Stubble Burning: ਮਾਨਸਾ ਦੇ ਕਿਸਾਨਾਂ ਨੂੰ ਪਰਾਲੀ ਸਾੜਨੀ ਪਈ ਮਹਿੰਗੀ ! 129 ਕਿਸਾਨਾਂ ਦੇ ਚਲਾਣ ਕੱਟ ਕੇ ਕੀਤਾ ਜੁਰਮਾਨਾ
ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲਿਆਂ ਸਬੰਧੀ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ, ਜਿਸ ਤਹਿਤ ਹੁਣ ਤੱਕ ਪਰਾਲੀ ਸਾੜਨ ਵਾਲੇ 129 ਕਿਸਾਨਾਂ ਦੇ ਚਲਾਨ ਕੱਟ ਕੇ 3 ਲੱਖ 22 ਹਜ਼ਾਰ 500 ਰੁਪਏ ਦਾ ਜ਼ੁਰਮਾਨਾ ਕੀਤਾ ਗਿਆ ਹੈ।
Punjab News: ਅਧਿਕਾਰੀ ਪਿੰਡਾਂ ਵਿੱਚ ਜਾ ਕੇ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਕਿਸਾਨਾਂ ਨੂੰ ਲਗਾਤਾਰ ਪ੍ਰੇਰਿਤ ਕਰਨ ਅਤੇ ਉਨ੍ਹਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਮਸ਼ੀਨਰੀ ਦੀ ਤਕਨੀਕ ਅਤੇ ਵਰਤੋਂ ਬਾਰੇ ਜਾਗਰੂਕ ਕਰਨਾ ਯਕੀਨੀ ਬਣਾਉਣ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ, ਕਲੱਸਟਰ ਇੰਚਾਰਜਾਂ ਅਤੇ ਹੋਰ ਸਬੰਧਤ ਫੀਲਡ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਦੌਰਾਨ ਕੀਤਾ।
ਉਨ੍ਹਾਂ ਦੱਸਿਆ ਕਿ ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲਿਆਂ ਸਬੰਧੀ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ, ਜਿਸ ਤਹਿਤ ਹੁਣ ਤੱਕ ਪਰਾਲੀ ਸਾੜਨ ਵਾਲੇ 129 ਕਿਸਾਨਾਂ ਦੇ ਚਲਾਨ ਕੱਟ ਕੇ 3 ਲੱਖ 22 ਹਜ਼ਾਰ 500 ਰੁਪਏ ਦਾ ਜ਼ੁਰਮਾਨਾ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਕਾਫ਼ੀ ਥਾਵਾਂ ’ਤੇ ਦੇਖਣ ਵਿੱਚ ਆਇਆ ਹੈ ਕਿ ਕਿਸਾਨਾਂ ਵੱਲੋਂ ਪਰਾਲੀ ਨੂੰ ਅੱਗ ਨਹੀਂ ਲਗਾਈ ਗਈ ਪਰ ਉਹ ਫੂਸ ਦੀ ਢੇਰੀ ਬਣਾ ਕੇ ਉਸਨੂੰ ਅੱਗ ਲਗਾ ਦਿੰਦੇ ਹਨ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਸ ਸਬੰਧੀ ਵੀ ਕਿਸਾਨਾਂ ਵਿੱਚ ਜਾਗਰੂਕਤਾ ਪੈਦਾ ਕਰਨ।
ਉਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਅਤੇ ਇਸ ਦੇ ਨਿਪਟਾਰੇ ਦੇ ਮੱਦੇਨਜ਼ਰ ਅਧਿਕਾਰੀ ਰੋਜ਼ਾਨਾ ਪਿੰਡਾਂ ਵਿਚ ਜਾ ਕੇ ਕਿਸਾਨਾਂ ਨਾਲ ਰਾਬਤਾ ਕਾਇਮ ਕਰਨ। ਉਨ੍ਹਾਂ ਕਿਹਾ ਕਿ ਜੋ ਵੀ ਅਧਿਕਾਰੀ ਜਾਂ ਕਰਮਚਾਰੀ ਜਿਸ ਵੀ ਪਿੰਡ ਵਿੱਚ ਜਾਂਦੇ ਹਨ, ਉਸ ਦੀ ਰਿਪੋਰਟ ਰੋਜ਼ਾਨਾ ਸਬੰਧਤ ਵਿਭਾਗ ਨੂੰ ਭੇਜਣੀ ਯਕੀਨੀ ਬਣਾਉਣ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜਿੱਥੇ ਵਾਤਾਵਰਣ ਕਾਫ਼ੀ ਦੂਸ਼ਿਤ ਹੁੰਦਾ ਹੈ, ਉਥੇ ਹੀ ਮਨੁੱਖੀ ਸਰੀਰ ਦੇ ਨਾਲ-ਨਾਲ ਪਸ਼ੂ-ਪੰਛੀਆਂ ਲਈ ਵੀ ਇਹ ਕਾਫ਼ੀ ਹਾਨੀਕਾਰਕ ਹੁੰਦਾ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਪਰਾਲੀ ਪ੍ਰਬੰਧਨ ਅਤੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਡਿਊਟੀ ਲਗਾਈ ਗਈ ਹੈ, ਉਹ ਪਹਿਲ ਦੇ ਅਧਾਰ ’ਤੇ ਪੂਰੀ ਸੰਜੀਦਗੀ ਅਤੇ ਤਨਦੇਹੀ ਨਾਲ ਆਪਣੀ ਡਿਊਟੀ ਨੂੰ ਨਿਭਾਉਣ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ੀਰੋ ਬਰਨਿੰਗ ਨੂੰ ਯਕੀਨੀ ਬਣਾਉਣ ਲਈ ਕੀਤੇ ਜਾ ਰਹੇ ਕਾਰਜਾਂ ਬਾਰੇ ਵੱਖ-ਵੱਖ ਕਲੱਸਟਰ ਇੰਚਾਰਜਾਂ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਤੋਂ ਜਾਣਕਾਰੀ ਪ੍ਰਾਪਤ ਕੀਤੀ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਸਾੜ ਕੇ ਸਰਕਾਰ ਦੀਆਂ ਹਦਾਇਤਾਂ ਦੀ ਉਲੰਘਣਾਂ ਕਰਨ ਵਾਲਿਆਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇ ਅਤੇ ਉਨ੍ਹਾਂ ਦੇ ਚਲਾਣ ਕੱਟਣ ਤੋਂ ਇਲਾਵਾ ਜ਼ਮੀਨ ਵਿਚ ਰੈੱਡ ਐਂਟਰੀ ਦਰਜ ਕੀਤੀ ਜਾਵੇ।
ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਜਾ ਕੇ ਪਰਾਲੀ ਪ੍ਰਬੰਧਨ ਲਈ ਖੇਤੀਬਾੜੀ ਵਿਭਾਗ ਵੱਲੋਂ ਸਬਸਿਡੀ ’ਤੇ ਮੁਹੱਈਆ ਕਰਵਾਈ ਜਾਣ ਵਾਲੀ ਖੇਤੀ ਮਸ਼ੀਨਰੀ ਦੀ ਵਰਤੋਂ ਬਾਰੇ ਪ੍ਰੇਰਿਤ ਕੀਤਾ ਜਾਵੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਰਵਿੰਦਰ ਸਿੰਘ, ਐਸ.ਡੀ.ਐਮ. ਸਰਦੂਲਗੜ੍ਹ ਅਮਰਿੰਦਰ ਸਿੰਘ ਮੱਲ੍ਹੀ ਅਤੇ ਮੁੱਖ ਖੇਤੀਬਾੜੀ ਅਫ਼ਸਰ ਡਾ. ਦਿਲਬਾਗ ਸਿੰਘ ਮੌਜੂਦ ਸਨ।