ਚੰਡੀਗੜ੍ਹ: ਮੁੱਖ ਸਕੱਤਰ ਪੰਜਾਬ ਵਿਨੀ ਮਹਾਜਨ ਨੇ ਸੂਬੇ ਵਿੱਚ ਛੋਟੀ ਉਮਰ ਦੀਆਂ ਲੜਕੀਆਂ, ਗਰਭਵਤੀ ਔਰਤਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਅਨੀਮੀਆ (ਖੂਨ ਦੀ ਘਾਟ) ਤੋਂ ਨਿਜਾਤ ਦਿਵਾਉਣ ਲਈ ‘ਅਨੀਮੀਆ ਮੁਕਤ ਪੰਜਾਬ’ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ।


ਸੂਬੇ ਵਿੱਚ ਅਨੀਮੀਆ ਘਟਾਉਣ ਬਾਰੇ ਸਿਹਤ ਅਤੇ ਪਰਿਵਾਰ ਭਲਾਈ, ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਅਤੇ ਸਕੂਲ ਸਿੱਖਿਆ ਵਿਭਾਗਾਂ ਦੀ ਸਮੀਖਿਆ ਬੈਠਕ ਦੀ ਪ੍ਰਧਾਨਗੀ ਕਰਦਿਆਂ ਮੁੱਖ ਸਕੱਤਰ ਨੇ ਤਿੰਨੋਂ ਵਿਭਾਗਾਂ ਨੂੰ ਤਰਜੀਹੀ ਆਧਾਰ `ਤੇ ਬੱਚਿਆਂ, ਛੋਟੀ ਉਮਰ ਦੀਆਂ ਲੜਕੀਆਂ, ਗਰਭਵਤੀ ਮਹਿਲਾਵਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਦੀ ਟੈਸਟਿੰਗ ਅਤੇ ਇਲਾਜ`ਤੇ ਧਿਆਨ ਕੇਂਦਰਤਿ ਕਰਦਿਆਂ ਮੁਹਿੰਮ ਨੂੰ ਸੰਗਠਿਤ ਤੌਰ ਤੇ ਲਾਗੂ ਕਰਨ ਦੇ ਨਿਰਦੇਸ਼ ਦਿੱਤੇ।


ਉਨ੍ਹਾਂ ਲਾਭਪਾਤਰੀਆਂ ਦੇ ਵਿਵਹਾਰ ਅਤੇ ਜੀਵਨ ਸ਼ੈਲੀ ਵਿੱਚ ਤਬਦੀਲੀ ਲਿਆਉਣ ਲਈ ਵੀ ਠੋਸ ਮੁਹਿੰਮ ਲਾਗੂ ਕਰਨ `ਤੇ ਜ਼ੋਰ ਦਿੱਤਾ। ਮਹਾਜਨ ਨੇ ਕਿਹਾ ਕਿ ਅਨੀਮੀਆ ਖਾਸਕਰ ਗਰਭਵਤੀ ਮਹਿਲਾਵਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਦੇ ਨਾਲ-ਨਾਲ ਛੋਟੀ ਉਮਰ ਦੀਆਂ ਲੜਕੀਆਂ ਵਿੱਚ ਇੱਕ ਪ੍ਰਮੁੱਖ ਮੁੱਦਾ ਹੈ ਪਰ ਆਇਰਨ ਅਤੇ ਫੋਲਿਕ ਐਸਿਡ ਸਪਲੀਮੈਂਟਾਂ ਅਤੇ ਸਹੀ ਪੌਸ਼ਟਿਕ ਖੁਰਾਕ ਨਾਲ ਇਸਦੀ ਆਸਾਨੀ ਨਾਲ ਰੋਕਥਾਮ ਕੀਤੀ ਜਾ ਸਕਦੀ ਹੈ।


ਉਨ੍ਹਾਂ ਤਿੰਨੋ ਸਬੰਧਤ ਵਿਭਾਗਾਂ ਨੂੰ ਆਇਰਨ-ਫੋਲਿਕ ਐਸਿਡ ਦੀਆਂ ਗੋਲੀਆਂ ਮੁਹੱਈਆ ਕਰਵਾਉਣ ਦੇ ਨਾਲ-ਨਾਲ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਵਿੱਚ ਬੱਚਿਆਂ ਲਈ ਮਿਡ-ਡੇਅ ਮੀਲ ਦੀ ਪੌਸ਼ਟਿਕਤਾ ਦੇ ਪੱਧਰ ਨੂੰ ਵਧਾਉਣ ਲਈ ਕਿਹਾ।


ਇਸ ਤੋਂ ਇਲਾਵਾ, ਉਨ੍ਹਾਂ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਉਹ ਇਸ ਮੁਹਿੰਮ ਤਹਿਤ ਬੱਚਿਆਂ ਵਿੱਚ ਅਨੀਮੀਆ ਦੀ ਰੋਕਥਾਮ ਲਈ ਸਾਰੇ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਨੂੰ ਵੀ ਕਵਰ ਕਰਨ।


