ਸ਼ਿਮਲਾ: ਹਿਮਾਚਲ ਪ੍ਰਦੇਸ਼ ਵਿੱਚ ਸਵਾਈਨ ਫਲੂ ਦੇ ਮਾਮਲੇ ਲਗਾਤਾਰ ਵਧ ਰਹੇ ਹਨ। ਸੂਬੇ ਵਿੱਚ ਸਵਾਈਨ ਫਲੂ ਕਰਕੇ 14 ਲੋਕਾਂ ਦੀ ਮੌਤ ਹੋ ਚੁੱਕੀ ਹੈ। ਪਿਛਲੇ ਦਿਨੀਂ ਸੂਬੇ ਦੇ ਸਾਬਕਾ  ਮੁੱਖ ਮੰਤਰੀ ਵੀਰਭੱਦਰ ਸਿੰਘ ਨੂੰ ਵੀ ਸਵਾਈਨ ਫਲੂ ਹੋ ਗਿਆ ਸੀ, ਜਿਨ੍ਹਾਂ ਦਾ ਇਲਾਜ ਜਾਰੀ ਹੈ।


ਇਸ ਬਿਮਾਰੀ ਤੋਂ ਪ੍ਰਭਾਵਿਤ 270 ਸ਼ੱਕੀ ਮਰੀਜ਼ਾਂ ਦੀ ਜਾਂਚ ਕੀਤੀ ਗਈ, ਜਿਸ ਮਗਰੋਂ 86 ਕੇਸ ਪਾਜ਼ਿਟਿਵ ਪਾਏ ਗਏ ਸਨ, ਜਿਨ੍ਹਾਂ ਵਿੱਚੋਂ 14 ਦੀ ਮੌਤ ਹੋ ਗਈ ਹੈ। ਹਿਮਾਚਲ ਵਿੱਚੋਂ ਸਭ ਤੋਂ ਵੱਧ ਕਾਂਗੜਾ ਜ਼ਿਲ੍ਹੇ ਵਿੱਚ ਸਵਾਈਨ ਫਲੂ ਦੇ ਮਾਮਲੇ ਸਾਹਮਣੇ ਆਏ ਹਨ।

ਸੂਬੇ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਉੱਚ ਅਧਿਕਾਰੀਆਂ ਨਾਲ ਬੈਠਕ ਕਰ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਹਸਪਤਾਲਾਂ ਵਿੱਚ ਲੋੜੀਂਦੀਆਂ ਦਵਾਈਆਂ ਮੁਹੱਈਆ ਕਰਵਾਉਣ ਦੇ ਨਾਲ-ਨਾਲ ਬਿਮਾਰੀ ਦੀ ਰੋਕਥਾਮ ਲਈ ਵੀ ਅਹਿਮ ਨਿਰਦੇਸ਼ ਦਿੱਤੇ।