ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਦਰਿਆਈ ਪਾਣੀ ਦੀ ਮਾਰ ਹੇਠ ਆਈਆਂ ਥਾਵਾਂ ਦਾ ਦੌਰਾ ਕਰਨ ਤੋਂ ਬਾਅਦ ਆਮ ਆਦਮੀ ਪਾਰਟੀ ਪੰਜਾਬ ਨੇ ਕੈਪਟਨ ਸਰਕਾਰ ਨੂੰ ਕਿਸਾਨਾਂ ਦੇ ਨੁਕਸਾਨ ਦੀ ਪੂਰੀ ਭਰਪਾਈ ਕਰਨ ਦੀ ਮੰਗ ਕੀਤੀ। ਇਸ ਦੇ ਨਾਲ ਹੀ 'ਆਪ' ਨੇ ਮੋਦੀ ਸਰਕਾਰ ਨੂੰ ਪੰਜਾਬ ਦੀ ਦਿਲ ਖੋਲ੍ਹ ਕੇ ਮਦਦ ਕਰਨ ਦੀ ਅਪੀਲ ਵੀ ਕੀਤੀ।


ਭਗਵੰਤ ਮਾਨ ਨੇ ਕਿਸਾਨਾਂ ਲਈ ਫ਼ਸਲੀ ਬੀਮਾ ਤੇ ਕੁਦਰਤੀ ਆਫ਼ਤਾਂ ਕਾਰਨ ਮੁਆਵਜ਼ੇ ਦੀ ਠੋਸ ਯੋਜਨਾ ਨਾ ਲਾਗੂ ਕਰਨ 'ਤੇ ਕੇਂਦਰ ਦੀ ਮੋਦੀ ਤੇ ਸੂਬੇ ਦੀ ਕੈਪਟਨ ਸਰਕਾਰ ਦੀ ਨਿਖੇਧੀ ਕੀਤੀ ਅਤੇ ਦੋਵਾਂ ਨੂੰ ਦਿੱਲੀ ਦੀ ਕੇਜਰੀਵਾਲ ਸਰਕਾਰ ਤੋਂ ਸੇਧ ਲੈਣ ਦੀ ਨਸੀਹਤ ਦਿੱਤੀ। ਇਸ ਦੇ ਨਾਲ ਹੀ ਪ੍ਰੋ. ਸਾਧੂ ਸਿੰਘ ਨੇ ਕਿਸਾਨਾਂ ਲਈ ਮੁਆਵਜ਼ੇ ਦੇ ਨਾਲ-ਨਾਲ ਖੇਤ ਮਜ਼ਦੂਰਾਂ ਨੂੰ ਵੀ ਵਿੱਤੀ ਰਾਹਤ ਦੇਣ ਵਾਲੀ ਠੋਸ ਨੀਤੀ ਬਣਾਉਣ ਦੀ ਮੰਗ ਕੀਤੀ।

ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਵੱਲੋਂ ਪਾਣੀ ਨਾਲ ਪ੍ਰਭਾਵਿਤ ਖੇਤਰਾਂ ਦੇ ਹਵਾਈ ਦੌਰੇ ਦੀ ਆਲੋਚਨਾ ਕਰਦੇ ਹੋਏ ਕਿਹਾ ਕਿ ਹੈਲੀਕਾਪਟਰ ਤੋਂ ਕਿਸਾਨਾਂ-ਮਜ਼ਦੂਰਾਂ ਦੀਆਂ ਹਕੀਕੀ ਦਿੱਕਤਾਂ ਨਾ ਨਜ਼ਰ ਆਉਂਦੀਆਂ ਹਨ ਅਤੇ ਨਾ ਹੀ ਸਮਝ ਪੈਂਦੀਆਂ ਹਨ। ਸਾਬਕਾ ਵਿਰੋਧੀ ਧਿਰ ਦੇ ਲੀਡਰ ਸੁਖਪਾਲ ਸਿੰਘ ਖਹਿਰਾ ਨੇ ਆਪਣੇ ਹਲਕੇ ਭੁਲੱਥ ਵਿੱਚ ਫ਼ਸਲਾਂ ਦੇ ਨੁਕਸਾਨ ਲਈ ਕਿਸਾਨਾਂ ਨੂੰ 20,000 ਰੁਪਏ ਫ਼ੀ ਏਕੜ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ। ਖਹਿਰਾ ਨੇ ਇਹ ਵੀ ਮੰਗ ਕੀਤੀ ਕਿ ਉਨ੍ਹਾਂ ਗਰੀਬ ਲੋਕਾਂ ਨੂੰ ਵੀ ਢੁਕਵਾਂ ਮੁਆਵਜ਼ਾ ਜਾਰੀ ਕੀਤਾ ਜਾਵੇ ਜਿਨ੍ਹਾਂ ਦੇ ਘਰਾਂ ਨੂੰ ਪਾਣੀ ਨੇ ਨੁਕਸਾਨ ਪਹੁੰਚਾਇਆ ਹੈ।