿਸ ਹੋਈ। ਇਸ ਮੌਕੇ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਤੇ ਕਾਂਗਰਸੀ ਆਗੂ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਪ੍ਰਤਾਪ ਬਾਜਵਾ ਵਿਚਾਲੇ ਗਰਮਾ-ਗਰਮੀ ਹੋਈ।
ਦਰਅਸਲ ਕੈਬਨਿਟ ਮੰਤਰੀ ਧਾਲੀਵਾਲ ਵੱਲੋਂ ਕਾਂਗਰਸ ਖ਼ਿਲਾਫ਼ ਕੀਤੀ ਤਲਖ ਟਿੱਪਣੀ ਕਾਰਨ ਕਾਂਗਰਸੀ ਵਿਧਾਇਕ ਭੜਕ ਗਏ। ਉਹ ਸਦਨ ਵਿਚਾਲੇ ਆ ਗਏ ਤੇ ਨਾਅਰੇਬਾਜ਼ੀ ਕਰਦੇ ਹੋਏ ਕਾਂਗਰਸੀ ਵਿਧਾਇਕ ਸਦਨਤੋਂ ਵਾਕਆਊਟ ਕਰ ਗਏ।
ਦੱਸ ਦਈਏ ਕਿ ਮਾਨ ਸਰਕਾਰੀ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਲੈਕੇ ਵਿਵਾਦਾਂ 'ਚ ਘਿਰੀ ਹੋਈ ਹੈ। ਸਿੱਧੂ ਦੇ ਕਤਲ ਤੋਂ ਠੀਕ ਇੱਕ ਦਿਨ ਪਹਿਲਾਂ ਉਸ ਦੀ ਸਕਿਉਰਟੀ 'ਚ ਕਟੌਤੀ ਕੀਤੀ ਗਈ ਸੀ ਅਤੇ ਇਸ ਗੱਲ ਨੂੰ ਮੀਡੀਆ ;ਚ ਲੀਕ ਵੀ ਕੀਤਾ ਗਿਆ ਸੀ।
ਕਾਬਿਲੇਗ਼ੌਰ ਹੈ ਕਿ ਸਿੱਧੂ ਮੂਸੇਵਾਲਾ ਨੂੰ 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਉਸ ਦੀ ਮੌਤ ਨੂੰ ਇੱਕ ਸਾਲ ਹੋਣ ਵਾਲਾ ਹੈ, ਪਰ ਪਰਿਵਾਰ ਨੂੰ ਹਾਲੇ ਤੱਕ ਇਨਸਾਫ ਨਹੀਂ ਮਿਿਲਿਆ ਹੈ। ਹਾਲ ਹੀ 'ਚ ਮੂਸੇਵਾਲਾ ਦੇ ਮਾਪਿਆਂ ਨੇ ਵੀ ਵਿਧਾਨ ਸਭਾ ਦੇ ਬਾਹਰ ਧਰਨਾ ਲਾਇਆ ਸੀ। ਇਸ ਦੌਰਾਨ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਬਿਆਨ ਦਿੱਤਾ ਸੀ ਕਿ ਉਨ੍ਹਾਂ ਦੇ ਪੁੱਤਰ ਦੇ ਕਤਲ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਹ ਵੀ ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦੇ ਕਤਲ 'ਚ ਗੈਂਗਸਟਰ ਗੋਲਡੀ ਬਰਾੜ ਮੁੱਖ ਦੋਸ਼ੀ ਹੈ, ਜੋ ਕਿ ਇਸ ਸਮੇਂ ਫਰਾਰ ਹੈ।