ਚੰਡੀਗੜ੍ਹ: ਭਾਰਤੀ ਕਿਸਾਨ ਯੂਨੀਅਨ ਨੇ ਅੰਕੜਾ ਜਾਰੀ ਕਰਕੇ ਦਾਅਵਾ ਕੀਤਾ ਹੈ ਕਿ ਕੈਪਟਨ ਸਰਕਾਰ ਦੇ ਮੌਜੂਦਾ ਕਾਰਜਕਾਲ ਦੌਰਾਨ ਸਾਢੇ 700 ਤੋਂ ਵੱਧ ਕਿਸਾਨਾਂ ਤੇ ਮਜ਼ਦੂਰਾਂ ਵੱਲੋਂ ਖੁਦਕੁਸ਼ੀਆਂ ਕੀਤੀਆਂ ਹਨ। ਇਕੱਲੇ ਅਗਸਤ ਮਹੀਨੇ ਦੀ ਗਿਣਤੀ 48 ਹੈ। ਇਸ ਅੰਕੜੇ ਨੇ ਕੈਪਟਨ ਸਰਕਾਰ ਦੇ ਕਰਜ਼ ਮਾਫੀ ਦੇ ਦਾਅਵਿਆਂ ਦੀ ਪੋਲ ਖੋਲ੍ਹ ਦਿੱਤੀ ਹੈ। ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕੈਪਟਨ ਸਰਕਾਰ ਤੋਂ ਕਿਸਾਨ ਸੰਗਠਨ ਵੱਲੋਂ ਜਾਰੀ ਅੰਕੜਿਆਂ ਸਬੰਧੀ ਸਪਸ਼ਟੀਕਰਨ ਮੰਗਿਆ ਹੈ।
'ਆਪ' ਮੁੱਖ ਦਫ਼ਤਰ ਵੱਲੋਂ ਜਾਰੀ ਪ੍ਰੈੱਸ ਬਿਆਨ ਰਾਹੀਂ ਪਾਰਟੀ ਦੇ ਸੂਬਾ ਸਹਿ ਪ੍ਰਧਾਨ ਡਾ. ਬਲਬੀਰ ਸਿੰਘ, ਜ਼ੋਨ ਪ੍ਰਧਾਨ ਕੁਲਦੀਪ ਸਿੰਘ ਧਾਲੀਵਾਲ, ਦਲਬੀਰ ਸਿੰਘ ਢਿੱਲੋਂ, ਡਾ. ਰਵਜੋਤ ਸਿੰਘ ਤੇ ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਕਿਸਾਨਾਂ ਤੇ ਮਜ਼ਦੂਰਾਂ ਵੱਲੋਂ ਜਾਰੀ ਖੁਦਕੁਸ਼ੀਆਂ ਲਈ ਕੇਂਦਰ ਦੀ ਨਰਿੰਦਰ ਮੋਦੀ ਤੇ ਸੂਬੇ ਦੀ ਪਹਿਲਾਂ ਬਾਦਲ ਤੇ ਹੁਣ ਕੈਪਟਨ ਸਰਕਾਰ ਦੀਆਂ ਮਾਰੂ ਖੇਤੀ ਨੀਤੀਆਂ ਤੇ ਬੇਰੁਖ਼ੀ ਵਾਲੀ ਪਹੁੰਚ ਜ਼ਿੰਮੇਵਾਰ ਹੈ।
ਡਾ. ਬਲਬੀਰ ਸਿੰਘ ਨੇ ਕਿਹਾ ਕਿ ਹੋਰ ਤੇਜ਼ ਹੋਏ ਖੁਦਕੁਸ਼ੀਆਂ ਦੇ ਮਾੜੇ ਰੁਝਾਨ ਨੇ ਕੈਪਟਨ ਸਰਕਾਰ ਵੱਲੋਂ ਲੱਖਾਂ ਰੁਪਏ ਖ਼ਰਚ ਕਰ ਕੇ ਕੀਤੇ ਜਾ ਰਹੇ ਅਖੌਤੀ ਕਰਜ਼ਾ ਮੁਆਫ਼ੀ ਸਮਾਗਮਾਂ ਦੀ ਫ਼ੂਕ ਕੱਢ ਦਿੱਤੀ ਹੈ। 'ਆਪ' ਆਗੂਆਂ ਨੇ ਕਿਹਾ ਕਿ ਚੋਣਾਂ ਮੌਕੇ ਕਿਸਾਨਾਂ-ਮਜ਼ਦੂਰਾਂ ਦੇ ਸਮੁੱਚੇ ਕਰਜ਼ੇ ਮੁਆਫ਼ ਕਰਨ ਵਾਲੇ ਲਿਖਤੀ ਵਾਅਦੇ ਕਰਨ ਵਾਲੇ ਕੈਪਟਨ ਨੇ ਕਿਸਾਨਾਂ-ਮਜ਼ਦੂਰਾਂ ਦੀ ਪਿੱਠ 'ਚ ਛੁਰਾ ਮਾਰਿਆ ਹੈ। ਕੈਪਟਨ ਮੁੱਖ ਮੰਤਰੀ ਬਣ ਕੇ ਕਿਸਾਨਾਂ ਸਮੇਤ ਸਾਰੇ ਵਰਗਾਂ ਨਾਲ ਕੀਤੇ ਵਾਅਦੇ ਤੋਂ ਮੁੱਕਰ ਗਏ ਹਨ।