ਅੰਮ੍ਰਿਤਸਰ: ਅੰਮ੍ਰਿਤਸਰ ਦੇ ਬਸ ਅੱਡੇ ਦੇ ਅੰਦਰ ਬਣੀ ਪੁਲਿਸ ਚੌਕੀ ਦੇ ਬਾਹਰ ਪੁਲਿਸ ਵਲੋਂ ਜ਼ਬਤ ਕੀਤੀਆਂ ਗਈਆਂ ਮਲਾਖਾਨੇ ਦੀਆਂ ਗੱਡੀਆਂ ਨੂੰ ਅੱਗ ਲੱਗ ਗਈ। ਅੱਗ ਇੰਨੀ ਜ਼ਬਰਦਸਤ ਸੀ ਕਿ ਇਸ ਨੂੰ ਵੇਖਦਿਆਂ ਹੀ ਵੇਖਦਿਆਂ ਅੱਗ ਨੇ ਕਈ ਵਾਹਨਾਂ ਨੂੰ ਚਪੇਟ 'ਚ ਲੈ ਲਿਆ। ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ। ਉਨ੍ਹਾਂ ਦਮਕਲ ਵਿਭਾਗ ਨੂੰ ਸੂਚਿਤ ਕੀਤਾ। ਫਾਇਰ ਬ੍ਰਿਗੇਡ ਵਿਭਾਗ ਦੀਆਂ ਗੱਡੀਆਂ ਮੌਕੇ 'ਤੇ ਪਹੁੰਚੀਆਂ। ਵਧੇਰੇ ਅੱਗ ਨੂੰ ਵੇਖਦੇ ਹੋਏ ਫਾਇਰ ਬ੍ਰਿਗੇਡ ਦੀਆਂ ਤਕਰੀਬਨ ਪੰਜ ਗੱਡੀਆਂ ਨੂੰ ਬੁਲਾਉਣਾ ਪਿਆ ਅਤੇ ਫਿਰ ਜਾ ਕੇ ਕਿਤੇ ਅੱਗ 'ਤੇ ਕਾਬੂ ਪਾਇਆ ਗਿਆ।
ਇਸ ਮੌਕੇ ਥਾਣਾ ਰਾਮਬਾਗ ਦੇ ਪੁਲਿਸ ਅਧਿਕਾਰੀ ਰਾਕੇਸ਼ ਕੁਮਾਰ ਵੀ ਮੌਜੂਦ ਸਨ। ਮੀਡੀਆ ਨੂੰ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ। ਇੱਥੇ ਪੁਰਾਣੇ ਮਾਲਖਾਨੇ ਦਾ ਸਮਾਨ ਪਿਆ ਸੀ ਜਿਸ ਵਿੱਚ ਗੱਡੀਆਂ ਸੀ ਤੇ ਉਨ੍ਹਾਂ ਨੂੰ ਅੱਗ ਲੱਗ ਗਈ। ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਫਾਇਰ ਵਿਭਾਗ ਨੇ ਅੱਗ 'ਤੇ ਕਾਬੂ ਪਾ ਲਿਆ ਹੈ।
ਉਨ੍ਹਾਂ ਕਿਹਾ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਲਗਾਇਆ ਜਾਏਗਾ। ਇਸ ਮੌਕੇ ਤੇ ਅੱਗ ਬੁਝਾਊ ਵਿਭਾਗ ਦੇ ਅਧਿਕਾਰੀ ਜਨਕ ਰਾਜ ਨੇ ਦੱਸਿਆ ਕਿ ਜਿਵੇਂ ਹੀ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਬੱਸ ਅੱਡੇ ਦੇ ਅੰਦਰ ਪੁਲਿਸ ਚੌਕੀ ਦੇ ਬਾਹਰ ਅੱਗ ਲੱਗੀ ਹੈ, ਉਨ੍ਹਾਂ ਉਸੇ ਵੇਲੇ ਆਪਣੇ ਵਾਹਨ ਭੇਜ ਦਿੱਤੇ।ਪੰਜ ਦੇ ਕਰੀਬ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਭੇਜੀਆਂ ਗਈਆਂ। ਫਿਰ ਕਿਤੇ ਜਾ ਕੇ ਅੱਗ ‘ਤੇ ਕਾਬੂ ਪਾਇਆ ਗਿਆ ਹੈ। ਇਸ ਦੌਰਾਨ ਕੋਈ ਵੀ ਜਾਨੀ ਨੁਕਸਾਨ ਹੋਣ ਦੀ ਖ਼ਬਰ ਨਹੀਂ ਹੈ।