ਨਵੀਂ ਦਿੱਲੀ : ਉੱਤਰ ਅਤੇ ਉੱਤਰ-ਪੱਛਮੀ ਭਾਰਤ ਵਿੱਚ ਆਉਣ ਵਾਲੇ ਦਿਨਾਂ ਵਿੱਚ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲਣ ਦੀ ਸੰਭਾਵਨਾ ਹੈ। ਦਰਅਸਲ ਵੈਸਟਰਨ ਡਿਸਟਰਬੈਂਸ ਕਾਰਨ ਮੌਸਮ ਥੋੜ੍ਹਾ ਬਦਲ ਸਕਦਾ ਹੈ।ਹਾਲਾਂਕਿ ਵੀਰਵਾਰ ਨੂੰ ਭਾਰਤੀ ਮੌਸਮ ਵਿਭਾਗ (IMD) ਦੁਆਰਾ ਜਾਰੀ ਮੌਸਮ ਬੁਲੇਟਿਨ ਵਿੱਚ ਕਿਹਾ ਗਿਆ ਸੀ ਕਿ ਆਉਣ ਵਾਲੇ ਕੁਝ ਦਿਨਾਂ ਵਿੱਚ ਉੱਤਰ ਪੱਛਮੀ ਭਾਰਤ ਦੇ ਵੱਖ-ਵੱਖ ਹਿੱਸਿਆਂ ਵਿੱਚ ਗਰਮੀ ਦੀ ਲਹਿਰ ਜਾਰੀ ਰਹਿ ਸਕਦੀ ਹੈ। ਆਈਐਮਡੀ ਨੇ ਟਵੀਟ ਕੀਤਾ, '14 ਅਤੇ 16 ਅਪ੍ਰੈਲ ਨੂੰ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ ਦੇ ਵੱਖ-ਵੱਖ ਖੇਤਰਾਂ ਵਿੱਚ ਲੂ ਚੱਲਣ ਦੀ ਸੰਭਾਵਨਾ ਹੈ। 17 ਅਤੇ 18 ਅਪਰੈਲ ਨੂੰ ਇਨ੍ਹਾਂ ਇਲਾਕਿਆਂ ਦੇ ਕੁਝ ਹਿੱਸਿਆਂ ਵਿੱਚ ਲੂ ਅਤੇ ਗੰਭੀਰ ਲੂ ਚੱਲਣ ਦੀ ਸੰਭਾਵਨਾ ਹੈ।

 

ਇਨ੍ਹੀਂ ਦਿਨੀਂ ਦੇਸ਼ ਦੇ ਉੱਤਰੀ ਹਿੱਸੇ 'ਚ ਲੂ ਅਤੇ ਗਰਮੀ ਦਾ ਕਹਿਰ ਦੇਖਣ ਨੂੰ ਮਿਲ ਰਿਹਾ ਹੈ। ਇਨ੍ਹੀਂ ਦਿਨੀਂ ਦੇਸ਼ ਦੇ ਕਈ ਹਿੱਸਿਆਂ 'ਚ ਪਾਰਾ 40 ਤੱਕ ਪਹੁੰਚਣ ਲੱਗਾ ਹੈ। ਅਪ੍ਰੈਲ ਦੇ ਮਹੀਨੇ ਹੀ ਮਈ ਮਹੀਨੇ ਵਾਂਗ ਤਪਦੀ ਗਰਮੀ ਪੈ ਰਹੀ ਹੈ। ਇਸ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲਗਾਤਾਰ ਵੱਧ ਰਹੇ ਤਾਪਮਾਨ ਕਾਰਨ ਦਿਨ ਵੇਲੇ ਘਰੋਂ ਬਾਹਰ ਨਿਕਲਣਾ ਵੀ ਔਖਾ ਹੋ ਰਿਹਾ ਹੈ। ਲੂ ਅਤੇ ਕੜਾਕੇ ਦੀ ਗਰਮੀ ਦੇ ਮੱਦੇਨਜ਼ਰ ਲੋਕਾਂ ਨੂੰ ਵੱਧ ਤੋਂ ਵੱਧ ਪਾਣੀ ਪੀਣ ਲਈ ਕਿਹਾ ਜਾ ਰਿਹਾ ਹੈ ਤਾਂ ਜੋ ਸਰੀਰ ਵਿੱਚ ਪਾਣੀ ਦੀ ਕਮੀ ਨਾ ਹੋਵੇ। ਲੋਕਾਂ ਨੂੰ ਦਿਨ ਵੇਲੇ ਸਿੱਧੀ ਧੁੱਪ ਵਿੱਚ ਬਾਹਰ ਨਾ ਨਿਕਲਣ ਲਈ ਵੀ ਕਿਹਾ ਜਾ ਰਿਹਾ ਹੈ।

