Patiala News : ਉੱਤਰੀ ਭਾਰਤ 'ਚ ਠੰਢ ਦਾ ਕਹਿਰ, ਬਿਮਾਰੀਆਂ ਤੋਂ ਬਚਾਅ ਲਈ ਸਿਹਤ ਐਡਵਾਈਜ਼ਰੀ ਜਾਰੀ
ਉੱਤਰੀ ਭਾਰਤ ਵਿੱਚ ਠੰਢ ਦਾ ਕਹਿਰ ਹੈ। ਅਗਲੇ ਕੁਝ ਦਿਨ ਹਾਲਾਤ ਇਹੀ ਰਹਿਣ ਦੇ ਆਸਾਰ ਹਨ। ਪੰਜਾਬ ਸਰਕਾਰ ਨੇ ਸਕੂਲਾਂ ਦਾ ਸਮਾਂ ਬਦਲ ਦਿੱਤਾ ਹੈ ਤੇ ਨਾਲ ਹੀ 25 ਦਸੰਬਰ ਤੋਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ।
Patiala News : ਉੱਤਰੀ ਭਾਰਤ ਵਿੱਚ ਠੰਢ ਦਾ ਕਹਿਰ ਹੈ। ਅਗਲੇ ਕੁਝ ਦਿਨ ਹਾਲਾਤ ਇਹੀ ਰਹਿਣ ਦੇ ਆਸਾਰ ਹਨ। ਪੰਜਾਬ ਸਰਕਾਰ ਨੇ ਸਕੂਲਾਂ ਦਾ ਸਮਾਂ ਬਦਲ ਦਿੱਤਾ ਹੈ ਤੇ ਨਾਲ ਹੀ 25 ਦਸੰਬਰ ਤੋਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਇਸ ਦੌਰਾਨ ਸਰਦੀ ਦੇ ਮੌਸਮ ਨੂੰ ਮੁੱਖ ਰੱਖਦੇ ਹੋਏ ਇਸ ਮੌਸਮ 'ਚ ਬਿਮਾਰੀਆਂ ਤੋਂ ਬਚਾਅ ਲਈ ਸਿਹਤ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ।
ਪਟਿਆਲਾ ਦੀ ਸਿਵਲ ਸਰਜਨ ਡਾ. ਦਲਬੀਰ ਕੌਰ ਨੇ ਕਿਹਾ ਕਿ ਇਸ ਵੇਲੇ ਸਮੇਂ ਸਰਦੀ ਦੇ ਨਾਲ-ਨਾਲ ਸੀਤ ਲਹਿਰ ਸ਼ੁਰੂ ਹੋ ਚੁੱਕੀ ਹੈ, ਜਿਸ ਵਿੱਚ ਜ਼ਿਆਦਾਤਰ ਬਜ਼ੁਰਗ ਤੇ ਛੋਟੇ ਬੱਚੇ ਜ਼ਿਆਦਾ ਪ੍ਰਭਾਵਿਤ ਹੁੰਦੇ ਹਨ। ਉਨ੍ਹਾਂ ਨੂੰ ਸਰਦੀ ਲੱਗਣ ਨਾਲ ਕਈ ਤਰ੍ਹਾਂ ਦੀਆਂ ਬਿਮਾਰੀਆਂ ਹੋ ਸਕਦੀਆਂ ਹਨ, ਇਸ ਲਈ ਉਨ੍ਹਾਂ ਕਿਹਾ ਕਿ ਬਜ਼ੁਰਗ ਤੇ ਦਿਲ ਦੇ ਰੋਗਾਂ ਦੇ ਮਰੀਜ਼ ਸਵੇਰ ਤੇ ਦੇਰ ਸ਼ਾਮ ਦੇ ਸਮੇਂ ਜ਼ਿਆਦਾ ਠੰਢ ਤੇ ਧੁੰਦ ਹੋਣ ਤੇ ਸੈਰ ਕਰਨ ਜਾਂ ਘਰੋਂ ਬਾਹਰ ਜਾਣ ਤੋਂ ਗੁਰੇਜ਼ ਕਰਨ।
