ਚੰਡੀਗੜ੍ਹਬਾਦਲ ਪਿੰਡ ਵਿੱਚੋਂ ਫੜੀ ਨਕਲੀ ਸ਼ਰਾਬ ਫੈਕਟਰੀ ਤੋਂ ਬਾਅਦ ਕੈਪਟਨ ਸਰਕਾਰ ਵੱਲੋਂ ਇਸ ਮਾਮਲੇ ਦੀ ਜਾਂਚ ਲਈ ਬਣਾਈ ਵਿਸੇਸ ਜਾਂਚ ਕਮੇਟੀ ਸਿਰਫ ਸੂਬੇ ਦੇ ਲੋਕਾਂ ਦੀਆਂ ਅੱਖਾਂ ਵਿੱਚ ਘੱਟਾ ਪਾਉਣ ਲਈ ਹੈ। ਇਹ ਇਲਜ਼ਾਮ ਆਪ ਦੇ ਵਿਧਾਇਕ ਅਤੇ ਕਿਸਾਨ ਵਿੰਗ ਪੰਜਾਬ ਦੇ ਪ੍ਰਧਾਨ ਕੁਲਤਾਰ ਸਿੰਘ ਸੰਧਵਾ ਨੇ ਲਗਾਏ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਮੰਗ ਹੈ ਕਿ ਇਸ ਕੇਸ ਦੀ ਜਾਂਚ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮੌਜੂਦਾ ਜੱਜ ਤੋਂ ਕਰਵਾਈ ਜਾਵੇ ਤਾਂ ਜੋ ਮਾਮਲੇ ਦੀ ਤਹਿ ਤੱਕ ਪਹੁੰਚ ਕੇ ਅਸਲ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾ ਸਕੇ। 

 

ਉਨ੍ਹਾਂ ਕਿਹਾ ਕਿ ਪਹਿਲਾਂ ਵੀ ਕੈਪਟਨ ਸਰਕਾਰ ਨੇ ਨਸ਼ੇ ਦੇ ਮਾਮਲੇ ਵਿਚ ਅਨੇਕਾਂ ਕਮੇਟੀਆਂ ਦਾ ਗਠਨ ਕੀਤਾ ਹੈ, ਪਰ ਇਨਾਂ ਦਾ ਨਤੀਜਾ ਹਮੇਸ਼ਾਂ ਸਿਫ਼ਰ ਹੀ ਨਿਕਲਿਆ ਹੈ। ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਵਿਚ ਨਕਲੀ ਸ਼ਰਾਬ ਦਾ ਮਸਲਾ ਬਹੁਤ ਗੰਭੀਰ ਮੁੱਦਾ ਹੈ ਅਤੇ ਇਹ ਸਿਆਸੀ ਸ਼ਹਿ ਤੋਂ ਬਿਨਾਂ ਨਹੀਂ ਚੱਲ ਸਕਦਾ। ਉਨ੍ਹਾਂ ਕਿਹਾ ਕਿ ਸਮੇਂ ਸਮੇਂ 'ਤੇ ਪੰਜਾਬ ਵਿਚ ਨਕਲੀ ਸ਼ਰਾਬ ਦੀਆਂ ਫੈਕਟਰੀਆਂ ਫੜੀਆਂ ਗਈਆਂ ਹਨ ਪਰ ਸਰਕਾਰ ਨੇ ਆਪਣੇ ਲੋਕਾਂ ਨੂੰ ਬਚਾਉਣ ਲਈ ਇਨ੍ਹਾਂ ਮਾਮਲਿਆਂ ਵਿੱਚ ਕੋਈ ਵੀ ਕਾਰਵਾਈ ਨਹੀਂ ਕੀਤੀ ਹੈ। 

 

ਸੰਧਵਾਂ ਨੇ ਕਿਹਾ ਕਿ ਨਕਲੀ ਸ਼ਰਾਬ ਪੀਣ ਨਾਲ ਮਾਝਾ ਖੇਤਰ ਵਿੱਚ ਕਰੀਬ  120 ਲੋਕਾਂ ਦੀ ਮੌਤ ਹੋ ਗਈ ਸੀ, ਪਰ ਅੱਜ ਵੀ ਉਸ ਮਾਮਲੇ ਵਿੱਚ ਕਿਸੇ ਕਥਿਤ ਦੋਸ਼ੀ ਦੀ ਨਾ ਤਾਂ ਗ੍ਰਿਫਤਾਰੀ ਹੋਈ ਹੈ ਅਤੇ ਨਾ ਹੀ ਇਨ੍ਹਾਂ ਨਸ਼ਾ ਤਸਕਰਾਂ ਨੂੰ ਸ਼ਹਿ ਦੇਣ ਵਾਲੇ ਕਿਸੇ ਵੀ ਸਿਆਸੀ ਆਗੂ ਖਲਿਾਫ ਕੋਈ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੇ ਆਪਣੇ ਜੱਦੀ ਜ਼ਿਲੇ ਪਟਿਆਲਾ ਵਿਚ ਵੀ ਰਾਜਪੁਰਾ ਅਤੇ ਘਨੌਰ ਖੇਤਰ ਵਿਚ ਨਕਲੀ ਸ਼ਰਾਬ ਦੀਆਂ ਫੈਕਟਰੀਆਂ ਫੜੀਆਂ ਗਈਆਂ ਹਨ। ਲੇਕਿਨ ਆਮ ਲੋਕਾਂ ਅਤੇ ਆਮ ਆਦਮੀ ਪਾਰਟੀ ਵੱਲੋਂ ਆਵਾਜ਼ ਚੁੱਕਣ ਦੇ ਬਾਵਜੂਦ ਵੀ ਸਰਕਾਰ ਇਨਾਂ ਕੇਸਾਂ ਵਿੱਚ ਕੋਈ ਵੀ ਕਾਰਵਾਈ ਨਹੀਂ ਕਰ ਰਹੀ ਹੈ।