ਕਿਸਾਨਾਂ ਨਾਲ ਗੱਲਬਾਤ ਬਾਰੇ ਖੇਤੀ ਮੰਤਰੀ ਤੋਮਰ ਦਾ ਦੋ-ਟੁੱਕ ਜਵਾਬ
ਕੇਂਦਰ ਸਰਕਾਰ ਅਜੇ ਕਿਸਾਨ ਲੀਡਰਾਂ ਨਾਲ ਗੱਲਬਾਤ ਕਰਨ ਲਈ ਤਿਆਰ ਨਹੀਂ। ਇਹ ਸੰਕੇਤ ਅੱਜ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੇ ਦਿੱਤੇ। ਕਿਸਾਨਾਂ ਨਾਲ ਗੱਲਬਾਤ ਬਾਰੇ ਪੱਤਰਕਾਰਾਂ ਵੱਲੋਂ ਪੁੱਛੇ ਸਵਾਲ ਨੂੰ ਉਹ ਟਾਲ ਗਏ। ਉਹ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਕਿਸਾਨ ਸੰਮਾਨ ਨਿਧੀ ਯੋਜਨਾ ਦੀ ਦੂਜੇ ਵਰ੍ਹੇਗੰਢ ਦੇ ਪ੍ਰੋਗਰਾਮ ਵਿੱਚ ਸ਼ਿਰਕਤ ਕਰਨ ਪਹੁੰਚੇ ਸੀ।
ਨਵੀਂ ਦਿੱਲੀ: ਕੇਂਦਰ ਸਰਕਾਰ ਅਜੇ ਕਿਸਾਨ ਲੀਡਰਾਂ ਨਾਲ ਗੱਲਬਾਤ ਕਰਨ ਲਈ ਤਿਆਰ ਨਹੀਂ। ਇਹ ਸੰਕੇਤ ਅੱਜ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੇ ਦਿੱਤੇ। ਕਿਸਾਨਾਂ ਨਾਲ ਗੱਲਬਾਤ ਬਾਰੇ ਪੱਤਰਕਾਰਾਂ ਵੱਲੋਂ ਪੁੱਛੇ ਸਵਾਲ ਨੂੰ ਉਹ ਟਾਲ ਗਏ। ਉਹ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਕਿਸਾਨ ਸੰਮਾਨ ਨਿਧੀ ਯੋਜਨਾ ਦੀ ਦੂਜੇ ਵਰ੍ਹੇਗੰਢ ਦੇ ਪ੍ਰੋਗਰਾਮ ਵਿੱਚ ਸ਼ਿਰਕਤ ਕਰਨ ਪਹੁੰਚੇ ਸੀ।
ਇਥੇ ਜਦੋਂ ਉਨ੍ਹਾਂ ਨੂੰ ਕਿਸਾਨਾਂ ਨਾਲ ਗੱਲਬਾਤ ਕਰਨ ਬਾਰੇ ਸਵਾਲ ਪੁੱਛੇ ਗਏ ਤਾਂ ਉਹ ਇਨ੍ਹਾਂ ਸਵਾਲਾਂ ਨੂੰ ਟਾਲਦੇ ਨਜ਼ਰ ਆਏ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਕਿਸਾਨਾਂ ਨਾਲ ਪੂਰੀ ਸੰਵੇਦਨਾ ਨਾਲ ਵਿਚਾਰ ਚਰਚਾ ਕਰਦੀ ਰਹੀ ਹੈ। ਅੱਜ ਵੀ ਜਦੋਂ ਉਨ੍ਹਾਂ ਦੀ ਕੋਈ ਰਾਏ ਆਉਂਦੀ ਹੈ ਤਾਂ ਭਾਰਤ ਸਰਕਾਰ ਕਿਸਾਨਾਂ ਨਾਲ ਵਿਚਾਰ ਚਰਚਾ ਲਈ ਹਮੇਸ਼ਾਂ ਤਿਆਰ ਹੈ।
ਇਸ ਮੌਕੇ ਜਦੋਂ ਖੇਤੀਬਾੜੀ ਮੰਤਰੀ ਨੂੰ ਪੁੱਛਿਆ ਗਿਆ, 'ਕੀ ਸਰਕਾਰ ਵੱਲੋਂ ਕਿਸਾਨ ਲੀਡਰਾਂ ਨੂੰ ਪਹਿਲਾਂ ਵਾਂਗ ਸੱਦਾ ਨਹੀਂ ਭੇਜਿਆ ਜਾਵੇਗਾ?' ਤਾਂ ਉਹ ਕਾਹਲੀ ਨਾਲ ਇਸ ਸਵਾਲ ਨੂੰ ਟਾਲ ਗਏ। ਉਨ੍ਹਾਂ ਕਿਹਾ, 'ਜੋ ਕੁਝ ਵੀ ਮੈਂ ਕਹਿਣਾ ਹੈ, ਮੈਂ ਉਹੀ ਕਹਾਂਗਾ।'
ਇਸ ਮੌਕੇ ਤੋਮਰ ਨੇ ਕਿਹਾ ਕਿ ਭਾਰਤ ਸਰਕਾਰ ਕਿਸਾਨਾਂ ਤੇ ਖੇਤੀ ਦੋਵਾਂ ਦੇ ਹਿੱਤਾਂ ਲਈ ਵਚਨਬੱਧ ਹੈ। ਪਿਛਲੇ 6 ਸਾਲਾਂ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਬਹੁਤ ਸਾਰੀਆਂ ਯੋਜਨਾਵਾਂ ਬਣਾਈਆਂ ਗਈਆਂ ਹਨ। ਉਨ੍ਹਾਂ ਦੇ ਲਾਭ ਖੇਤੀ ਸੈਕਟਰ ਨੂੰ ਮਿਲਣੇ ਸ਼ੁਰੂ ਹੋ ਗਏ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਕਿਸਾਨਾਂ ਦੀ ਸਥਿਤੀ ਵਿੱਚ ਸੁਧਾਰ ਹੋਵੇਗਾ ਤੇ ਖੇਤੀਬਾੜੀ ਸਾਡੀ ਜੀਡੀਪੀ ਵਿੱਚ ਯੋਗਦਾਨ ਪਾਵੇਗੀ।