ਲੁਧਿਆਣਾ: ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਨੂੰ ਲੈ ਕੇ ਆਮ ਆਦਮੀ ਪਾਰਟੀ ਵਿਧਾਇਕ ਕੁਲਤਾਰ ਸੰਧਵਾਂ ਨੇ ਕਿਹਾ ਹੈ ਕਿ ਪੰਜਾਬ ਦਾ ਹਿੱਤ ਚਾਹੁਣ ਵਾਲਾ ਕੋਈ ਵੀ ਵਿਅਕਤੀ ਭਾਜਪਾ 'ਚ ਨਹੀਂ ਜਾਵੇਗਾ। ਉਨ੍ਹਾਂ ਨੇ ਕਾਂਗਰਸ ਤੋਂ ਅਸਤੀਫਾ ਦੇਣ ਵਾਲੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਪ੍ਰਗਟਾਈ ਚਿੰਤਾ ਨਾਲ ਵੀ ਹਾਮੀ ਪ੍ਰਗਟਾਈ ਹੈ। 

 

ਆਮ ਆਦਮੀ ਪਾਰਟੀ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਉਦਯੋਗਪਤੀਆਂ ਨਾਲ ਮੀਟਿੰਗਾਂ ਤੋਂ ਬਾਅਦ ਸੰਧਵਾ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਇਸ ਤੋਂ ਪਹਿਲਾਂ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਵੀ ਉਕਤ ਮੀਟਿੰਗ ਬਾਰੇ ਦੱਸਿਆ ਅਤੇ ਕਾਂਗਰਸ ਅਤੇ ਅਕਾਲੀ ਦਲ ਨੂੰ ਨਿਸ਼ਾਨੇ 'ਤੇ ਲਿਆ। ਉੱਥੇ ਹੀ ਮੀਟਿੰਗ ਨੂੰ ਲੈ ਕੇ ਕੁਝ ਉਦਯੋਗਪਤੀਆਂ 'ਚ ਰੋਸ ਵੀ ਵੇਖਣ ਨੂੰ ਮਿਲਿਆ।

 

ਕੈਪਟਨ ਅਮਰਿੰਦਰ ਸਿੰਘ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਬਾਰੇ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਦੇ ਹਿੱਤ ਵਿੱਚ ਰਹਿਣ ਵਾਲਾ ਕੋਈ ਵਿਅਕਤੀ ਭਾਜਪਾ ਦੇ ਨਾਲ ਨਹੀਂ ਜਾ ਸਕਦਾ। ਜਦਕਿ ਨਵਜੋਤ ਸਿੰਘ ਸਿੱਧੂ ਦੀ ਕਾਂਗਰਸ ਨਾਲ ਨਾਰਾਜ਼ਗੀ ਨੂੰ ਲੈ ਕੇ ਉਨ੍ਹਾਂ ਨੇ ਕਿਹਾ ਕਿ ਇਸ ਬਾਰੇ ਉਹ ਜ਼ਿਆਦਾ ਤਾਂ ਨਹੀਂ ਕਹਿ ਸਕਦੇ। ਉਨ੍ਹਾਂ ਨੇ ਵਪਾਰੀਆਂ ਨਾਲ ਮੀਟਿੰਗ ਨੂੰ ਲੈ ਕੇ ਲੋਕਾਂ ਨੂੰ ਆਮ ਆਦਮੀ ਪਾਰਟੀ 'ਤੇ ਭਰੋਸਾ ਕਰਨ ਦੀ ਅਪੀਲ ਕੀਤੀ। ਜਿਹੜੀ ਰਵਾਇਤੀ ਪਾਰਟੀਆਂ ਤੋਂ ਵੱਖਰਾ ਚੰਗਾ ਸ਼ਾਸਨ ਦੇਵੇਗੀ। 

 

ਇਸ ਦੌਰਾਨ ਕੁਝ ਉਦਯੋਗਪਤੀਆਂ ਵੱਲੋਂ ਪ੍ਰਗਟਾਏ ਵਿਰੋਧ 'ਤੇ ਉਨਾਂ ਨੇ ਕਿਹਾ ਕਿ ਇਨ੍ਹਾਂ ਲੋਕਾਂ ਨੂੰ ਵੀ ਘਰ ਜਾ ਕੇ ਮਨਾ ਲਿਆ ਜਾਵੇਗਾ। ਉਨ੍ਹਾਂ ਨੇ ਪਰਾਲੀ ਦੇ ਮੁੱਦੇ ਨੂੰ ਵੀ ਸੁਲਝਾਉਣ ਬਾਰੇ ਗੱਲ ਕਹੀ। ਇਸ ਤੋਂ ਪਹਿਲਾਂ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਲੀਡਰ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਮੁਖੀ ਅਰਵਿੰਦ ਕੇਜਰੀਵਾਲ ਵੱਲੋਂ ਉਦਯੋਗਪਤੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਦਿੱਲੀ ਦੀ ਤਰਜ਼ 'ਤੇ ਸੂਬੇ ਵਿੱਚ ਵੀ ਵਧੀਆ ਸ਼ਾਸਨ ਦੇਣ ਦਾ ਵਾਅਦਾ ਕੀਤਾ ਗਿਆ ਹੈ। 

 

ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਨੂੰ ਵੀ ਨਿਸ਼ਾਨੇ 'ਤੇ ਲਿਆ। ਉੱਥੇ ਹੀ ਆਮ ਆਦਮੀ ਪਾਰਟੀ ਦੀ ਬਿਜ਼ਨਸਮੈਨਾਂ ਨਾਲ ਮੀਟਿੰਗ ਨੂੰ ਲੈ ਕੇ ਕੁਝ ਉਦਯੋਗਪਤੀਆਂ 'ਚ ਰੋਸ ਵੇਖਣ ਨੂੰ ਮਿਲਿਆ। ਖਾਸ ਤੌਰ 'ਤੇ ਛੋਟੇ ਉਦਯੋਗਪਤੀਆਂ ਨੇ ਰੋਸ ਪ੍ਰਗਟਾਇਆ ਕਿ ਸਿਰਫ਼ ਵੱਡੇ ਵੱਡੇ ਉਦਯੋਗਪਤੀਆਂ ਨੂੰ ਹੀ ਬੋਲਣ ਦਾ ਮੌਕਾ ਦਿੱਤਾ ਗਿਆ ਹੈ।