ਨਵੀਂ ਦਿੱਲੀ: ਸੀਬੀਐਸਈ ਨੇ ਮੰਗਲਵਾਰ ਨੂੰ 12ਵੀਂ ਬੋਰਡ ਦੀਆਂ ਪ੍ਰੀਖਿਆਵਾਂ ਰੱਦ ਕਰਨ ਦਾ ਐਲਾਨ ਕੀਤਾ, ਜਿਸ ਤੋਂ ਬਾਅਦ ਕਈ ਰਾਜ ਸਰਕਾਰਾਂ ਨੇ ਵੀ ਇਸ ਪ੍ਰੀਖਿਆ ਨੂੰ ਰੱਦ ਕਰਨ ਦਾ ਐਲਾਨ ਕੀਤਾ ਹੈ। ਹਰਿਆਣਾ, ਗੁਜਰਾਤ, ਮੱਧ ਪ੍ਰਦੇਸ਼ ਅਤੇ ਉਤਰਾਖੰਡ ਦੇ ਸਿੱਖਿਆ ਬੋਰਡਾਂ ਨੇ ਆਪਣੇ ਰਾਜਾਂ ਵਿਚ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਰੱਦ ਕਰਨ ਦਾ ਐਲਾਨ ਕੀਤਾ ਹੈ। ਜਦਕਿ ਯੂਪੀ ਵੀ ਇਸ ਦੀ ਘੋਸ਼ਣਾ ਜਲਦ ਕਰ ਸਕਦੀ ਹੈ। ਕਈ ਹੋਰ ਰਾਜ ਵੀ ਅਜਿਹੀ ਘੋਸ਼ਣਾ ਕਰ ਸਕਦੇ ਹਨ।
ਇਸ ਤੋਂ ਬਾਅਦ ਮਹਾਰਾਸ਼ਟਰ, ਪੱਛਮੀ ਬੰਗਾਲ, ਕਰਨਾਟਕ ਤੇ ਹਿਮਾਚਲ ਪ੍ਰਦੇਸ਼ ਨੇ ਕਿਹਾ ਕਿ ਉਹ ਵੀ ਜਲਦ ਹੀ ਇਸ 'ਤੇ ਫੈਸਲਾ ਲੈ ਸਕਦੇ ਹਨ। ਦੱਸ ਦੇਈਏ ਕਿ ਕੋਰੋਨਾ ਮਹਾਂਮਾਰੀ ਦੀ ਦੂਸਰੀ ਲਹਿਰ ਦੇ ਮੱਦੇਨਜ਼ਰ, ਕੇਂਦਰ ਸਰਕਾਰ ਨੇ ਮੰਗਲਵਾਰ ਨੂੰ ਸੀਬੀਐਸਈ ਕਲਾਸ 12ਵੀਂ ਦੀ ਬੋਰਡ ਪ੍ਰੀਖਿਆ ਨੂੰ ਰੱਦ ਕਰਨ ਦਾ ਫੈਸਲਾ ਕੀਤਾ।
ਇਹ ਫੈਸਲਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਵਿੱਚ ਹੋਈ ਇੱਕ ਅਹਿਮ ਮੀਟਿੰਗ ਤੋਂ ਬਾਅਦ ਲਿਆ ਗਿਆ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਫੈਸਲਾ ਵਿਦਿਆਰਥੀਆਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਲਿਆ ਗਿਆ ਹੈ। ਪ੍ਰਧਾਨ ਮੰਤਰੀ ਦਫ਼ਤਰ ਤੋਂ ਜਾਰੀ ਬਿਆਨ ਅਨੁਸਾਰ ਮੋਦੀ ਨੇ ਕਿਹਾ, "ਵਿਦਿਆਰਥੀਆਂ ਦੀ ਸਿਹਤ ਅਤੇ ਸੁਰੱਖਿਆ ਸਭ ਤੋਂ ਮਹੱਤਵਪੂਰਣ ਹੈ ਅਤੇ ਇਸ 'ਤੇ ਕੋਈ ਸਮਝੌਤਾ ਨਹੀਂ ਹੋ ਸਕਦਾ।"