ਫਿਰੋਜ਼ਪੁਰ: ਫਿਰੋਜ਼ਪੁਰ ਵਿਖੇ ਮਨੀਲਾ ਤੋਂ ਵਾਪਿਸ ਪਰਤੇ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਉਨ੍ਹਾਂ ਦਾ ਲੜਕਾ ਇੰਦਰਜੀਤ ਸਿੰਘ ਦੋ ਦਿਨ ਪਹਿਲਾਂ ਮਨੀਲਾ ਤੋਂ ਉਨ੍ਹਾਂ ਨੂੰ ਮਿਲਣ ਲਈ ਘਰ ਆਇਆ ਸੀ। ਜਿਸ ਨੂੰ ਗਗਨਦੀਪ ਸਿੰਘ ਆਪਣੇ ਨਾਲ ਨਾਲ ਲੈ ਗਿਆ।

 

ਮਨੀਲਾ ਤੋਂ ਪਰਤੇ ਮ੍ਰਿਤਕ ਨੌਜਵਾਨ ਦੀ ਮਾਂ ਨੇ ਦੋਸ਼ ਲਾਉਂਦਿਆ ਦੱਸਿਆ ਕਿ ਉਸ ਦੇ ਲੜਕੇ ਨੂੰ ਨਸ਼ੀਲੇ ਜਹਿਰੀਲੇ ਟੀਕੇ ਦੀ ਓਵਰਡੋਜ਼ ਦੇ ਕੇ ਮੌਤ ਦੇ ਘਾਤ ਉਤਾਰਿਆ ਗਿਆ ਹੈ। ਪੁਲਿਸ ਵੱਲੋਂ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਅਧਾਰ 'ਤੇ ਗਗਨਦੀਪ ਖਿਲਾਫ਼ ਧਾਰਾ 304 ਤਹਿਤ ਮਾਮਲਾ ਦਰਜ਼ ਕਰ ਲਿਆ ਗਿਆ ਹੈ।

 



 

ਦੂਜੇ ਪਾਸੇ ਮ੍ਰਿਤਕ ਨੌਜਵਾਨ ਦੇ ਮਾਮੇ ਨੇ ਇਸ ਮੌਤ ਦਾ ਜ਼ਿੰਮੇਵਾਰ ਸਰਕਾਰਾਂ ਨੂੰ ਵੀ ਦੱਸਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ 'ਚ ਨਸ਼ੇ ਨਾਲ ਲਗਾਤਾਰ ਹੋ ਰਹੀਆਂ ਮੌਤਾਂ ਲਈ ਸਿੱਧਾ ਸਾਡੀਆਂ ਸਰਕਾਰਾਂ ਜ਼ਿੰਮੇਵਾਰ ਹਨ। ਕਿਉਂਕਿ ਸਰਕਾਰਾਂ ਦੀ ਸਰਪ੍ਰਸਤੀ ਤੋਂ ਬਿਨ੍ਹਾਂ ਨਸ਼ਾ ਪਾਕਿਸਤਾਨ ਤੋਂ ਭਾਰਤ ਨਹੀਂ ਆ ਸਕਦਾ। ਉਨ੍ਹਾਂ ਕਿਹਾ ਕਿ ਨਸ਼ੇ ਦੇ ਸੌਦਾਗਰਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ, ਤਾਂ ਹੀ ਪੰਜਾਬ ਦੀ ਜਵਾਨੀ ਨੂੰ ਬਚਾਇਆ ਜਾ ਸਕਦਾ ਹੈ। ਨਹੀਂ ਤਾਂ ਇਸੇ ਤਰ੍ਹਾਂ ਹੀ ਨਸ਼ੇ ਨਾਲ ਮੌਤਾਂ ਹੁੰਦੀਆਂ ਰਹਿਣਗੀਆਂ।