ਬਰਨਾਲਾ: ਅੱਜ ਬਰਨਾਲਾ 'ਚ ਪੰਜਾਬ ਦੀਆਂ ਸੰਘਰਸ਼ ਕਰ ਰਹੀਆਂ 32 ਕਿਸਾਨ ਜਥੇਬੰਦੀਆਂ ਵੱਲੋਂ ਸੰਯੁਕਤ ਕਿਸਾਨ ਮੋਰਚੇ ਦੀ ਕਾਲ 'ਤੇ ਖਾਲਸਾ ਸਾਜਨਾ ਦਿਵਸ ਵਿਸਾਖੀ ਦਾ ਦਿਹਾੜਾ ਤੇ ਜੱਲ੍ਹਿਆਂਵਾਲਾ ਬਾਗ਼ ਸਾਕਾ ਸ਼ਤਾਬਦੀ ਮਨਾਈ ਗਈ। ਇਸ ਮੌਕੇ ਕਿਸਾਨੀ ਸਟੇਜ ਤੋਂ ਖ਼ਾਲਸਾ ਸਾਜਨਾ ਦਿਵਸ ਨਾਲ ਸਬੰਧਤ ਕਵੀਸ਼ਰਾਂ ਵੱਲੋਂ ਕਵੀਸ਼ਰੀ ਪੇਸ਼ ਕੀਤੀ ਗਈ। ਨਾਲ ਹੀ ਜਲ੍ਹਿਆਂਵਾਲਾ ਬਾਗ ਸ਼ਤਾਬਦੀ ਸਾਕੇ ਬਾਰੇ ਤੇ ਖਾਲਸਾ ਸਾਜਨਾ ਦਿਵਸ ਬਾਰੇ ਬੁਲਾਰਿਆਂ ਵੱਲੋਂ ਤਕਰੀਰਾਂ ਕੀਤੀਆਂ ਗਈਆਂ।


 


ਉਨ੍ਹਾਂ ਵੱਲੋਂ ਕਿਸਾਨ ਅੰਦੋਲਨ ਨੂੰ ਹੋਰ ਮਜ਼ਬੂਤ ਕਰਨ ਲਈ ਇਸ ਤਰ੍ਹਾਂ ਦੇ ਦਿਹਾੜਿਆਂ ਨੂੰ ਮਨਾਉਣ ਦਾ ਅਹਿਦ ਲਿਆ ਗਿਆ। ਇਸ ਮੌਕੇ ਕਿਸਾਨ ਆਗੂਆਂ ਦਾ ਕਹਿਣਾ ਸੀ ਕਿ ਇਸ ਤਰ੍ਹਾਂ ਦੇ ਇਨਕਲਾਬੀ ਤੇ ਕ੍ਰਾਂਤੀਕਾਰੀ ਦਿਨ ਮਨਾਉਣ ਨਾਲ ਕਿਸਾਨ ਅੰਦੋਲਨ ਨੂੰ ਹੋਰ ਮਜ਼ਬੂਤੀ ਮਿਲੇਗੀ। ਕੈਪਟਨ ਅਮਰਿੰਦਰ ਸਿੰਘ ਵੱਲੋਂ ਪਿਛਲੇ ਚਾਰ ਸਾਲਾਂ ਦੌਰਾਨ ਕਿਸਾਨ ਘੋਲ ਦੌਰਾਨ ਕਿਸਾਨ ਆਗੂਆਂ ਤੇ ਕਿਸਾਨਾਂ 'ਤੇ ਦਰਜ ਕੀਤੇ ਗਏ ਪਰਚੇ ਰੱਦ ਕੀਤੇ ਜਾਣ।


 


ਕਿਸਾਨ ਆਗੂਆਂ ਨੇ ਪ੍ਰਤੀਕਿਰਿਆ ਦਿੰਦਿਆਂ ਦੱਸਿਆ ਕਿ ਇਹ ਫ਼ੈਸਲਾ ਬਿਲਕੁਲ ਸਹੀ ਚਾਹੇ ਦੇਰ ਆਇਆ ਦਰੁਸਤ ਆਇਆ, ਪਰ ਫ਼ੈਸਲਾ ਸਹੀ ਹੈ। ਉਨ੍ਹਾਂ ਕਿਹਾ ਕਿ ਜੋ ਪਰਚੇ ਦਰਜ ਕੀਤੇ ਗਏ ਸੀ ਉਹ ਤਾਂ ਪਹਿਲਾਂ ਹੀ ਝੂਠੇ ਸੀ। ਜੇ ਹੁਣ ਰੱਦ ਕਰਨ ਦਾ ਫ਼ੈਸਲਾ ਲਿਆ ਤਾਂ ਉਸ ਦਾ ਸਵਾਗਤ ਕਰਦੇ ਹਾਂ। ਉਨ੍ਹਾਂ ਇਹ ਵੀ ਕਿਹਾ ਕਿ 2022 ਦੀ ਵਿਧਾਨ ਸਭਾ ਚੋਣਾਂ ਨੂੰ ਦੇਖਦਿਆਂ ਹੋਇਆਂ ਹੀ ਕੈਪਟਨ ਨੇ ਇਹ ਫ਼ੈਸਲਾ ਲਿਆ ਹੈ।


 


ਕੇਂਦਰੀ ਮੰਤਰੀ ਪਿਊਸ਼ ਗੋਇਲ ਦੇ ਸਿੱਧੀ ਅਦਾਇਗੀ ਦੇ ਫੈਸਲੇ ਨੂੰ ਕ੍ਰਾਂਤੀਕਾਰੀ ਕਹਿਣ 'ਤੇ ਉਨ੍ਹਾਂ ਸਖ਼ਤ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਇਹ ਕੋਈ ਕ੍ਰਾਂਤੀਕਾਰੀ ਫ਼ੈਸਲਾ ਨਹੀਂ। ਇਸ ਨਾਲ ਕਿਸਾਨਾਂ ਨੂੰ ਸਰਕਾਰ ਉਲਝਾ ਰਹੀ ਹੈ। ਉਹ ਇਸ ਫ਼ੈਸਲੇ ਦਾ ਵਿਰੋਧ ਕਰਦੇ ਹਨ। ਦਿੱਲੀ ਪੁਲੀਸ ਵੱਲੋਂ ਪੰਜਾਬ ਦੇ ਨੌਜਵਾਨਾਂ 'ਤੇ ਕੀਤੇ ਜਾ ਰਹੇ ਤਸ਼ੱਦਦ ਦੀ ਉਨ੍ਹਾਂ ਨਿਖੇਧੀ ਕਰਦਿਆਂ ਕਿਹਾ ਕਿ ਜੇਕਰ ਪੰਜਾਬ ਵਿੱਚ ਦਿੱਲੀ ਪੁਲਿਸ ਕਿਸੇ ਨੌਜਵਾਨ ਨੂੰ ਚੁੱਕਣ ਆਉਂਦੀ ਹੈ ਜਾਂ ਕਿਸੇ ਵੀ ਕਿਸਾਨ ਆਗੂ ਨੂੰ ਗ੍ਰਿਫਤਾਰ ਕਰਨ ਆਉਂਦੀ ਹੈ ਤਾਂ ਲੋਕਾਂ ਵੱਲੋਂ ਉਸ ਦਾ ਵਿਰੋਧ ਕੀਤਾ ਜਾਵੇਗਾ ਤੇ ਘਿਰਾਓ ਕੀਤਾ ਜਾਵੇਗਾ।