 

ਰਾਜਸਥਾਨ, ਉੱਤਰ ਪ੍ਰਦੇਸ਼ ਅਤੇ ਮੱਧ ਪ੍ਰਦੇਸ਼ ਵਿੱਚ ਵੀ ਲੂ ਦਾ ਕਹਿਰ 


ਮੌਸਮ ਵਿਭਾਗ ਨੇ ਕਿਹਾ ਕਿ ਉੱਤਰ ਪੱਛਮੀ ਭਾਰਤ ਅਤੇ ਗੁਜਰਾਤ ਖੇਤਰ ਵਿੱਚ ਅਗਲੇ ਤਿੰਨ ਦਿਨਾਂ ਦੌਰਾਨ ਵੱਧ ਤੋਂ ਵੱਧ ਤਾਪਮਾਨ ਵਿੱਚ ਦੋ ਤੋਂ ਤਿੰਨ ਡਿਗਰੀ ਸੈਲਸੀਅਸ ਦਾ ਵਾਧਾ ਹੋਵੇਗਾ। ਹਾਲਾਂਕਿ ਇਸ ਤੋਂ ਬਾਅਦ ਕੋਈ ਖਾਸ ਬਦਲਾਅ ਦੇਖਣ ਨੂੰ ਨਹੀਂ ਮਿਲੇਗਾ। ਵਿਭਾਗ ਨੇ ਇਕ ਬਿਆਨ 'ਚ ਕਿਹਾ, '14 ਤੋਂ 16 ਅਪ੍ਰੈਲ ਤੱਕ ਪੱਛਮੀ ਰਾਜਸਥਾਨ ਦੇ ਵੱਖ-ਵੱਖ ਹਿੱਸਿਆਂ 'ਚ ਲੂ ਚੱਲਣ ਦੀ ਸੰਭਾਵਨਾ ਹੈ। ਅਗਲੇ ਪੰਜ ਦਿਨਾਂ ਤੱਕ ਪੂਰਬੀ ਰਾਜਸਥਾਨ ਵਿੱਚ ਵੀ ਇਸੇ ਤਰ੍ਹਾਂ ਦੇ ਹਾਲਾਤ ਬਣੇ ਰਹਿਣ ਵਾਲੇ ਹਨ। 17 ਅਤੇ 18 ਅਪ੍ਰੈਲ ਨੂੰ ਪੱਛਮੀ ਰਾਜਸਥਾਨ 'ਚ ਲੂ ਦਾ ਕਹਿਰ ਦੇਖਣ ਨੂੰ ਮਿਲ ਸਕਦਾ ਹੈ। 17 ਅਤੇ 18 ਅਪ੍ਰੈਲ ਨੂੰ ਪੂਰਬੀ ਉੱਤਰ ਪ੍ਰਦੇਸ਼ ਅਤੇ ਪੱਛਮੀ ਉੱਤਰ ਪ੍ਰਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਗਰਮੀ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਮੱਧ ਪ੍ਰਦੇਸ਼ ਵਿੱਚ 16 ਅਤੇ 18 ਅਪ੍ਰੈਲ ਨੂੰ ਲੂ ਚੱਲੇਗੀ।

 

ਇਨ੍ਹਾਂ ਰਾਜਾਂ ਨੂੰ ਮਿਲੇਗੀ ਗਰਮੀ ਤੋਂ ਰਾਹਤ


ਆਈਐਮਡੀ ਨੇ ਅਗਲੇ ਚਾਰ ਦਿਨਾਂ ਦੌਰਾਨ ਅਰੁਣਾਚਲ ਪ੍ਰਦੇਸ਼, ਅਸਾਮ ਅਤੇ ਮੇਘਾਲਿਆ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਅਗਲੇ ਪੰਜ ਦਿਨਾਂ ਦੌਰਾਨ ਉਪ-ਹਿਮਾਲੀਅਨ ਪੱਛਮੀ ਬੰਗਾਲ-ਸਿੱਕਮ, ਨਾਗਾਲੈਂਡ, ਮਣੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ਵਿੱਚ ਗਰਜ਼ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ। ਅਗਲੇ ਚਾਰ ਤੋਂ ਪੰਜ ਦਿਨਾਂ ਦੌਰਾਨ ਕੇਰਲ-ਮਹੇ ਅਤੇ ਦੱਖਣੀ ਅੰਦਰੂਨੀ ਕਰਨਾਟਕ ਵਿੱਚ ਗਰਜ ਅਤੇ ਬਿਜਲੀ ਡਿੱਗਣ ਦੇ ਨਾਲ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।