ਮਾਨਸਾ: ਇੱਥੇ ਦੇ ਇੱਕ ਗ੍ਰੰਥੀ ਦੀ ਕੁਝ ਲੋਕਾਂ ਵੱਲੋਂ ਕੁੱਟਮਾਰ ਤੇ ਉਸ ਦੀ ਦਾੜੀ ਤੇ ਕੇਸਾਂ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸ ਦਈਏ ਘਟਨਾ ਮਾਨਸਾ ਦੇ ਰੇਲਵੇ ਸਟੇਸ਼ਨ ਦੀ ਹੈ ਜਿੱਥੇ ਇੱਕ ਗ੍ਰੰਥੀ ਦੀ ਮੰਦਰ ਕਮੇਟੀ ਦੇ ਚੇਅਰਮੈਨ ਨਾਲ ਬਹਿਸ ਹੋ ਗਈ। ਇਸ ਤੋਂ ਬਾਅਦ ਕੁਝ ਲੋਕਾਂ ਨੇ ਗ੍ਰੰਥੀ ਨਾਲ ਕੁੱਟਮਾਰ ਕਰ ਕੀਤੀ। ਇਸ ਤੋਂ ਬਾਅਦ ਗ੍ਰੰਥੀ ਨੂੰ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਰੇਲਵੇ ਪੁਲਿਸ ਨੇ ਮਾਮਲਾ ਦਰਜ ਕਰ ਕੁਝ ਲੋਕਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਹੈ।


ਮਿਲੀ ਜਾਣਕਾਰੀ ਮੁਤਾਬਕ ਕਰੀਬ ਅੱਠ ਲੋਕਾਂ ਵੱਲੋਂ ਗ੍ਰੰਥੀ ਨਾਲ ਕੁੱਟਮਾਰ ਕੀਤੀ ਗਈ। ਇਸ ਕਰਕੇ ਪੀੜਤ ਕਰਮ ਸਿੰਘ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ ਤੇ ਉਸ ਨੂੰ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਪੀੜਤ ਦਾ ਕਹਿਣਾ ਹੈ ਕਿ ਉਸ ਨਾਲ ਕੁੱਟਮਾਰ ਸਾਜਿਸ਼ ਤਹਿਤ ਕੀਤੀ ਗਈ ਹੈ। ਇਸ ਦੇ ਨਾਲ ਹੀ ਆਪਣੀ ਸ਼ਿਕਾਇਤ 'ਚ ਗ੍ਰੰਥੀ ਨੇ ਕਿਹਾ ਕਿ ਜੇਕਰ ਮੁਲਜ਼ਮਾਂ ਖਿਲਾਫ ਕਾਰਵਾਈ ਨਾ ਕੀਤੀ ਗਈ ਤਾਂ ਉਹ ਸਿੱਖ ਧਰਮ ਛੱਡ ਦੇਵੇਗਾ।


ਘਟਨਾ ਦੇ ਗਵਾਹ ਨੌਜਵਾਨ ਦਾ ਕਹਿਣਾ ਹੈ ਕਿ ਗ੍ਰੰਥੀ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ ਤੇ ਉਸ ਨਾਲ ਭੱਦੀ ਸ਼ਬਦਾਵਲੀ ਦੀ ਵਰਤੋਂ ਕੀਤੀ ਗਈ। ਇਸ ਦਾ ਵੀਡੀਓ ਵੀ ਉਨ੍ਹਾਂ ਨੇ ਬਣਾਇਆ ਹੈ।

ਉਧਰ, ਦੂਜੇ ਪਾਸੇ ਇਸ ਘਟਨਾ ਦੀ ਨਿੰਦਾ ਕਰਦੇ ਹੋਏ ਐਸਜੀਪੀਸੀ ਮੈਂਬਰ ਗੁਰਪ੍ਰੀਤ ਸਿੰਘ ਝੱਬਰ ਨੇ ਮੁਲਜ਼ਮਾਂ ਖਿਲਾਫ ਤੁਰੰਤ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਪੀੜਤ ਨੂੰ ਨਿਆਂ ਦਵਾਉਣ ਲਈ ਉਹ ਹਰ ਮੁਮਕਿਨ ਕੋਸ਼ਿਸ਼ ਕਰਨਗੇ।