ਛੋਟੇ ਬੱਚਿਆਂ ਨੂੰ ਇਸ ਮੌਸਮ ਵਿਚ ਨੁਮੋਨੀਆਂ ਹੋਣ ਦਾ ਖ਼ਤਰਾ ਜ਼ਿਆਦਾ ਰਹਿੰਦਾ ਹੈ ਤੇ ਠੰਢ ਲੱਗਣ ਨਾਲ ਛੋਟੇ ਬੱਚਿਆਂ ਨੂੰ ਉਲਟੀ, ਦਸਤ ਵੀ ਲੱਗ ਸਕਦੇ ਹਨ, ਇਸ ਲਈ ਬੱਚਿਆਂ ਦੀ ਸੰਭਾਲ ਵੱਲ ਖ਼ਾਸ ਧਿਆਨ ਦਿੰਦੇ ਹੋਏ ਸਰਦੀ ਤੋਂ ਬਚਾਅ ਲਈ ਛੋਟੇ ਬੱਚਿਆਂ ਨੂੰ ਪੂਰੀ ਤਰ੍ਹਾਂ ਸਰੀਰ ਢੱਕਣ ਵਾਲੇ ਗਰਮ ਕੱਪੜੇ ਪਾਉਣ ਦੇ ਨਾਲ ਸਿਰ ਤੇ ਟੋਪੀ ਤੇ ਪੈਰਾਂ ਵਿਚ ਜੁਰਾਬਾਂ ਜ਼ਰੂਰ ਪਾਈਆਂ ਜਾਣ।
ਉਨ੍ਹਾਂ ਕਿਹਾ ਕਿ ਸਰਦੀ ਦੇ ਮੌਸਮ ਵਿਚ ਘਰਾਂ ਵਿਚ ਬੰਦ ਕਮਰੇ ਵਿਚ ਅੰਗੀਠੀ ਬਾਲ ਕੇ ਕਦੇ ਵੀ ਅੱਗ ਨਾ ਸੇਕੀ ਜਾਵੇ ਕਿਉਂਕਿ ਇਸ ਤਰ੍ਹਾਂ ਕਾਰਬਨ ਮੋਨੋਆਕਸਾਈਡ ਗੈਸ ਬਣਦੀ ਹੈ ਅਤੇ ਆਕਸੀਜਨ ਦੀ ਕਮੀ ਹੋ ਜਾਂਦੀ ਹੈ, ਜੋ ਕਿ ਸਾਡੇ ਲਈ ਜਾਨਲੇਵਾ ਵੀ ਸਾਬਤ ਹੋ ਸਕਦੀ ਹੈ।
ਡਾ. ਦਲਬੀਰ ਕੌਰ ਨੇ ਦੱਸਿਆ ਕਿ ਦਮਾ ਅਤੇ ਸਾਹ ਦੀ ਬਿਮਾਰੀ ਦੇ ਮਰੀਜ਼ ਬਹੁਤੀ ਜ਼ਿਆਦਾ ਠੰਢ ਹੋਣ 'ਤੇ ਘਰੋਂ ਬਾਹਰ ਜਾਣ ਤੋਂ ਗੁਰੇਜ਼ ਕਰਨ ਤੇ ਖ਼ੁਰਾਕ ਵਿਚ ਵੀ ਗਰਮ ਚੀਜ਼ਾਂ ਜਿਵੇਂ ਸੂਪ, ਚਾਹ, ਕਾਫ਼ੀ, ਸੰਤੁਲਿਤ ਖ਼ੁਰਾਕ ਦਾ ਸੇਵਨ ਕਰਨ ਇਸ ਮੌਸਮ 'ਚ ਗਰਮ ਕੱਪੜੇ ਦੋ ਜਾਂ ਤਿੰਨ ਪਰਤਾਂ 'ਚ ਪਾਏ ਜਾਣ ਤਾਂ ਜੋ ਸਰੀਰ ਦਾ ਤਾਪਮਾਨ ਨਾਰਮਲ ਬਣਿਆ ਰਹੇ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸਿਹਤ ਵਿਭਾਗ ਵਲੋਂ ਜ਼ਿਲ੍ਹੇ ਅਧੀਨ ਆਉਂਦੇ ਹਸਪਤਾਲਾਂ ਦੇ ਸੀਨੀਅਰ ਮੈਡੀਕਲ ਅਫਸਰਾਂ ਨੂੰ ਇਸ ਸੰਬੰਧੀ ਲੋੜੀਂਦੇ ਇੰਤਜਾਮ ਕਰਨ ਲਈ ਕਹਿ ਦਿੱਤਾ ਗਿਆ ਹੈ।
Check out below Health Tools-
Calculate Your Body Mass Index ( BMI )