ਅਨੀਮੀਆ ਮੁਕਤ ਪੰਜਾਬ’ ਮੁਹਿੰਮ ਦੀ ਸਫਲਤਾ ਲਈ ਰੂਪ ਰੇਖਾ ਉਲੀਕਦਿਆਂ ਮੁੱਖ ਸਕੱਤਰ ਨੇ ਪ੍ਰਮੁੱਖ ਸਿਹਤ ਸਕੱਤਰ ਹੁਸਨ ਲਾਲ ਨੂੰ ਹਦਾਇਤ ਕੀਤੀ ਕਿ ਉਹ ਸਾਰੀਆਂ ਸਿਹਤ ਸੰਸਥਾਵਾਂ ਵਿੱਚ ਅਨੀਮੀਆ ਜਾਂਚ ਨੂੰ ਯਕੀਨੀ ਬਣਾਉਣ ਅਤੇ ਇਸ ਤੋਂ ਇਲਾਵਾ ਰਾਜ ਵਿੱਚ ਕੋਵਿਡ ਟੀਕਾਕਰਨ ਕੇਂਦਰਾਂ ਵਿੱਚ ਜਾਗਰੂਕਤਾ ਮੁਹਿੰਮ ਸ਼ੁਰੂ ਕਰਨ।


ਇਸ ਮੁਹਿੰਮ ਤਹਿਤ 9ਵੀਂ ਤੋਂ 12ਵੀਂ ਜਮਾਤ ਦੀਆਂ ਸਾਰੀਆਂ ਵਿਦਿਆਰਥਣਾਂ ਨੂੰ ਕਵਰ ਕਰਨ `ਤੇ ਜ਼ੋਰ ਦਿੰਦਿਆਂ ਮੁੱਖ ਸਕੱਤਰ ਨੇ ਸਿਹਤ ਵਿਭਾਗ ਨੂੰ ਸਾਰੇ ਸਕੂਲਾਂ, ਆਂਗਣਵਾੜੀ ਕੇਂਦਰਾਂ ਅਤੇ ਆਸ਼ਾ ਵਰਕਰਾਂ ਨੂੰ ਆਈਐਫਏ ਦੀਆਂ ਗੋਲੀਆਂ ਦੇਣ ਲਈ ਕਿਹਾ।


ਉਨ੍ਹਾਂ ਇਸ ਮੁਹਿੰਮ ਵਿੱਚ ਸ਼ਾਮਲ ਤਿੰਨੋ ਵਿਭਾਗਾਂ ਨੂੰ ਅਨੀਮੀਆ ਤੋਂ ਪ੍ਰਭਾਵਿਤ ਬੱਚਿਆਂ ਦੀ ਟੈਸਟਿੰਗ ਸਬੰਧੀ ਅੰਕੜਿਆਂ ਨੂੰ ਸਾਂਝਾ ਕਰਨ ਅਤੇ ਵੈਬਸਾਈਟ ਤੇ ਅਪਲੋਡ ਕਰਨ ਦੀ ਹਦਾਇਤ ਕੀਤੀ। ਉਂਨਾਂ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਲਾਭਪਾਤਰੀਆਂ ਨੂੰ ਆਈ.ਐੱਫ.. ਦੀਆਂ ਗੋਲੀਆਂ ਦੀ 100 ਫੀਸਦੀ ਵੰਡ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤੇ ਹਨ


ਇਸ ਦੇ ਨਾਲ ਹੀ ਉਨ੍ਹਾਂ ਸਿਹਤ ਵਿਭਾਗ ਨੂੰ ਸਾਰੇ ਆਂਗਣਵਾੜੀ ਵਰਕਰਾਂ ਦੇ ਨਾਲ ਨਾਲ ਸਕੂਲ ਦੇ ਅਧਿਆਪਕਾਂ ਅਤੇ ਸਟਾਫ ਦੇ ਕੋਵਿਡ ਟੀਕਾਕਰਨ ਨੂੰ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਤਾਂ ਜੋ ਉਹ ਵਾਇਰਸ ਫੈਲਣ ਦੇ ਬਿਨਾਂ ਕਿਸੇ ਡਰ ਤੋਂ ਬੱਚਿਆਂ ਨਾਲ ਸੁਰੱਖਿਅਤ ਢੰਗ ਅਤੇ ਆਸਨੀ ਨਾਲ ਗੱਲਬਾਤ ਕਰ ਸਕਣ।


ਇਹ ਵੀ ਪੜ੍ਹੋ: Simarjit Bains ਖਿਲਾਫ ਅਜੇ ਤਕ ਦਰਜ ਨਹੀਂ ਹੋਈ FIR, ਪੀੜਤ ਮਹਿਲਾ ਵਲੋਂ ਪੁਲਿਸ ਖ਼ਿਲਾਫ਼ ਪ੍ਰਦਰਸ਼ਨ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904