ਚੰਡੀਗੜ੍ਹ: ਪੰਜਾਬ ਮਗਰੋਂ ਹਰਿਆਣਾ ਦੇ ਕਿਸਾਨਾਂ ਨੇ ਵੱਡਾ ਐਲਾਨ ਕੀਤਾ ਹੈ। ਹਰਿਆਣਾ ਦੇ ਕਿਸਾਨਾਂ ਨੇ ਟੌਲ ਪਲਾਜ਼ਿਆਂ ਨੂੰ ਪਰਚੀ ਮੁਕਤ ਕਰਵਾਉਣ ਮਗਰੋਂ ਕਿਹਾ ਹੈ ਕਿ ਅੰਬਾਨੀ ਤੇ ਅਡਾਨੀ ਕਾਰਪੋਰੇਟ ਘਰਾਣਿਆਂ ਦੀਆਂ ਕੰਪਨੀਆਂ ਦਾ ਬਾਈਕਾਟ ਕੀਤਾ ਜਾਵੇਗਾ। ਪੰਜਾਬ ਵਿੱਚ ਰਿਲਾਇੰਸ ਜੀਓ ਸਣੇ ਕਈ ਕਾਰਪੋਰੇਟ ਘਰਾਣਿਆਂ ਨੂੰ ਵੱਡਾ ਨੁਕਸਾਨ ਹੋ ਰਿਹਾ ਹੈ। ਹੁਣ ਹਰਿਆਣਾ ਵਿੱਚ ਵੀ ਵੱਡਾ ਝਟਕਾ ਲੱਗਣ ਜਾ ਰਿਹਾ ਹੈ।


ਭਾਰਤੀ ਕਿਸਾਨ ਯੂਨੀਅਨ ਦੇ ਆਗੂ ਗੁਰਨਾਮ ਸਿੰਘ ਚੜੂਨੀ ਨੇ ਰੋਹਤਕ, ਝੱਜਰ, ਭਿਵਾਨੀ ਤੇ ਪਾਣੀਪਤ ਟੌਲ ਪਲਾਜ਼ਿਆਂ ’ਤੇ ਜਾ ਕੇ ਕੇਂਦਰ ਸਰਕਾਰ ਦੇ ਰਵੱਈਏ ਬਾਰੇ ਲੋਕਾਂ ਨੂੰ ਦੱਸਿਆ। ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਲਿਆਂਦੇ ਖੇਤੀ ਕਾਨੂੰਨ ਕਾਰਪੋਰੇਟਾਂ ਦੇ ਹੱਕ ਵਿੱਚ ਹਨ ਜੋ ਕਿਸਾਨੀ ਨੂੰ ਤਬਾਹ ਕਰ ਦੇਣਗੇ। ਜਥੇਬੰਦੀਆਂ ਨੇ ਕਿਹਾ ਕਿ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਤੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਦੇ ਪ੍ਰੋਗਰਾਮਾਂ ਦਾ ਵੀ ਵਿਰੋਧ ਕੀਤਾ ਜਾਵੇਗਾ।






ਉਧਰ, ਕਿਸਾਨਾਂ ਨੇ ਸਰਕਾਰ ਉੱਪਰ ਵੱਡਾ ਇਲਜ਼ਾਮ ਲਾਇਆ ਹੈ। ਸੰਯੁਕਤ ਕਿਸਾਨ ਮੋਰਚੇ ਨੇ ਖੇਤੀ ਤੇ ਕਿਸਾਨ ਭਲਾਈ ਮੰਤਰਾਲੇ ਦੇ ਸੰਯੁਕਤ ਸਕੱਤਰ ਵਿਵੇਕ ਅਗਰਵਾਲ ਨੂੰ ਲਿਖੇ ਪੱਤਰ ’ਚ ਕਿਹਾ ਹੈ ਕਿ ਤੁਹਾਡੇ ਪੱਤਰ ’ਚ ਵੀ ਸਰਕਾਰ ਵਾਂਗ ਅਸਲ ਤੱਥਾਂ ਨੂੰ ਛੁਪਾ ਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ ਸੀ। ਅਸੀਂ ਲਗਾਤਾਰ ਤਿੰਨ ਕੇਂਦਰੀ ਖੇਤੀ ਕਾਨੂੰਨ ਰੱਦ ਕਰਾਉਣ ਦੀ ਮੰਗ ਕਰ ਰਹੇ ਹਾਂ ਜਦਕਿ ਸਰਕਾਰ ਨੇ ਸਾਡੀਆਂ ਮੰਗਾਂ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਹੈ ਜਿਸ ਤੋਂ ਸੁਨੇਹਾ ਜਾ ਰਿਹਾ ਹੈ ਕਿ ਅਸੀਂ ਇਨ੍ਹਾਂ ਕਾਨੂੰਨਾਂ ’ਚ ਸੋਧਾਂ ਦੀ ਮੰਗ ਕਰ ਰਹੇ ਹਾਂ।’






ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਇਮਾਨਦਾਰ ਹੈ ਤਾਂ ਉਹ ਪਿਛਲੀਆਂ ਬੈਠਕਾਂ ਬਾਰੇ ਕੂੜ ਪ੍ਰਚਾਰ ਨਾ ਕਰੇ। ਉਨ੍ਹਾਂ ਕਿਹਾ ਕਿ ਪੂਰੀ ਸਰਕਾਰੀ ਮਸ਼ੀਨਰੀ ਵੱਲੋਂ ਕਿਸਾਨ ਅੰਦੋਲਨ ਨੂੰ ਬਦਨਾਮ ਕਰਨ ਦੀ ਸ਼ੁਰੂ ਕੀਤੀ ਗਈ ਮੁਹਿੰਮ ਇਕਦਮ ਰੁਕਣੀ ਚਾਹੀਦੀ ਹੈ।