ਫ਼ਰੀਦਕੋਟ: ਮੀਂਹ ਕਰਕੇ ਖ਼ਰਾਬ ਹੋਈਆਂ ਫ਼ਸਲਾਂ ਦਾ ਦੁੱਖ ਨਾ ਸਹਾਰਦਿਆਂ ਦੋ ਕਿਸਾਨਾਂ ਨੇ ਖ਼ੁਦਕੁਸ਼ੀ ਕਰ ਲਈ ਹੈ। ਮ੍ਰਿਤਕਾਂ ਦੀ ਪਛਾਣ ਪਿੰਡ ਸੁੱਖਣਵਾਲਾ ਗੁਰਪ੍ਰੀਤ ਸਿੰਘ ਅਤੇ ਸ਼ੇਰ ਸਿੰਘ ਵਾਲਾ ਜਸਵੀਰ ਸਿੰਘ ਵਜੋਂ ਹੋਈ ਹੈ। ਦੋਵੇਂ ਬੇਹੱਦ ਘੱਟ ਜ਼ਮੀਨ ਦੇ ਮਾਲਕ ਸਨ ਅਤੇ ਦੋਵਾਂ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਆਪਣੀ ਜਾਨ ਦੇ ਦਿੱਤੀ।


ਪ੍ਰਾਪਤ ਜਾਣਕਾਰੀ ਮੁਤਾਬਕ ਗੁਰਪ੍ਰੀਤ ਸਿੰਘ ਤੇ ਜਸਵੀਰ ਸਿੰਘ ਕੋਲ ਸਿਰਫ ਇੱਕ-ਇੱਕ ਏਕੜ ਜ਼ਮੀਨ ਸੀ ਅਤੇ ਦੋਵੇਂ ਕੁਝ ਹੋਰ ਜ਼ਮੀਨ ਠੇਕੇ ’ਤੇ ਲੈ ਕੇ ਖੇਤੀ ਕਰ ਆਪਣਾ ਪਰਿਵਾਰ ਪਾਲਦੇ ਸਨ। ਪਿਛਲੇ ਹਫ਼ਤੇ ਪਏ ਮੋਹਲੇਧਾਰ ਮੀਂਹ ਕਾਰਨ ਉਨ੍ਹਾਂ ਦੇ ਖੇਤਾਂ ਵਿੱਚ ਪਾਣੀ ਭਰ ਗਿਆ ਸੀ। ਮ੍ਰਿਤਕ ਕਿਸਾਨ ਦੇ ਵਾਰਸਾਂ ਮੁਤਾਬਕ ਗੁਰਪ੍ਰੀਤ ਸਿੰਘ ਨੇ ਖੇਤਾਂ ’ਚੋਂ ਪਾਣੀ ਕੱਢਣ ਲਈ ਪ੍ਰਸ਼ਾਸਨ ਤੱਕ ਪਹੁੰਚ ਵੀ ਕੀਤੀ ਸੀ ਪਰ ਕੋਈ ਮਦਦ ਨਹੀਂ ਮਿਲੀ।

ਪਿੰਡ ਸੁੱਖਣਵਾਲਾ ਦੇ ਵਸਨੀਕਾਂ ਨੇ ਦੱਸਿਆ ਕਿ ਜਸਵੀਰ ਸਿੰਘ ਉਪਰ 8 ਲੱਖ ਦਾ ਕਰਜ਼ਾ ਸੀ। ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਪ੍ਰਸ਼ਾਸਨ ਨੇ ਕਿਸਾਨਾਂ ਦੀ ਸਮੱਸਿਆ ਹੱਲ ਕਰਨ ਪ੍ਰਤੀ ਕੋਈ ਗੰਭੀਰਤਾ ਨਹੀਂ ਦਿਖਾਈ। ਕਿਸਾਨ ਆਗੂ ਨੇ ਦੇਸ਼ ਲਾਇਆ ਕਿ ਜੇਕਰ ਸਮਾਂ ਰਹਿੰਦੇ ਕਿਸਾਨਾਂ ਦੀ ਮਦਦ ਕੀਤੀ ਜਾਂਦੀ ਤਾਂ ਉਹ ਅਜਿਹਾ ਕਦਮ ਨਾ ਚੁੱਕਦੇ।